Punjab

ਪੰਜਾਬ ਸਰਕਾਰ ਦੇ ਆਦੇਸ਼, ਇਨ੍ਹਾਂ ਜ਼ਿਲ੍ਹਿਆਂ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 27 ਅਗਸਤ : ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਬਚਾਅ ਤੇ ਰਾਹਤ ਕਾਰਜ ਜੰਗੀ ਪੱਧਰ ’ਤੇ ਜਾਰੀ ਰੱਖਣ ਲਈ ਸਥਾਨਕ ਪ੍ਰਸ਼ਾਸਨ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ 24×7 ਜ਼ਮੀਨੀ ਪੱਧਰ ’ਤੇ ਡਟਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਮੂਹ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਖ਼ੁਲਾਸਾ ਸੂਬੇ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੰਗਲਵਾਰ ਨੂੰ ਗੁਰਦਾਸਪੁਰ ਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਕੀਤਾ। ਅੱਜ ਮੰਤਰੀਆਂ ਵੱਲੋਂ ਪਠਾਨਕੋਟ ਤੇ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਸ ਸਮੇਂ ਸਰਕਾਰ ਦੀ ਪਹਿਲ ਜਾਨ-ਮਾਲ ਦੀ ਰਾਖੀ, ਨੁਕਸਾਨ ਨੂੰ ਘੱਟ ਕਰਨਾ ਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣਾ ਹੈ। ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਲਿਜਾਣ ਲਈ ਹੈਲੀਕਾਪਟਰ ਦੀ ਸਹਾਇਤਾ ਵੀ ਲਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਝੂਠੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਨਦੀਆਂ-ਨਾਲਿਆਂ ਦੇ ਕਿਨਾਰਿਆਂ ‘ਤੇ ਜਾਣ ਤੋਂ ਬਚਿਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸੂਬੇ ’ਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ ਤੇ ਸਭ ਤੋਂ ਪਹਿਲਾਂ ਸਰਕਾਰ ਵੱਲੋਂ ਜੰਗੀ ਪੱਧਰ ’ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ ਤੇ ਇਸ ਤੋਂ ਬਾਅਦ ਵਿਸ਼ੇਸ਼ ਗਿਰਦਾਵਰੀ ਕਰਕੇ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪਾਣੀ ਦੀ ਮਾਰ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ।

Related Articles

Leave a Reply

Your email address will not be published. Required fields are marked *

Back to top button