
ਅੰਮ੍ਰਿਤਸਰ, 16 ਜੁਲਾਈ : ਘਰਿੰਡਾ ਥਾਣੇ ਦੀ ਪੁਲਿਸ ਨੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੇ ਹੈਰੋਇਨ ਸਪਲਾਈ ਕਰਨ ਵਾਲੇ ਇਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੰਗਲਵਾਰ ਸਵੇਰੇ ਕੀਤੀ ਉਪਰੋਕਤ ਕਾਰਵਾਈ ’ਚ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ। ਫਿਲਹਾਲ ਘਰਿੰਡਾ ਥਾਣੇ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਐੱਸਐੱਸਪੀ ਮਨਿੰਦਰ ਸਿੰਘ ਤੇ ਐੱਸਪੀ (ਡੀ) ਆਦਿਤਿਆ ਵਾਰੀਅਰ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਗੁਰਦਾਸਪੁਰ ਜ਼ਿਲ੍ਹੇ ਦੇ ਘਨੱਈਆ ਦੇ ਬਾਂਗਰ ਥਾਣੇ ਅਧੀਨ ਪੈਂਦੇ ਪਿੰਡ ਦੁਲਟ ਵਾਸੀ ਗੁਰਜੀਤ ਸਿੰਘ ਅਤੇ ਘਰਿੰਡਾ ਥਾਣੇ ਅਧੀਨ ਪੈਂਦੇ ਪਿੰਡ ਅਟਲਗੜ੍ਹ ਵਾਸੀ ਯੋਗਰਾਜ ਸਿੰਘ ਵਜੋਂ ਕੀਤੀ ਹੈ। ਐੱਸਐੱਸਪੀ ਮਨਿੰਦਰ ਸਿੰਘ ਨੇ ਮੰਗਲਵਾਰ ਸ਼ਾਮ ਨੂੰ ਆਪਣੇ ਦਫ਼ਤਰ ’ਚ ਕੀਤੀ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਇੰਸਪੈਕਟਰ ਅਮਨਦੀਪ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਮੁਲਜ਼ਮ ਹੈਰੋਇਨ ਸਪਲਾਈ ਕਰਨ ਲਈ ਇਲਾਕੇ ’ਚ ਆਏ ਹਨ। ਇਸ ਆਧਾਰ ਤੇ ਪੁਲਿਸ ਪਾਰਟੀ ਨੇ ਪਿੰਡ ਮੋਦੇ ਤੋਂ ਅਟਲਗੜ੍ਹ ਜਾਂਦੇ ਰਸਤੇ ’ਚ ਨਾਕਾਬੰਦੀ ਕਰ ਦਿੱਤੀ। ਆਉਂਦੇ ਹੀ ਦੋਵਾਂ ਨੂੰ ਫੜ ਲਿਆ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ ਪੰਜ ਕਿੱਲੋ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਹੈ ਕਿ ਉਨ੍ਹਾਂ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਹਨ ਅਤੇ ਕੁਝ ਦਿਨ ਪਹਿਲਾਂ ਪਾਕਿਸਤਾਨੀ ਤਸਕਰਾਂ ਨੇ ਉਕਤ ਖੇਪ ਨੂੰ ਡਰੋਨ ਰਾਹੀਂ ਘਰਿੰਡਾ ਦੇ ਖੇਤਾਂ ’ਚ ਸੁੱਟ ਦਿੱਤਾ ਸੀ। ਇਸ ਨੂੰ ਆਪਣੇ ਕਬਜ਼ੇ ਵਿਚ ਲੈਣ ਤੋਂ ਬਾਅਦ ਅੱਜ ਉਨ੍ਹਾਂ ਇਸ ਨੂੰ ਕਿਸੇ ਸੁਰੱਖਿਅਤ ਜਗ੍ਹਾ ਤੇ ਰੱਖਣਾ ਸੀ। ਐੱਸਐੱਸਪੀ ਨੇ ਕਿਹਾ ਕਿ ਦੋਵਾਂ ਦੇ ਕਬਜ਼ੇ ’ਚੋਂ ਬਰਾਮਦ ਕੀਤੇ ਗਏ ਮੋਬਾਈਲਾਂ ਤੋਂ ਵੀ ਕਈ ਰਾਜ਼ ਸਾਹਮਣੇ ਆਏ ਹਨ। ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੀ ਛਾਪੇ ਮਾਰੇ ਜਾ ਰਹੇ ਹਨ।



