ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਫਿਰ ਝਟਕਾ, ਹਾਈ ਕੋਰਟ ਨੇ ਵੀ ਮੁੜ ਪਟੀਸ਼ਨ ਕੀਤੀ ਖਾਰਜ; 17Kg ਨਸ਼ੀਲੇ ਪਦਾਰਥਾਂ ਸਮੇਤ ਕੀਤਾ ਸੀ ਗ੍ਰਿਫ਼ਤਾਰ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 22 ਜੁਲਾਈ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਤੇ ਥਾਰ ਵਾਲੀ ਬੀਬੀ ਅਮਨਦੀਪ ਕੌਰ, ਜੋ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਵਿੱਚ ਸੁਰਖੀਆਂ ਵਿੱਚ ਹੈ, ਦੀ ਜ਼ਮਾਨਤ ਪਟੀਸ਼ਨ ਨੂੰ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਹਾਸਲ ਕਰਨ ਦੇ ਦੋਸ਼ ਵਿੱਚ ਦਾਇਰ ਕੀਤੇ ਗਏ ਇੱਕ ਮਾਮਲੇ ਵਿੱਚ ਫਿਰ ਤੋਂ ਰੱਦ ਕਰ ਦਿੱਤਾ ਹੈ। ਭਾਵੇਂ ਕੱਲ੍ਹ ਸਵੇਰੇ ਹਾਈ ਕੋਰਟ ਨੇ ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਪਰ ਦੁਪਹਿਰ ਵੇਲੇ ਉਸ ਦੇ ਵਕੀਲ ਨੇ ਅਦਾਲਤ ਨੂੰ ਬੇਨਤੀ ਕੀਤੀ ਸੀ ਕਿ ਜੇਕਰ ਉਸ ਨੂੰ ਕੁਝ ਸਮਾਂ ਦਿੱਤਾ ਜਾਵੇ ਤਾਂ ਉਹ ਕੁਝ ਮਹੱਤਵਪੂਰਨ ਤੱਥ ਪੇਸ਼ ਕਰਨਾ ਚਾਹੁੰਦਾ ਹੈ, ਇਸ ਬੇਨਤੀ ‘ਤੇ ਹਾਈ ਕੋਰਟ ਨੇ ਅੱਜ ਸਵੇਰੇ ਇਸ ਮਾਮਲੇ ‘ਤੇ ਦੁਬਾਰਾ ਸੁਣਵਾਈ ਕਰਨ ਦਾ ਫੈਸਲਾ ਕੀਤਾ ਸੀ। ਅੱਜ ਸਵੇਰੇ ਜਦੋਂ ਇਸ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਹੋਈ ਤਾਂ ਅਮਨਦੀਪ ਕੌਰ ਦੇ ਵਕੀਲ ਨੇ ਕਈ ਦਲੀਲਾਂ ਦਿੱਤੀਆਂ, ਪਰ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ, ਹਾਈ ਕੋਰਟ ਨੇ ਇੱਕ ਵਾਰ ਫਿਰ ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਸ ਤੋਂ ਪਹਿਲਾਂ 7 ਜੁਲਾਈ ਨੂੰ ਬਠਿੰਡਾ ਦੀ ਸਥਾਨਕ ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਅਮਨਦੀਪ ਕੌਰ ਨੇ ਆਪਣੇ ਵਕੀਲ ਰਾਹੀਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ। ਹਾਈ ਕੋਰਟ ਨੇ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ ਅਮਨਦੀਪ ਕੌਰ ਹੁਣ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕਰਨ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਸਕਦੀ ਹੈ। ਧਿਆਨ ਦੇਣ ਯੋਗ ਹੈ ਕਿ ਅਮਨਦੀਪ ਕੌਰ ਇਸ ਸਮੇਂ ਬਠਿੰਡਾ ਜੇਲ੍ਹ ਵਿੱਚ ਬੰਦ ਹੈ, ਜਿਸ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ 26 ਮਈ ਨੂੰ ਪਿੰਡ ਬਾਦਲ ਦੇ ਇੱਕ ਮਸ਼ਹੂਰ ਗਾਇਕ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ, ਉਹ ਵਿਜੀਲੈਂਸ ਕੋਲ ਪੁਲਿਸ ਰਿਮਾਂਡ ‘ਤੇ ਵੀ ਸੀ, ਪਰ ਉਸਦੀ ਸਿਹਤ ਅਚਾਨਕ ਵਿਗੜਨ ਕਾਰਨ, ਉਸਨੂੰ ਏਮਜ਼ ਹਸਪਤਾਲ, ਬਠਿੰਡਾ ਵਿੱਚ ਦਾਖਲ ਕਰਵਾਇਆ ਗਿਆ। ਜਿਸ ਤੋਂ ਬਾਅਦ ਵਿਜੀਲੈਂਸ ਦੀ ਮੰਗ ‘ਤੇ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਬਠਿੰਡਾ ਜੇਲ੍ਹ ਭੇਜ ਦਿੱਤਾ। ਜਿੱਥੋਂ ਉਸਨੇ ਹੁਣ ਇਹ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਪਰ ਹੁਣ ਹਾਈ ਕੋਰਟ ਨੇ ਉਸਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਏਐਨਟੀਐਫ ਟੀਮ ਨੇ ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਦੋਸ਼ੀ ਅਮਨਦੀਪ ਕੌਰ ਨੂੰ ਬਾਦਲ ਰੋਡ ਤੋਂ ਕਾਲੀ ਥਾਰ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ 17.71 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ, ਜਿਸ ਕਾਰਨ ਡੀਜੀਪੀ ਨੇ ਅਗਲੇ ਹੀ ਦਿਨ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ।



