
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 24 ਦਸੰਬਰ : ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਲਗਾਤਾਰ ਯਤਨ ਜਾਰੀ ਹਨ। ਵਿਧਵਾ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਲੱਖਾਂ ਪਰਿਵਾਰਾਂ ਨੂੰ ਮਿਲ ਰਿਹਾ ਹੈ ਆਰਥਿਕ ਸਹਾਰਾ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 6,75,857 ਯੋਗ ਲਾਭਪਾਤਰੀ ਔਰਤਾਂ ਨੂੰ ਇਹ ਵਿੱਤੀ ਸਹਾਇਤਾ ਨਿਯਮਤ ਰੂਪ ਵਿੱਚ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸਹਾਇਤਾ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਅਨੁਸਾਰ, ਇਹ ਯੋਜਨਾ ਸਿਰਫ਼ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ ਹੈ, ਸਗੋਂ ਇਹ ਔਰਤਾਂ ਨੂੰ ਸਮਾਜਿਕ ਸੁਰੱਖਿਆ, ਸਵੈ-ਮਾਣ ਅਤੇ ਆਰਥਿਕ ਮਜ਼ਬੂਤੀ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਇਸ ਦਾ ਮਕਸਦ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ।
ਬਜਟ ਅਤੇ ਪਾਰਦਰਸ਼ੀ ਪ੍ਰਕਿਰਿਆ
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਮੱਦ ਅਧੀਨ ਕੁੱਲ 1,170 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ। ਇਸ ਯੋਜਨਾ ਦਾ ਲਾਭ ਇੱਕ ਪਾਰਦਰਸ਼ੀ ਅਤੇ ਸਰਲ ਪ੍ਰਕਿਰਿਆ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ।



