Punjab

ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਕੇਂਦਰ ਸਰਕਾਰ : ਜਥੇਦਾਰ ਗੜਗੱਜ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ : ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਧਾਰਮਿਕ, ਪੰਥਕ ਤੇ ਰਾਜਨੀਤਕ ਸ਼ਖਸੀਅਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਜੇ ਮੁੱਖ ਪੰਡਾਲ ਵਿਚ ਸ਼੍ਰੋਮਣੀ ਕਮੇਟੀ ਅਧੀਨ ਚੱਲਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਕਵੀਸ਼ਰੀ, ਢਾਡੀ ਵਾਰਾਂ, ਕਵਿਤਾ ਅਤੇ ਭਾਸ਼ਣ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਸਮੇਤ ਹੋਰ ਸ਼ਖਸੀਅਤਾਂ ਵੱਲੋਂ ਸੰਬੋਧਨ ਕੀਤਾ ਗਿਆ। ਗੁਰਦੁਆਰਾ ਸੀਸ ਗੰਜ ਸਾਹਿਬ ਦੇ ਭਰੇ ਦੀਵਾਨ ਵਿਚ ਜਥੇਦਾਰ ਗੜਗੱਜ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਧਰਮ ਅਤੇ ਜ਼ਮੀਰ ਦੀ ਆਜ਼ਾਦੀ ਲਈ ਸ਼ਹਾਦਤ ਦੇ ਕੇ ਮੁਗ਼ਲ ਜ਼ੁਲਮ ਦੀ ਜੜ੍ਹ ਹਿਲਾ ਦਿੱਤੀ ਸੀ ਪਰ ਅੱਜ ਦੀਆਂ ਸਰਕਾਰਾਂ ਗੁਰੂ ਸਾਹਿਬ ਦੀ ਸੋਚ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਨੀਤੀਆਂ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿਧਾਨ ਸਭਾ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਗਿਆ ਵਿਸ਼ੇਸ਼ ਸੈਸ਼ਨ ਸਿੱਖ ਕੌਮ ਦੇ ਹੱਕਾਂ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਮਤਾ ਪਾਸ ਕਰਦਾ ਤਾਂ ਇਹ ਸਮਾਗਮ ਸਾਰਥਿਕ ਹੋ ਜਾਂਦੇ। ਜਥੇਦਾਰ ਨੇ ਸਰਕਾਰਾਂ ਨੂੰ ਸਿੱਖ ਕੈਦੀਆਂ ਨਾਲ ਹੋ ਰਹੇ ਵਰਤਾਓ ’ਤੇ ਸਪੱਸ਼ਟ ਸਟੈਂਡ ਲੈਣ ਲਈ ਕਿਹਾ ਅਤੇ ਦੱਸਿਆ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਿਖਾਉਂਦੀ ਹੈ ਕਿ ਜ਼ੁਲਮ ’ਤੇ ਅਧਿਕਾਰਾਂ ਦੀ ਕੁਰਬਾਨੀ ਨਾਲ ਕੋਈ ਰਾਜ ਨਹੀਂ ਟਿਕਦਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਤੁਰੰਤ ਕੀਤੀ ਜਾਵੇ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਸੰਕਲਪ ਅਤੇ ਸਿਧਾਂਤਾਂ ਦੇ ਅਨੁਸਾਰੀ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਅਤੇ ਉਪਦੇਸ਼ ਆਤਮ ਚਿੰਤਨ ਅਤੇ ਸਰਬ ਸਾਂਝੀਵਾਲਤਾ ਦੀ ਪ੍ਰੇਰਨਾ ਦਿੰਦੇ ਹਨ। ਇਸ ਮੌਕੇ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਜੀਤ ਸਿੰਘ ਜੌਹਲੇ ਵਾਲੇ, ਬਾਬਾ ਦਵਿੰਦਰ ਸਿੰਘ ਸ਼ਹਾਬਪੁਰ ਅਤੇ ਬਾਬਾ ਜੀਵਨ ਸਿੰਘ ਹਾਂਗਕਾਂਗ ਨੇ ਵੀ ਸੰਬੋਧਨ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਕਈ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਦਲਜੀਤ ਸਿੰਘ ਭਿੰਡਰ, ਅਮਰਜੀਤ ਸਿੰਘ ਚਾਵਲਾ, ਗੁਰਚਰਨ ਸਿੰਘ ਗਰੇਵਾਲ, ਗੁਰਬਖਸ਼ ਸਿੰਘ ਖਾਲਸਾ, ਭੁਪਿੰਦਰ ਸਿੰਘ ਭਲਵਾਨ, ਰਘਬੀਰ ਸਿੰਘ ਸਹਾਰਨਮਾਜਰਾ, ਅਜੈਬ ਸਿੰਘ ਅਭਿਆਸੀ, ਅਵਤਾਰ ਸਿੰਘ ਰੀਆ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਅਮਰੀਕ ਸਿੰਘ ਸਾਹਪੁਰ, ਸਤਬੀਰ ਸਿੰਘ ਧਾਮੀ, ਪ੍ਰਤਾਪ ਸਿੰਘ, ਇੰਜੀ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਗੁਰਦਿਆਲ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਬੀਬੀ ਸਤਵੰਤ ਕੌਰ, ਗਿਆਨੀ ਜੋਗਿੰਦਰ ਸਿੰਘ, ਰਾਮ ਸਿੰਘ ਮੁੰਬਈ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।

Related Articles

Leave a Reply

Your email address will not be published. Required fields are marked *

Back to top button