Punjab

ਪੰਜਾਬ ਦਾ ਇਕ ਰੁਪਈਆ ਲੁੱਟਣ ਵਾਲਾ ਵੀ ਬਖ਼ਸ਼ਿਆ ਨਹੀਂ ਜਾਵੇਗਾ : CM ਭਗਵੰਤ ਮਾਨ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 27 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿਚ ਅਸਫ਼ਲ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਕਾਂਗਰਸ ਨੂੰ ਨਸ਼ਿਆਂ ਦੇ ਮੁੱਦੇ ’ਤੇ ਸਪਸ਼ਟ ਕਰਨ ਲਈ ਕਿਹਾ ਕਿ ਉਹ ਨਸ਼ੇ ਦੇ ਹੱਕ ਵਿਚ ਹੈ ਜਾਂ ਨਹੀ ਕਿਉਕਿ ਉਹਨਾਂ ਦੇ ਆਗੂ ਨਸ਼ਾ ਤਸਕਰਾਂ ਦੇ ਹੱਕ ਵਿਚ ਬਿਆਨਬਾਜ਼ੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕੈਪਟਨ ਦੀ ਨਸ਼ਾ ਤਸਕਰਾਂ ਦੇ ਮਨੁੱਖੀ ਅਧਿਕਾਰਾਂ ਪ੍ਰਤੀ ਸਪੱਸ਼ਟ ਚਿੰਤਾ ‘ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਅਜਿਹੀ ਚਿੰਤਾ ਕਿਉਂ ਨਹੀਂ ਦਿਖਾਈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਹੁਣ ਇਨ੍ਹਾਂ ਆਗੂਆਂ ਦੀ ਦੋਗਲੀ ਹਕੀਕਤ ਵੇਖ ਲਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੰਭਾਵਤ ਤੌਰ ‘ਤੇ ਕੈਪਟਨ ਦੀਆਂ ਹਾਲੀਆ ਟਿੱਪਣੀਆਂ ਨੂੰ ਨਿੱਜੀ ਰਾਏ ਵਜੋਂ ਖਾਰਜ ਕਰਨ ਅਤੇ ਉਨ੍ਹਾਂ ਤੋਂ ਦੂਰੀ ਬਣਾਉਣ ਦੀ ਕੋਸ਼ਿਸ਼ ਕਰੇਗੀ। ਮਾਨ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਸੂਬੇ ਅਤੇ ਇਸ ਦੇ ਨਾਗਰਿਕਾਂ ਨਾਲ ਕੀਤੇ ਵਿਸ਼ਵਾਸਘਾਤ ਲਈ ਕਦੇ ਮਾਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਤੋਂ ਲੈ ਕੇ ਰਵਨੀਤ ਬਿੱਟੂ, ਪ੍ਰਤਾਪ ਸਿੰਘ ਬਾਜਵਾ ਅਤੇ ਸੁਖਪਾਲ ਸਿੰਘ ਖਹਿਰਾ ਤੱਕ ਕਈ ਆਗੂ ਇੱਕ ਨਸ਼ਾ ਤਸਕਰ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਦਾ ਵਿਰੋਧ ਕਰ ਰਹੇ ਹਨ। ਮੁੱਖ ਮੰਤਰੀ ਨੇ ਕਾਂਗਰਸ ਅਤੇ ਭਾਜਪਾ ਨੂੰ ਨਸ਼ਿਆਂ ਦੇ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ, ਕਿਉਂਕਿ ਇਨ੍ਹਾਂ ਪਾਰਟੀਆਂ ਦੇ ਆਗੂ ਹੁਣ ਇੱਕ ਬਦਨਾਮ ਨਸ਼ਾ ਤਸਕਰ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਜੰਗ ਸ਼ੁਰੂ ਕੀਤੀ ਹੈ ਅਤੇ ਨਸ਼ਿਆਂ ਦੇ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਨੂੰ ਲੁੱਟਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਰਕਾਰ ਨੇ ਇਹ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਦੌਲਤ ਲੁੱਟਣ ਵਾਲੇ ਚਾਹੇ ਕੋਈ ਵੀ ਹੋਵੇ ਉਸ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਮੁੱਖ ਮੰਤਰੀ ਨੇ ਸਿਆਸੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਆਪਣੇ ਕਾਗਜ਼ ਤਿਆਰ ਕਰ ਲਵੋ ਉਹ ਹੁਣ ਪੱਕੇ ਤੌਰ ’ਤੇ ਕਾਰਵਾਈ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲੇ ਕਿਸੇ ਨੂੰ ਵੀ ਬਖ਼ਸ਼ਿਆ ਨਹੀ ਜਾਵੇਗਾ। ਜਿਹਨੇ ਪੰਜਾਬ ਦਾ ਇਕ ਰੁਪਿਆ ਲੁੱਟਿਆ ਉਸ’ਤੇ ਕੋਈ ਰਹਿਮ ਨਹੀ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button