
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 19 ਅਗਸਤ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸਰੰਗੜਾ ਦੇ ਇੱਕ ਵਿਅਕਤੀ ਨਾਲ ਗਾਲੀ ਗਲੋਚ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸਐਸਪੀ ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ। ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਹਨਾਂ ਦੇ ਧਿਆਨ ਵਿਚ ਆਇਆ ਹੈ, ਜਿਸ ਵਿਚ ਇੱਕ ਵਿਅਕਤੀ ਅਨੁਸੂਚਿਤ ਜਾਤੀ ਵਰਗ ਦੇ ਮਜ਼੍ਹਬੀ ਸਿੱਖ,ਵਾਲਮੀਕਿ ਪਰਿਵਾਰ ਨੂੰ ਜਾਤੀ ਸੂਚਕ ਗਾਲਾਂ ਕੱਢ ਰਿਹਾ ਹੈ, ਜਿਸ ‘ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਦੇ ਅਨਸੂਚਿਤ ਜਾਤੀ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਵਿਚ ਸੰਵਿਧਾਨਿਕ ਕਾਨੂੰਨਾਂ ਅਤੇ ਗੁਰੂਆਂ ਦੀ ਸੋਚ ਤੋਂ ਉਲਟ ਜਾਤੀਵਾਦ ਫੈਲਾਉਣ ਵਾਲੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਗੜੀ ਨੇ ਕਿਹਾ ਕਿ ਪ੍ਰਸ਼ਾਸਨ ਦੀ ਢਿੱਲਮਿੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਰੂਰਤ ਪੈਣ ’ਤੇ ਉਹ ਪਿੰਡ ਦਾ ਦੌਰਾ ਵੀ ਕਰਨਗੇ।



