
ਲੁਧਿਆਣਾ, 2 ਮਈ- ਲੁਧਿਆਣਾ ਪਾਣੀਆਂ ਦੇ ਮੁੱਦੇ ਤੇ ਅੱਜ ਆਮ ਆਦਮੀ ਪਾਰਟੀ ਦੇ ਮੰਤਰੀ, ਵਿਧਾਇਕ ਤੇ ਵਲੰਟੀਅਰਾਂ ਵੱਲੋਂ ਦਾਣਾ ਮੰਡੀ ਦੇ ਪਿੱਛੇ ਸਥਿਤ ਭਾਜਪਾ ਦੇ ਦਫਤਰ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਦਫਤਰ ਦੇ ਅੰਦਰ ਇਕੱਠੇ ਹੋਏ ਭਾਜਪਾ ਤੇ ਨੇਤਾ ਤੇ ਵਰਕਰ ਵੀ ਆਪ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ। ਮੌਕੇ ਦੇ ਹਾਲਾਤਾਂ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਦੋਨੋਂ ਧਿਰਾਂ ਨੂੰ ਵੱਖ ਵੱਖ ਰੱਖਣ ਲਈ ਭਾਰੀ ਮਸ਼ੱਕਤ ਕਰਨੀ ਪਈ, ਪੁਲਿਸ ਵੱਲੋਂ ਭਾਜਪਾ ਦਫਤਰ ਦਾ ਗੇਟ ਬੰਦ ਕਰਵਾ ਦਿੱਤਾ ਗਿਆ, ਜਿਸ ਦੇ ਚਲਦੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦਫਤਰ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ ਗਿਆ। ਜਦ ਕਿ ਦੂਜੇ ਪਾਸਿਓਂ ਭਾਜਪਾ ਦੇ ਨੇਤਾ ਤੇ ਵਰਕਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਨਾਅਰੇਬਾਜੀ ਕਰ ਰਹੇ ਸਨ। ਦੋਨਾਂ ਪਾਸਿਆਂ ਤੋਂ ਇੱਕ ਦੂਜੇ ਦੇ ਖਿਲਾਫ ਆਰੋਪ ਲਗਾਏ ਜਾ ਰਹੇ ਸਨ। ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਭਾਜਪਾ ਤੇ ਬੀਬੀਐਮਬੀ ਰਾਹੀਂ ਪੰਜਾਬ ਤੋਂ ਪਾਣੀ ਖੋਹਣ ਦਾ ਦੌਸਤ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਾਣੀ ਖੋਹਣ ਦੀ ਇਸ ਲੁੱਟ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਭੋਲਾ ਗਰੇਵਾਲ, ਜੀਵਨ ਸਿੰਘ ਸੰਗੋਵਾਲ ਅਤੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨਾਲ ਮਿਲ ਕੇ ਅੱਜ ਲੁਧਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਬਾਹਰ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਪ ਦੇ ਮੰਤਰੀ ਅਤੇ ਵਿਧਾਇਕਾਂ ਨੇ ਭਾਜਪਾ ਦੇ ਜ਼ਿਲ੍ਹਾ ਦਫਤਰ ਦੇ ਸਾਹਮਣੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਵੀ ਫੂਕਿਆ ਅਤੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਕੇਂਦਰ ਅਤੇ ਦਿੱਲੀ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਨੇ ਪੰਜਾਬ ਦੇ ਕੀਮਤੀ ਜਲ ਸਰੋਤਾਂ ਨੂੰ ਖੋਹਣ ਲਈ ਪੰਜਾਬ ਵਿਰੁੱਧ ਸਾਜ਼ਿਸ਼ ਰਚੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਉਸ ਦੇ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਲਈ ਸਰਕਾਰ ਨੂੰ ਜੋ ਵੀ ਕਦਮ ਚੁੱਕਣੇ ਪੈਣਗੇ ਉਹ ਚੁੱਕੇ ਜਾਣਗੇ। ਉਨ੍ਹਾਂ ਨੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਆਪਣਾ ਪੱਖ ਸਪੱਸ਼ਟ ਕਰਨ ਦੀ ਚੁਣੌਤੀ ਵੀ ਦਿੱਤੀ ਅਤੇ ਇਸ ਮਾਮਲੇ ’ਤੇ ਉਨ੍ਹਾਂ ਦੀ ਚੁੱਪੀ ’ਤੇ ਸਵਾਲ ਉਠਾਉਂਦੇ ਹੋਏ ਇਸ ਨੂੰ ਪੰਜਾਬ ਰਾਜ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਾ ਦੱਸਿਆ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗੁਆਂਢੀ ਰਾਜਾਂ ਨੂੰ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਨੁਕਸਾਨ ਪਹੁੰਚਾਇਆ ਹੈ। ਹੁਣ ਉਨ੍ਹਾਂ ਨੇ ਰਿਪੇਰੀਅਨ ਸੂਬੇ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਅਜਿਹੇ ਨਾਪਾਕ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਆਪ ਵਿਧਾਇਕਾਂ ਨੇ ਦੋਸ਼ ਲਗਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਰਾਹੀਂ ਪੰਜਾਬ ਦੇ ਕੀਮਤੀ ਪਾਣੀ ਦੇ 8,500 ਕਿਊਸਿਕ ਹਰਿਆਣਾ ਨੂੰ ਛੱਡਣ ਦਾ ਸਖ਼ਤ ਨਿਰਦੇਸ਼ ਜਾਰੀ ਕੀਤਾ ਹੈ ਜਿਸ ਨਾਲ ਪੰਜਾਬ ਵਿੱਚ ਪਾਣੀ ਦਾ ਸੰਕਟ ਪੈਦਾ ਹੋ ਸਕਦਾ ਹੈ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਭੋਲਾ ਗਰੇਵਾਲ, ਜੀਵਨ ਸਿੰਘ ਸੰਗੋਵਾਲ ਅਤੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਮੋਹੀ ਨੇ ਵੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ, ਚੇਤਾਵਨੀ ਦਿੱਤੀ ਕਿ 8,500 ਕਿਊਸਿਕ ਪਾਣੀ ਨੂੰ ਮੋੜਨ ਨਾਲ ਨਹਿਰਾਂ ਸੁੱਕ ਸਕਦੀਆਂ ਹਨ, ਕਿਸਾਨਾਂ ਨੂੰ ਨੁਕਸਾਨ ਹੋ ਸਕਦਾ ਹੈ ਅਤੇ ਬਿਜਲੀ ਸਪਲਾਈ ਵਿੱਚ ਵਿਘਨ ਪੈ ਸਕਦਾ ਹੈ, ਜਿਸ ਨਾਲ ਪੰਜਾਬ ਹਨੇਰੇ ਵੱਲ ਧੱਕਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਪੰਜਾਬ ਦਾ ਪਾਣੀ ਸਾਡਾ ਮਾਣ ਹੈ ਅਤੇ ਆਪ ਇਸਦਾ ਅਣਥੱਕ ਬਚਾਅ ਕਰੇਗੀ। ਉਧਰ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ਦੀ ਜਾਣਕਾਰੀ ਮਿਲਣ ਤੇ ਭਾਜਪਾ ਦੇ ਨੇਤਾ ਅਤੇ ਵਰਕਰ ਦਫਤਰ ਵਿੱਚ ਇਕੱਠੇ ਹੋ ਗਏ। ਜਿੱਥੇ ਆਪ ਦੇ ਆਗੂਆਂ ਵੱਲੋਂ ਭਾਜਪਾ ਦਫਤਰ ਦੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਉੱਥੇ ਹੀ ਦੂਜੇ ਪਾਸੇ ਅੰਦਰੋਂ ਭਾਜਪਾ ਦੇ ਨੇਤਾ ਤੇ ਵਰਕਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ। ਇਸ ਦੌਰਾਨ ਮਾਹੌਲ ਕਾਫੀ ਤਨਾਵਪੂਰਨ ਬਣਿਆ ਰਿਹਾ, ਪਰ ਮੌਕੇ ਤੇ ਪੁੱਜੀ ਪੁਲਿਸ ਨੇ ਦੋਨਾਂ ਪਾਰਟੀਆਂ ਦੇ ਨੇਤਾਵਾਂ ਤੇ ਵਰਕਰਾਂ ਨੂੰ ਨੇੜੇ ਨਹੀਂ ਹੋਣ ਦਿੱਤਾ।



