
ਜਸਵਿੰਦਰ ਸਿੰਘ ਸੰਧੂ
ਫ਼ਿਰੋਜ਼ਪੁਰ, 2 ਅਗਸਤ : ਭਾਰਤੀ ਜਨਤਾ ਪਾਰਟੀ ਵੱਲੋਂ ਅਸ਼ਵਨੀ ਸ਼ਰਮਾ ਨੂੰ ਸੂਬੇ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਤੋਂ ਬਾਅਦ, ਫਿਰੋਜ਼ਪੁਰ ਪਹੁੰਚਣ ’ਤੇ ਉਨ੍ਹਾਂ ਦੀ ਇਕ ਵਿਸ਼ਾਲ ਜਨਤਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿਚ ਵਰਕਰਾਂ ਨੇ ਹਿੱਸਾ ਲਿਆ। ਸਥਾਨਕ ਬਾਰਡਰ ਰੋਡ ’ਤੇ ਸਥਿਤ ਗ੍ਰੈਂਡ ਵਿਲਾ ਪੈਲੇਸ ਵਿਖੇ ਹੋਈ ਇਸ ਜਨਤਕ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਕੱਕੜ ਤੋਂ ਇਲਾਵਾ ਸੂਬਾਈ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਰਾਕੇਸ਼ ਰਾਠੌਰ, ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸਾਬਕਾ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗਰੋਵਰ, ਬੋਬੀ ਬਾਠ, ਦਵਿੰਦਰ ਬਜਾਜ, ਡੀਪੀ ਚੰਦਨ, ਅਵਤਾਰ ਸਿੰਘ ਮਿੰਨਾ, ਮਨਜੀਤ ਸਿੰਘ ਰਾਏ, ਬਲਵੰਤ ਸਿੰਘ ਭੁੱਲਰ ਅਤੇ ਹੋਰ ਆਗੂਆਂ ਨੇ ਹਿੱਸਾ ਲਿਆ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਦਿੱਲੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਅਧਿਕਾਰੀਆਂ ਨੂੰ ਵੀ ਇੱਥੇ ਤੈਨਾਤ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੈਂਡ ਪੂਲਿੰਗ ’ਤੇ ਵਰ੍ਹਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕਿਸਾਨਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦਾ ਅੰਨਦਾਤਾ ਹੈ ਅਤੇ ਕਿਸੇ ਨੂੰ ਵੀ ਉਸਦੀ ਜ਼ਮੀਨ ਦਾ ਇਕ ਇੰਚ ਵੀ ਨਹੀਂ ਲੈਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਦੇਣ ਦੀ ਬਜਾਏ, ਸਰਕਾਰ ਨੇ ਧੋਖਾ ਕੀਤਾ ਹੈ ਅਤੇ ਸੂਬੇ ਨੂੰ ਕਰਜ਼ੇ ਵਿੱਚ ਡੁਬੋ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੇ ਤਿੰਨ ਮਹੀਨਿਆਂ ਵਿਚ ਸੰਗਠਨ ਦਾ ਵਿਸਥਾਰ ਕਰੇਗੀ ਅਤੇ ਭਾਜਪਾ ਯੁਵਾ ਮੋਰਚਾ ਵੀ ਦੁਬਾਰਾ ਬਣਾਇਆ ਜਾਵੇਗਾ। ਇਸ ਮੌਕੇ ਸਟੇਜ ਦਾ ਸੰਚਾਲਨ ਸਾਬਕਾ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗਰੋਵਰ ਵੱਲੋਂ ਕੀਤਾ ਗਿਆ। ਆਪਣੇ ਸੰਬੋਧਨ ਵਿਚ ਰਾਣਾ ਸੋਢੀ ਨੇ ਕਿਹਾ ਕਿ ਵਰਕਰਾਂ ਦਾ ਭਾਜਪਾ ਅਤੇ ਉਨ੍ਹਾਂ ਦੇ ਕਾਰਜਕਾਰੀ ਮੁਖੀ ਪ੍ਰਤੀ ਇੰਨਾ ਪਿਆਰ ਸੀ ਕਿ ਹਜ਼ਾਰਾਂ ਵਰਕਰਾਂ ਨੇ ਜਨਤਕ ਮੀਟਿੰਗ ਨੂੰ ਰੈਲੀ ਵਿਚ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਬਦੌਲਤ ਹੀ ਫਿਰੋਜ਼ਪੁਰ ਵਿਚ ਪੀਜੀਆਈ ਸੈਟੇਲਾਈਟ ਸੈਂਟਰ ਦਾ ਨਿਰਮਾਣ ਕਾਰਜ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਕੇਂਦਰ ਸਰਕਾਰ ਨੇ ਫਿਰੋਜ਼ਪੁਰ, ਨੰਦੇੜ ਸਾਹਿਬ ਅਤੇ ਹਰਿਦੁਆਰ ਵਿਚਕਾਰ ਰੇਲ ਗੱਡੀਆਂ ਚਲਾ ਕੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ। ਗੁਰਪ੍ਰੀਤ ਸਿੰਘ ਗਿੱਲ ’ਤੇ ਵਿਜੀਲੈਂਸ ਛਾਪੇਮਾਰੀ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਬਦਲੇ ਦੀ ਰਾਜਨੀਤੀ ਕਰ ਰਹੀ ਹੈ। ਜੇਕਰ ਗੁਰਪ੍ਰੀਤ ਗਿੱਲ ‘ਆਪ’ ਵਿਚ ਸ਼ਾਮਲ ਹੁੰਦੇ ਤਾਂ ਉਹ ਬੇਕਸੂਰ ਸਾਬਤ ਹੋ ਜਾਂਦੇ। ਹੁਣ ਜਦੋਂ ਉਨ੍ਹਾਂ ਨੂੰ ਭਾਜਪਾ ਦੀਆਂ ਨੀਤੀਆਂ ਪਸੰਦ ਆਈਆਂ ਅਤੇ ਇੱਥੇ ਆਉਣਾ ਉਚਿਤ ਸਮਝਿਆ, ਤਾਂ ਸਰਕਾਰ ਵਿਜੀਲੈਂਸ ਦੀ ਦੁਰਵਰਤੋਂ ਕਰ ਰਹੀ ਹੈ, ਜੋ ਕਿ ਚੰਗੀ ਗੱਲ ਨਹੀਂ ਹੈ।



