
ਪਟਿਆਲਾ, 2 ਸਤੰਬਰ: ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਖਿਲਾਫ ਪਰਚੇ, ਗ੍ਰਿਫਤਾਰੀ ਤੇ ਫਰਾਰੀ ਤੋਂ ਬਾਅਦ ਉਨ੍ਹਾਂ ਦੀ ਪਟਿਆਲਾ ਵਿਖੇ ਸਥਿਤ ਸਰਕਾਰੀ ਰਿਹਾਇਸ਼ ਅੱਗੇ ਪੁਲਿਸ ਦਾ ਪਹਿਰਾ ਲਗਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਧਾਇਕ ਵੱਲੋਂ ਤਰਖ ਸਵੇਰੇ ਲਾਈਵ ਹੋ ਕੇ ਸਮਰਥਕਾਂ ਨੂੰ ਐਸਐਸਪੀ ਦਫਤਰ ਦੇ ਘਰਾਓ ਦੇ ਦਿੱਤੇ ਸੱਦੇ ਨੂੰ ਫੇਲ੍ਹ ਕਰਨ ਲਈ ਵੀ ਪੁਲਿਸ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ। ਐਸਐਸਪੀ ਦਫਤਰ ਤੇ ਮਿੰਨੀ ਸਕੱਤਰੇਤ ਨੂੰ ਜਾਣ ਵਾਲੀਆਂ ਸੜਕਾਂ ਤੇ ਟਰਾਲੀਆਂ ਅਤੇ ਮਿੱਟੀ ਦੇ ਟਿੱਪਰ ਖੜ੍ਹੇ ਕਰ ਕੇ ਰਾਹ ਬੰਦ ਕਰ ਦਿੱਤੇ ਗਏ ਹਨ। ਮਿੰਨੀ ਸਕੱਤਰੇਤ ਸਾਹਮਣੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਿਸ ਵੱਲੋਂ ਵਿਧਾਇਕ ਦੇ ਸਮਰਥਕਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੂਰੀਆਂ ਤਿਆਰੀਆਂ ਕੀਤੀਆਂ ਹੋਈਆਂ ਹਨ। ਵਿਧਾਇਕ ਦੇ ਕੁਝ ਸਮਰਥਕ ਵੱਖ-ਵੱਖ ਵਾਹਨਾਂ ਰਾਹੀਂ ਪਟਿਆਲਾ ਪੁੱਜੇ ਹਨ। ਪਰ ਪੁਲਿਸ ਦੀ ਘੇਰਾਬੰਦੀ ਕਰਕੇ ਐਸਐਸਪੀ ਦਫਤਰ ਤੱਕ ਨਹੀਂ ਪੁੱਜ ਪਾ ਰਹੇ। ਜ਼ਿਕਰਯੋਗ ਹੈ ਕਿ ਪਠਾਣਮਾਜਰਾ ਨੇ ਇਕ ਦਿਨ ਪਹਿਲਾਂ ‘ਆਪ’ ਸਰਕਾਰ ‘ਤੇ ਸਵਾਲ ਉਠਾਏ ਸਨ। ਉਨ੍ਹਾਂ ਕਿਹਾ ਸੀ ਕਿ ਪੰਜਾਬ ਪੁਲਿਸ ਨੇ ਮੇਰੀ ਸਾਬਕਾ ਪਤਨੀ ਨਾਲ ਜੁੜੇ ਇਕ ਪੁਰਾਣੇ ਮਾਮਲੇ ‘ਚ ਦੁਰਵਿਵਹਾਰ ਦਾ ਕੇਸ ਦਰਜ ਕੀਤਾ ਹੈ। ਦਿੱਲੀ ਦੀ ‘ਆਪ’ ਟੀਮ ਪੰਜਾਬ ‘ਤੇ ਹਾਵੀ ਹੋਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਮੇਰੀ ਆਵਾਜ਼ ਦਬਾਈ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਵਿਧਾਇਕ ਪਠਾਣਮਾਜਰਾ ਦੀ ਸੁਰੱਖਿਆ ਕੱਲ੍ਹ ਹੀ ਪੰਜਾਬ ਸਰਕਾਰ ਵੱਲੋਂ ਵਾਪਸ ਲੈ ਲਈ ਗਈ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਠਾਣਮਾਜਰਾ ਪਿਛਲੇ ਤਿੰਨ-ਚਾਰ ਦਿਨਾਂ ਤੋਂ ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸਨ ਤੇ ਉਨ੍ਹਾਂ ਸਿੰਚਾਈ ਵਿਭਾਗ ਦੇ ਮੁੱਖ ਅਫਸਰ ਕ੍ਰਿਸ਼ਨ ਕੁਮਾਰ ਨੂੰ ਹਾਲੀਆ ਹੜ੍ਹ ਦਾ ਸਿੱਧਾ ਜ਼ਿੰਮੇਵਾਰ ਠਹਿਰਾਇਆ ਸੀ। ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।



