ਪਾਕਿਸਤਾਨ ਜਥਾ ਭੇਜਣ ’ਤੇ ਪਾਬੰਦੀ ਲਾਉਣ ਕਾਰਨ ਭਖੀ ਸਿਆਸਤ
ਸਿੱਖ ਸੰਪਰਦਾਵਾਂ ਤੇ ਸਿਆਸੀ ਪਾਰਟੀਆਂ ਨੇ ਭਾਜਪਾ ਤੇ ਕੇਂਦਰ ਨੂੰ ਲਿਆ ਨਿਸ਼ਾਨੇ ’ਤੇ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 16 ਸਤੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ (ਨਵੰਬਰ) ਪਾਕਿਸਤਾਨ ਸਥਿਤ ਸ਼੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਲਈ ਜਥੇ ਭੇਜਣ ’ਤੇ ਰੋਕ ਲਗਾਉਣ ਨੂੰ ਲੈ ਕੇ ਸੂਬੇ ਅੰਦਰ ਸਿਆਸਤ ਖਾਸ ਕਰ ਕੇ ਸਿੱਖ ਸਿਆਸਤ ਭਖ ਗਈ ਹੈ। ਕੇਂਦਰ ਸਰਕਾਰ ਖਾਸ ਕਰ ਕੇ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਸਿਆਸੀ ਪਾਰਟੀਆਂ ਅਤੇ ਸਿੱਖ ਜਥੇਬੰਦੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ, ਸ੍ਰੋਮਣੀ ਅਕਾਲੀ ਦਲ ਸਮੇਤ ਹੋਰ ਸਿੱਖ ਸੰਪਰਦਾਵਾਂ ਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨਾ ਭੇਜਣ ਬਾਰੇ ਫੈਸਲੇ ’ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਇੱਥੇ ਦੱਸਿਆ ਜਾਂਦਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੱਖਾਂ ਦੀ ਬਹੁਗਿਣਤੀ ਵਾਲੇ ਸੂਬਿਆਂ ਦੇ ਮੁੱਖ ਸਕੱਤਰਾਂ, ਜਿੱਥੋ ਹਰ ਸਾਲ ਸਿੱਖ ਸੰਗਤ ਜਥੇ ਸ਼੍ਰੀ ਨਨਕਾਣਾ ਸਾਹਿਬ ਵਿਖੇ ਗੁਰਪੁਰਬ ਮਨਾਉਣ ਜਾਂਦੀ ਹੈ, ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਜਥਿਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਦੇਣ ਦੀ ਗੱਲ ਕਹੀ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਸਿੱਖ ਭਾਈਚਾਰੇ ਵਿਚ ਰੋਸ ਦੀ ਲਹਿਰ ਪੈਦਾ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਮੇਤ ਕਈ ਸੰਗਠਨਾਂ ਨੇ ਕੇਂਦਰ ਸਰਕਾਰ ਦੇ ਫੈਸਲੇ ਦੀ ਆਲੋਚਨਾ ਕਰਦੇ ਫੈਸਲੇ ’ਤੇ ਪੁਨਰ ਵਿਚਾਰ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੋ੍ਮਣੀ ਕਮੇਟੀ ਨੂੰ ਵੀ ਭੇਜੇ ਪੱਤਰ ਵਿਚ ਕਿਹਾ ਕਿ ਇਹ ਕਦਮ ਸਰਹੱਦ ਪਾਰ ਦੀ ਸਥਿਤੀ ਅਤੇ ਖੇਤਰੀ ਤਣਾਅ ਕਾਰਨ ਚੁੱਕਿਆ ਗਿਆ ਹੈ। ਹਾਲਾਂਕਿ ਮੰਤਰਾਲੇ ਨੇ ਇਹ ਵੀ ਭਰੋਸਾ ਦਿੱਤਾ ਕਿ ਉਹ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ ਅਤੇ ਭਵਿੱਖ ਵਿਚ ਸਥਿਤੀ ਆਮ ਹੋਣ ’ਤੇ ਯਾਤਰਾ ਦੀ ਇਜਾਜ਼ਤ ’ਤੇ ਵਿਚਾਰ ਕੀਤਾ ਜਾਵੇਗਾ। ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਦੇ ਇਸ ਫੈਸਲੇ ਨੂੰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ’ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚਾਂ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਪਰ ਸਾਨੂੰ ਆਪਣੇ ਧਾਰਮਿਕ ਸਥਾਨਾਂ ’ਤੇ ਜਾਣ ਅਤੇ ਮੱਥਾ ਟੇਕਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ, ‘ਪ੍ਰਕਾਸ਼ ਪੁਰਬ ਸਿੱਖਾਂ ਲਈ ਸਭ ਤੋਂ ਪਵਿੱਤਰ ਮੌਕਿਆਂ ਵਿੱਚੋਂ ਇੱਕ ਹੈ। ਸ਼੍ਰੀ ਨਨਕਾਣਾ ਸਾਹਿਬ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਹੈ ਅਤੇ ਉੱਥੇ ਜਾਣਾ ਹਰ ਸਿੱਖ ਦਾ ਸੁਪਨਾ ਹੈ। ਕੇਂਦਰ ਦਾ ਇਹ ਫੈਸਲਾ ਨਿਰਾਸ਼ਾਜਨਕ ਹੈ। ਧਾਮੀ ਨੇ ਮੰਗ ਕੀਤੀ ਕਿ ਸਰਕਾਰ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਅਤੇ ਯਾਤਰਾ ਦੀ ਆਗਿਆ ਦੇਣ ਲਈ ਤੁਰੰਤ ਕਦਮ ਚੁੱਕੇ। ਉਨ੍ਹਾਂ ਯਾਦ ਦਿਵਾਇਆ ਕਿ ਸਮਝੌਤੇ (1950) ਤਹਿਤ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਪ੍ਰਮੁੱਖ ਧਾਰਮਿਕ ਸਥਾਨਾਂ – ਵਿਸਾਖੀ, ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦਰਸ਼ਨ ਕਰਨ ਦੀ ਆਗਿਆ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਨੇ ਵੀ ਕੇਂਦਰ ਸਰਕਾਰ ਦੇ ਇਸ ਕਦਮ ਦੀ ਸਖ਼ਤ ਨਿੰਦਾ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ, ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਕਾਂਗਰਸੀ ਨੇਤਾ ਪਰਗਟ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਖੇਡਾਂ ਲਈ ਸਰਹੱਦ ਪਾਰ ਤੋਂ ਆਉਣ-ਜਾਣ ਦੀ ਆਗਿਆ ਦਿੱਤੀ ਜਾ ਸਕਦੀ ਹੈ, ਤਾਂ ਧਾਰਮਿਕ ਯਾਤਰਾ ’ਤੇ ਪਾਬੰਦੀ ਕਿਉਂ? ਇਹ ਸਿੱਖ ਭਾਈਚਾਰੇ ਨਾਲ ਵਿਤਕਰਾ ਹੈ। ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਨਵੰਬਰ 2025 ਵਿਚ ਹੋਣ ਵਾਲੇ ਪ੍ਰਕਾਸ਼ ਪੁਰਬ ਲਈ ਘੱਟੋ-ਘੱਟ ਸੀਮਤ ਗਿਣਤੀ ਵਿਚ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਜਾਣ ਦੀ ਆਗਿਆ ਦਿੱਤੀ ਜਾਵੇ। ਪਾਰਟੀ ਨੇ ਇਹ ਵੀ ਸਵਾਲ ਕੀਤਾ ਕਿ ਕਰਤਾਰਪੁਰ ਲਾਂਘੇ ਵਰਗੇ ਸਮਝੌਤੇ ਹੋਣ ’ਤੇ ਸਰਕਾਰ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਯਾਤਰਾ ਨੂੰ ਵਾਰ-ਵਾਰ ਕਿਉਂ ਰੋਕ ਰਹੀ ਹੈ। ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਦੀ ਨੀਅਤ ਅਤੇ ਨੀਤੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਪ੍ਰਤੀ ਡੂੰਘੀ ਸ਼ਰਧਾ ਰੱਖਦੀਆਂ ਹਨ। ਜਥਿਆਂ ਨੂੰ ਉੱਥੇ ਮੱਥਾ ਟੇਕਣ ਦੀ ਇਜਾਜ਼ਤ ਨਾ ਦੇਣਾ, ਜਦੋਂ ਕਿ ਪਾਕਿਸਤਾਨ ਨਾਲ ਕ੍ਰਿਕਟ ਦੀ ਇਜਾਜ਼ਤ ਦੇਣਾ, ਤਰਜੀਹਾਂ ਵਿਚ ਇੱਕ ਦਰਦਨਾਕ ਅਸੰਗਤਤਾ ਨੂੰ ਦਰਸਾਉਂਦਾ ਹੈ। ਨਾਨਕ ਨਾਮ ਲੇਵਾ ਸੰਗਤ ਲਈ, ਇਹ ਰਾਜਨੀਤੀ ਦਾ ਮਾਮਲਾ ਨਹੀਂ ਹੈ, ਸਗੋਂ ਵਿਸ਼ਵਾਸ ਅਤੇ ਭਾਵਨਾਵਾਂ ਦਾ ਮਾਮਲਾ ਹੈ। ਸਰਕਾਰਾਂ ਨੂੰ ਇਸ ਵਿਚਾਰ ਤੋਂ ਉੱਪਰ ਉੱਠਣਾ ਚਾਹੀਦਾ ਹੈ ਅਤੇ ਹਰੇਕ ਭਾਈਚਾਰੇ ਦੇ ਅਧਿਆਤਮਿਕ ਅਧਿਕਾਰਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਕੌਮ ਜੋ ਆਪਣੀ ਵਿਭਿੰਨਤਾ ’ਤੇ ਮਾਣ ਕਰਦੀ ਹੈ, ਉਸ ਨੂੰ ਧਾਰਮਿਕ ਭਾਵਨਾਵਾਂ ਦਾ ਧਿਆਨ ਰੱਖਣਾ ਚਾਹੀਦਾ ਹੈ।



