ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੀਤੀ ਸਖ਼ਤ ਕਾਰਵਾਈ, ਮੁਹਾਲੀ ’ਚ ਪ੍ਰਦੂਸ਼ਣ ਫੈਲਾਉਣ ਵਾਲਾ ਹਾਟ ਮਿਕਸ ਪਲਾਂਟ ਸੀਲ

ਐੱਸਏਐੱਸ ਨਗਰ, 3 ਅਗਸਤ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਵਾਤਾਵਰਨ ਵਿਚ ਜ਼ਹਿਰੀਲਾ ਧੂੰਆਂ ਛੱਡ ਰਹੇ ਇਕ ਹਾਟ ਮਿਕਸ ਪਲਾਂਟ ਨੂੰ ਸੀਲ ਕਰ ਦਿੱਤਾ ਹੈ। ਇਹ ਕਾਰਵਾਈ ਇਕ ਜਾਗਰੂਕ ਨਾਗਰਿਕ ਵੱਲੋਂ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਕੇ ਪ੍ਰਦੂਸ਼ਣ ਦੀ ਸ਼ਿਕਾਇਤ ਕਰਨ ਤੋਂ ਬਾਅਦ ਕੀਤੀ ਗਈ। ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ਿਕਾਇਤ ਦਾ ਤੁਰੰਤ ਨੋਟਿਸ ਲੈਂਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚ ਕੇ ਪਲਾਂਟ ਨੂੰ ਸੀਲ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਮੌਕੇ ‘ਤੇ ਜਾ ਕੇ ਪਲਾਂਟ ਨੂੰ ਬੰਦ ਕਰਵਾਇਆ ਅਤੇ ਇਹ ਯਕੀਨੀ ਬਣਾਇਆ ਕਿ ਭਵਿੱਖ ਵਿਚ ਅਜਿਹੀ ਕੋਈ ਗਤੀਵਿਧੀ ਨਾ ਹੋਵੇ। ਰੀਨਾ ਗੁਪਤਾ ਨੇ ਕਿਹਾ ਕਿ ਪੀਪੀਸੀਬੀ ਪੰਜਾਬ ਵਿਚ ਪਾਣੀ ਅਤੇ ਹਵਾ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪ੍ਰਦੂਸ਼ਣ ਫੈਲਾਉਣ ਵਾਲੇ ਕਿਸੇ ਵੀ ਤੱਤ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਨਾਲ ਸਬੰਧਤ ਕਿਸੇ ਵੀ ਘਟਨਾ ਦੀ ਸੂਚਨਾ ਤੁਰੰਤ ਪੀਪੀਸੀਬੀ ਨੂੰ ਦੇਣ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
ਆਉਣ ਵਾਲੇ ਮਹੀਨਿਆਂ ‘ਚ ਵਿਆਪਕ ਜਾਂਚ ਮੁਹਿੰਮ :
ਚੇਅਰਪਰਸਨ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਮਹੀਨਿਆਂ ਵਿਚ ਪੀਪੀਸੀਬੀ ਇਕ ਵਿਆਪਕ ਜਾਂਚ ਮੁਹਿੰਮ ਚਲਾਉਣ ਜਾ ਰਿਹਾ ਹੈ। ਇਸ ਤਹਿਤ ਸੂਬੇ ਭਰ ’ਚ ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਹ ਕਾਰਵਾਈ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਦੀ ਸਰਕਾਰ ਦੀ ਪ੍ਰਤੀਬੱਧਤਾ ਦਾ ਹਿੱਸਾ ਹੈ।



