Punjab

ਪੰਜਾਬ ਸਰਕਾਰ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਤੇ ਪਾਏ ਇਰਾਦਾ ਕਤਲ ਦੇ ਝੂਠੇ ਪਰਚੇ ਰੱਦ ਕਰਾਉਣ ਲਈ ਕਿਸਾਨਾਂ ਵੱਲੋਂ ਐੱਸਐੱਸਪੀ ਦਫਤਰ ਮੂਹਰੇ ਧਰਨਾ ਲਗਾਇਆ

ਫਿਰੋਜ਼ਪੁਰ 11 ਫਰਵਰੀ (ਬਾਲ ਕਿਸ਼ਨ)- ਅੱਜ ਇਥੇ ਐੱਸਐੱਸਪੀ ਦਫਤਰ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਪੁਲਿਸ ਵੱਲੋਂ ਪਾਏ ਇਰਾਦਾ ਕਤਲ ਦੇ ਪਰਚੇ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਧਰਨਾ ਦਿੱਤਾ ਗਿਆ, ਜਿਸ ਨੇ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਲਿਆ। ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਾਸ਼ਨ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ, ਚੇਅਰਮੈਨ ਸੁਰਜੀਤ ਸਿੰਘ ਫੂਲ, ਜਨਰਲ ਸਕੱਤਰ ਸੁਖਵਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਲ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ 25 ਕਿਸਾਨ ਆਗੂਆਂ ਸਮੇਤ 150 ਦੇ ਕਰੀਬ ਹੋਰਨਾਂ ਅਣਪਛਾਤੇ ਕਿਸਾਨਾਂ ਤੇ ਧਾਰਾ 307 ਦੇ ਅਧੀਨ ਨਜਾਇਜ ਪਰਚੇ ਦਰਜ ਕਰਕੇ ਕਿਸਾਨ ਜੱਥੇਬੰਦੀਆਂ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਕੋਰਟ ਵੱਲੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਦੇ ਗਿ੍ਰਫਤਾਰੀ ਲਈ ਵਰੰਟ ਜਾਰੀ ਕੀਤੇ ਗਏ ਹਨ, ਜੋ ਇੱਕ ਸਾਜਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਮੋਦੀ ਪੰਜਾਬ ਫੇਰੀ ਤੇ ਆਏ ਸੀ ਤਾਂ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਬਠਿੰਡਾ ਤੋਂ ਫਿਰੋਜ਼ਪੁਰ ਪੁੱਜਣਾ ਸੀ, ਪਰ ਬਿਨਾ ਕਿਸੇ ਪਬਲਿਕ ਜਾਣਕਾਰੀ ਤੋਂ ਪ੍ਰਧਾਨ ਮੰਤਰੀ ਨੇ ਰੂਟ ਬਦਲ ਕੇ ਸੜਕ ਰਾਹੀਂ ਜਾਣ ਦਾ ਫੈਸਲਾ ਕਰ ਲਿਆ ਸੀ। ਇਸ ਫੇਰੀ ਦਾ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਵੱਲੋਂ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਵਿਰੋਧ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਫੈਸਲੇ ਤਹਿਤ ਹੀ ਬੀਕੇਯੂ ਕ੍ਰਾਂਤੀਕਾਰੀ ਦਾ ਜੱਥਾ ਫਿਰੋਜ਼ਪੁਰ ਵੱਲ ਜਾ ਰਿਹਾ ਸੀ ਅਤੇ ਰਸਤੇ ਵਿੱਚ ਪੁਲਿਸ ਵੱਲੋਂ ਰੋਕ ਲਿਆ ਗਿਆ ਸੀ, ਜਿਸ ਕਾਰਨ ਜੱਥਾ ਸੜਕ ਤੇ ਬੈਠ ਗਿਆ ਸੀ। ਇਸ ਜਥੇ ਤੋਂ ਲਗਭਗ ਇੱਕ ਕਿਲੋਮੀਟਰ ਦੂਰ ਪਿੱਛੇ ਪ੍ਰਧਾਨ ਮੰਤਰੀ ਦਾ ਕਾਫਲਾ ਰੁਕਿਆ ਤੇ ਵਾਪਸ ਹੋ ਗਿਆ, ਉੱਥੇ ਕਿਸੇ ਕਿਸਮ ਦਾ ਟਕਰਾਓ ਨਹੀਂ ਹੋਇਆ। ਇਥੋਂ ਤੱਕ ਕਿ ਪ੍ਰਧਾਨ ਮੰਤਰੀ ਦੇ ਕਾਫਲੇ ਵਿੱਚ ਸ਼ਾਮਲ ਕਿਸੇ ਸੁਰੱਖਿਆ ਕਰਮਚਾਰੀ ਨਾਲ ਗੱਲਬਾਤ ਵੀ ਨਹੀਂ ਹੋਈ। ਕਿਉਂਕਿ ਉਹ ਇਕ ਕਿਲੋਮੀਟਰ ਪਿੱਛੇ ਖੜੇ ਸਨ। ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ ਕਿਹਾ ਕਿ ਕਿਸੇ ਕਾਰਨ ਪ੍ਰਧਾਨ ਮੰਤਰੀ ਨੇ ਵਾਪਸ ਮੁੜਨ ਦਾ ਫੈਸਲਾ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਮੋਰਚੇ ਦੇ ਉਭਾਰ ਕਾਰਨ ਸਾਜਿਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਸਮੇਤ ਕਿਸਾਨਾਂ ਅਤੇ ਮਜ਼ਦੂਰਾਂ ਤੇ ਝੂਠੇ ਇਰਾਦਾ ਕਤਲ ਕੇਸ ਦਰਜ ਕੀਤੇ ਗਏ ਹਨ। ਚੇਅਰਮੈਨ ਸੁਰਜੀਤ ਸਿੰਘ ਫੂਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕੇਂਦਰ ਸਰਕਾਰ ਨਾਲ ਰਲ ਕੇ ਯੂਨੀਅਨ ਉੱਤੇ ਜਬਰ ਦਾ ਕੁਹਾੜਾ ਵਾਹੁਣ ਦੀ ਤਿਆਰੀ ਵਿੱਚ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਝੂਠੇ ਕੇਸ ਵਿੱਚ ਆਗੂਆਂ ਨੂੰ ਗਿ੍ਰਫਤਾਰ ਕਰਨ ਤੋਂ ਬਾਜ ਆਵੇ ਅਤੇ ਇਸ ਝੂਠੀ ਐੱਫਆਈਆਰ ਨੂੰ ਕੈਂਸਲ ਕਰੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਪੰਜਾਬ ਤੇ ਹਰਿਆਣਾ ਵਿੱਚ ਉੱਠਣ ਵਾਲੇ ਲੋਕ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ, ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀਆਂ ਜ਼ਿੰਮੇਵਾਰ ਸਰਕਾਰਾਂ ਹੋਣਗੀਆਂ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਨਰਲ ਸਕੱਤਰ ਸੁਖਵਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸਲ ਵਿੱਚ ਜਦੋਂ ਕਿਸਾਨਾਂ ਦੇ ਦੋ ਫੋਰਮਾਂ ਵਲੋਂ ਪਿਛਲੇ ਸਾਲ 13 ਫਰਵਰੀ ਤੋਂ ਹਰਿਆਣੇ ਦੇ ਸ਼ੰਭੂ, ਖਨੌਰੀ ਬਾਰਡਰਾਂ ’ਤੇ ਐੱਮਐੱਸਪੀ ਦੀ ਗਰੰਟੀ ਕਾਨੂੰਨ ਬਣਾਉਣ ਸਮੇਤ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਤੇ ਕੇਂਦਰ ਸਰਕਾਰ ਦੀ ਸ਼ਹਿ ਤੇ ਹਰਿਆਣਾ ਸਰਕਾਰ ਵੱਲੋਂ ਗੋਲੀਆਂ, ਅੱਥਰੂ ਗੈਸ, ਮਿਰਚਾਂ ਦੀ ਸਪਰੇਅ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਬੇਥਾਹ ਤਸ਼ੱਦਦ ਕੀਤਾ ਗਿਆ, ਜਿਸ ਕਰਕੇ ਸੈਂਕੜੇ ਕਿਸਾਨ ਜ਼ਖਮੀ ਹੋਏ ਦਰਜਨਾਂ ਸ਼ਹੀਦ ਹੋਏ ਤੇ ਸ਼ੁਭਕਰਨ ਸਿੰਘ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਇਆ ਪਰ ਏਨੇ ਜਬਰ ਦੇ ਬਾਵਜੂਦ ਘੋਲ ਖਤਮ ਨਹੀਂ ਹੋਇਆ ਤਾਂ ਪੰਜਾਬ ਸਰਕਾਰ ਵਲੋਂ ਆਗੂਆਂ ਨੂੰ ਡਰਾਉਣ ਅਤੇ ਉਲਝਾਉਣ ਲਈ ਤਿੰਨ ਸਾਲ ਪੁਰਾਣੀ ਘਟਨਾ ਨੂੰ ਲੈਕੇ ਜਾਣ ਬੁਝ ਕੇ ਇਰਾਦਾ ਕਤਲ ਜਿਹੇ ਸੰਗੀਨ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ ਨੇ ਕਿਹਾ ਕਿ ਮਜ਼ਦੂਰਾਂ ਦੇ ਮਸਲਿਆਂ ਤੇ ਮੰਗਾਂ ਪ੍ਰਤੀ ਲਗਾਤਾਰ ਬੇਰੁਖ਼ੀ ਦੀ ਨੀਤੀ ਅਪਣਾ ਰਹੀ ਹੈ, ਜਦ ਸੰਘਰਸ਼ ਕੀਤਾ ਜਾਂਦਾ ਹੈ ਝੂਠੇ ਪਰਚੇ ਪਾਏ ਜਾਂਦੇ ਹਨ, ਜਿਵੇਂ ਸੰਗਰੂਰ ਦੇ ਪਿੰਡ ਬਿਸ਼ਨਪੁਰਾ ਦਾ ਘੋਲ ਹੋਵੇ, ਚਾਹੇ ਪਿੰਡ ਚੰਦਭਾਨ ਦੀ ਘਟਨਾ ਹੋਵੇ ਮਜ਼ਦੂਰਾਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ । ਇਸ ਮੌਕੇ ਅਵਤਾਰ ਸਿੰਘ ਮਹਿਮਾ, ਗੁਰਮੀਤ ਸਿੰਘ ਮਹਿਮਾ ਅਤੇ ਭਾਨਾ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ, ਜਿਸ ਸਬਕ ਉਸਨੂੰ ਆਉਣ ਵਾਲੇ ਸਮੇਂ ਵਿੱਚ ਸਿਖਾਉਣ ਗਏ ਜਿਸ ਤਰ੍ਹਾਂ ਦਿੱਲੀ ਦੇ ਲੋਕਾਂ ਨੇ ਕੇਜਰੀਵਾਲ ਨੂੰ ਸਿਖਾਇਆ ਹੈ ।ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਹੱਥਕੰਡਿਆਂ ਤੋਂ ਬਾਜ ਆਵੇ ਅਤੇ ਹਾਲ ਵਿੱਚ ਹੀ ਜਾਰੀ ਕੀਤਾ ਖੇਤੀ ਨੀਤੀ ਖਰੜ੍ਹਾ ਰੱਦ ਕਰਕੇ ਕੇਂਦਰ ਸਰਕਾਰ ਸਾਰੀਆਂ ਫਸਲਾਂ ਲਈ ਐੱਮਐੱਸਪੀ ਕਾਨੂੰਨ ਬਣਾ ਕੇ ਫ਼ਸਲਾਂ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਿਕ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ,ਕਿਸਾਨਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿਦੀਆਂ ਮੰਗਾਂ ਜਿਵੇਂ ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ ਕੀਤਾ ਜਾਵੇ, ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕੀਤਾ ਜਾਵੇ,ਅਸੀਸ ਮਿਸ਼ਰਾ ਦੀ ਜਮਾਨਤ ਰੱਦ ਕੀਤੀ ਜਾਵੇ,ਦਿੱਲੀ ਅੰਦੋਲਨ ਸਮੇਤ ਦੇਸ਼ ਭਰ ਦੇ ਸਾਰੇ ਕਿਸਾਨ ਅੰਦੋਲਨਾਂ ਦੌਰਾਨ ਦਰਜ਼ ਸਾਰੇ ਕੇਸ ਰੱਦ ਕੀਤੇ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਦਿੱਲੀ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸਮਾਰਕ ਲਈ ਦਿੱਲੀ ਵਿੱਚ ਜਗ੍ਹਾ ਦਿੱਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾਅ, ਲੋਕ ਸੰਗਰਾਮ ਮੋਰਚਾ ਦੇ ਰਾਜੇਸ਼ ਮਲਹੋਤਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਮਨਜੀਤ ਸਿੰਘ ਨਿਆਲ, ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਅਵਤਾਰ ਸਿੰਘ ਮਹਿਮਾ, ਦਸਮੇਸ਼ ਕਿਸਾਨ ਯੂਨੀਅਨ ਜਸਦੇਵ ਸਿੰਘ ਲਲਤੋਂ ,ਪੈਨਸ਼ਨਰ ਯੂਨੀਅਨ ਦੇ ਸਕੱਤਰ ਜੋਗਿੰਦਰ ਸਿੰਘ, ਟੈਕਨੀਕਲ ਸਰਵਿਸਿਜ ਯੂਨੀਅਨ ਦੇ ਸਰਬਜੀਤ ਸਿੰਘ ,ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਮਖੂ, ਪਰਮਜੀਤ ਕੌਰ ਮੁਦਕੀ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button