
ਬਾਲ ਕਿਸ਼ਨ
ਫਿਰੋਜ਼ਪੁਰ, 3 ਦਸੰਬਰ : ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੰਘਰਸ਼ ਕਰ ਰਹੇ ਫ਼ਰਦ ਕੇਂਦਰਾਂ ਦੇ ਕਰਮਚਾਰੀਆਂ ਨੇ ਬੁੱਧਵਾਰ ਨੂੰ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਫ਼ਰਦ ਕੇਂਦਰਾਂ ਵਿਚ ਕਲਮ ਛੱਡ ਹੜਤਾਲ ਕੀਤੀ ਅਤੇ ਇਸ ਦੌਰਾਨ 9 ਵਜੇ ਤੋਂ ਲੈ ਕੇ 2 ਵਜੇ ਤੱਕ ਸਾਰਾ ਕੰਮ-ਕਾਜ ਬੰਦ ਰੱਖਿਆ। ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਫ਼ਰਦ ਕੇਂਦਰ ਦੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਪ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ 4 ਦਸੰਬਰ ਨੂੰ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਹੜਤਾਲ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਉਨ੍ਹਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 4 ਦਸੰਬਰ ਦੀ ਹੜਤਾਲ ਤੋਂ ਬਾਅਦ ਉਹ ਸਰਕਾਰ ਤੋਂ ਆਪਣੇ ਹੱਕ ਲੈਣ ਲਈ ਅਗਾਮੀ ਰਣਨੀਤੀ ਤਿਆਰ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਹ ਸਰਕਾਰ ਖ਼ਿਲਾਫ਼ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ। ਜਿਸ ਤੋਂ ਪੈਦਾ ਹੋਣ ਵਾਲੇ ਗੰਭੀਰ ਨਤੀਜਿਆਂ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ 4 ਸਾਲ ਦਾ ਸਮਾਂ ਬੀਤ ਜਾਣ ’ਤੇ ਵੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਹੈ ਅਤੇ ਫ਼ਰਦ ਕੇਂਦਰਾਂ ਦੇ ਆਪਰੇਟਰਾਂ ਦੇ ਸੁਰੱਖਿਅਤ ਭਵਿੱਖ ਲਈ ਕੋਈ ਵੀ ਨੀਤੀ ਲਾਗੂ ਨਹੀਂ ਕੀਤੀ ਹੈ, ਜੋ ਕਿ ਉਨ੍ਹਾਂ ਨਾਲ ਸਰਾਸਰ ਧੋਖਾ ਹੈ।



