
ਲੁਧਿਆਣਾ, 18 ਦਸੰਬਰ : ਐਲਡੀਕੋ ਚੌਂਕੀ ਦੀ ਪੁਲਿਸ ਟੀਮ ਨੇ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਦੋਸ਼ੀ ਨੂੰ ਕਾਬੂ ਕੀਤਾ ਹੈ। ਚੌਂਕੀ ਇੰਚਾਰਜ ਜਿੰਦਰ ਲਾਲ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਫ਼ਤੀਸ਼ੀ ਅਫ਼ਸਰ ਜਤਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਮੈਟਰੋ ਕੱਟ ਨੇੜੇ ਭੱਟੀਆਂ ਜੀਟੀ ਰੋਡ ’ਤੇ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪਿੰਡ ਭੱਟੀਆਂ ਵੱਲੋਂ ਇੱਕ ਵਿਅਕਤੀ ਹੱਥ ਵਿੱਚ ਚਿੱਟੇ ਰੰਗ ਦਾ ਪਲਾਸਟਿਕ ਬੋਰਾ ਫੜ੍ਹ ਕੇ ਆਉਂਦਾ ਨਜ਼ਰ ਆਇਆ। ਸ਼ੱਕ ਦੇ ਆਧਾਰ ’ਤੇ ਜਦੋਂ ਉਸਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਬੋਰੇ ਵਿੱਚੋਂ 5 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਦੋਸ਼ੀ ਦੀ ਪਛਾਣ ਵਰਿੰਦਰ ਕੁਮਾਰ ਵਾਸੀ ਹੈਦਰ ਇਨਕਲੇਬ ਜਸੀਆਂ ਵਜੋਂ ਹੋਈ। ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਹੋਰ ਕੜੀਆਂ ਨੂੰ ਵੀ ਬੇਨਕਾਬ ਕਰਨ ਲਈ ਦੋਸ਼ੀ ਤੋਂ ਡੂੰਘੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ।



