Punjab

ਬੇਅਦਬੀ ’ਤੇ ਬਣਾਇਆ ਜਾਵੇਗਾ ਸਖ਼ਤ ਕਾਨੂੰਨ, CM Mann ਨੇ ਸਰਬ-ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ ਦੇ ਨੁਮਾਇੰਦਿਆਂ ਨਾਲ ਮੀਟਿੰਗ ’ਚ ਦਿੱਤਾ ਭਰੋਸਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 29 ਜੂਨ : ਮੁੱਖ ਮੰਤਰੀ ਭਗਵੰਚ ਮਾਨ ਨੇ ਐਲਾਨ ਕੀਤਾ ਹੈ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਵਿਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਅਧਿਕਾਰੀਆਂ ਅਤੇ ਸਰਬ-ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਮੁੱਚੀ ਦੁਨੀਆ ਨੂੰ ਆਪਸੀ ਪਿਆਰ ਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਮਾਜਵਾਦ ਅਤੇ ਧਰਮ ਨਿਰਪੱਖਤਾ ਦੇ ਵਿਲੱਖਣ ਸੁਮੇਲ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਉ੍ਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਠੋਸ ਸੂਬਾਈ ਕਾਨੂੰਨ ਬਣਾਉਣ ਲਈ ਸਰਕਾਰ ਵੱਲੋਂ ਕਾਨੂੰਨੀ ਮਾਹਰਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ ਤਾਂ ਜੋ ਅਪਰਾਧੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਮੌਜੂਦਾ ਕਾਨੂੰਨੀ ਤਰੁੱਟੀਆਂ ’ਤੇ ਚਿੰਤਾ ਪ੍ਰਗਟ ਕੀਤੀ ਜੋ ਅਜਿਹੇ ਨਾ-ਮਾਫ਼ੀਯੋਗ ਅਪਰਾਧਾਂ ਦੇ ਦੋਸ਼ੀ ਵਿਅਕਤੀਆਂ ਨੂੰ ਆਜ਼ਾਦ ਘੁੰਮਣ ਦੀ ਆਗਿਆ ਦਿੰਦੀਆਂ ਹਨ। ਉਨ੍ਹਾਂ ਇਸ ਨੂੰ ਪੂਰੀ ਤਰ੍ਹਾਂ ਗ਼ੈਰ-ਵਾਜਬ ਅਤੇ ਅਸਵੀਕਾਰਨਯੋਗ ਦੱਸਿਆ। ਮਾਨ ਨੇ ਕਿਹਾ ਕਿ ਇਨ੍ਹਾਂ ਬੇਅਦਬੀ ਦੀਆਂ ਘਟਨਾਵਾਂ ਵਿਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਨੂੰਨ ਦਾ ਖਰੜਾ ਤਿਆਰ ਕਰਨ ਲਈ ਧਾਰਮਿਕ ਸੰਗਠਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰੇਗੀ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਕਾਨੂੰਨ ਵਿਚ ਸ਼ਾਮਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਵਿਚ ਧਾਰਮਿਕ ਸਥਾਨਾਂ ਬਾਰੇ ਤਾਂ ਸਪੱਸ਼ਟ ਉਪਬੰਧ ਹਨ ਪਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਬਾਰੇ ਇਸ ਵਿਚ ਕੋਈ ਉਪਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਉਂਕਿ ਇਹ ਵਿਸ਼ਾ ਸਮਵਰਤੀ ਸੂਚੀ ਦੇ ਅਧੀਨ ਆਉਂਦਾ ਹੈ, ਇਸ ਲਈ ਰਾਜ ਕੋਲ ਅਜਿਹਾ ਕਾਨੂੰਨ ਬਣਾਉਣ ਦਾ ਅਧਿਕਾਰ ਹੈ ਅਤੇ ਇਸ ਲਈ ਕਾਨੂੰਨੀ ਰਾਏ ਲਈ ਜਾਵੇਗੀ। ਮਾਨ ਨੇ ਕਿਹਾ ਕਿ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਪ੍ਰਕਿਰਿਆ ਜਲਦੀ ਹੀ ਪੂਰੀ ਕੀਤੀ ਜਾਵੇਗੀ ਅਤੇ ਇਸ ਮੁੱਦੇ ਉਤੇ ਜਲਦੀ ਕੈਬਨਿਟ ਮੀਟਿੰਗ ਵੀ ਸੱਦੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button