ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਣੇ 11 ਵਿਅਕਤੀ ਗ੍ਰਿਫ਼ਤਾਰ
75.08 ਗ੍ਰਾਮ ਹੈਰੋਇਨ, 172 ਨਸ਼ੀਲੀਆਂ ਗੋਲੀਆਂ ਤੇ 2 ਕਿਲੋ ਭੁੱਕੀ ਬਰਾਮਦ

ਬਠਿੰਡਾ, 24 ਅਕਤੂਬਰ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 11 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇੰਨ੍ਹਾਂ ਮੁਲਜ਼ਮਾਂ ਕੋਲੋਂ 75.08 ਗ੍ਰਾਮ ਹੈਰੋਇਨ 172 ਨਸ਼ੀਲੀਆਂ ਗੋਲੀਆਂ, 1220 ਪਾਬੰਦੀਸ਼ੁਦਾ ਕੈਪਸੂਲ ਅਤੇ 2 ਕਿਲੋ ਭੁੱਕੀ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ ਇਕ ਦੀ ਪੁਲਿਸ ਪਾਰਟੀ ਨੇ ਆਵਾ ਬਸਤੀ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 13 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਨਵਦੀਪ ਸਿੰਘ ਵਾਸੀ ਪੱਕਾ ਧੋਬੀਆਣਾ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਕੋਤਵਾਲੀ ਪੁਲਿਸ ਨੇ ਸੰਤਪੁਰਾ ਰੋਡ ’ਤੇ ਵਿਸ਼ਾਲ ਨਗਰ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਆਯੁਸ਼ ਕੁਮਾਰ ਵਾਸੀ ਅਰਜਨ ਨਗਰ ਬਠਿੰਡਾ ਵਜੋਂ ਹੋਈ ਹੈ। ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਵੀ ਸ਼ਹੀਦ ਊਧਮ ਸਿੰਘ ਨਗਰ ਵਿੱਚ ਛਾਪੇਮਾਰੀ ਕਰਦਿਆਂ ਮੰਗੂ ਸਿੰਘ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਹਵਾਲਾਤ ਵਿੱਚ ਬੰਦ ਕਰ ਦਿੱਤਾ ਹੈ। ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਗੋਨਿਆਣਾ ਮੰਡੀ ਵਿੱਚ ਇਕ ਸਕਾਰਪੀਓ ਗੱਡੀ ਨੰਬਰ ਪੀਬੀ 62 ਸੀ 7500 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਗੱਡੀ ਵਿੱਚੋਂ 67 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਪਾਰਟੀ ਨੇ ਕਾਰ ਚਾਲਕ ਦਵਿੰਦਰਦੀਪ ਸਿੰਘ ਵਾਸੀ ਪਿੰਡ ਦਲ ਸਿੰਘ ਵਾਲਾ ਨੂੰ ਗ੍ਰਿਫਤਾਰ ਕਰ ਲਿਆ। ਇਸ ਤਰ੍ਹਾਂ ਹੀ ਇਸ ਥਾਣੇ ਦੀ ਪੁਲਿਸ ਨੇ ਪਿੰਡ ਜੀਦਾ ਨੇੜੇ ਨੁਕਲ ਖਾਂ ਵਾਸੀ ਪਿੰਡ ਜੀਦਾ ਨੂੰ ਪੰਜ ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਤਰ੍ਹਾਂ ਹੀ ਥਾਣਾ ਨਥਾਣਾ ਦੀ ਪੁਲਿਸ ਨੇ ਭੁਚੋ ਮੰਡੀ ਨੇੜੇ ਸ਼ੱਕੀ ਵਿਅਕਤੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1.35 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਗੁਰਮੀਤ ਸਿੰਘ ਵਾਸੀ ਪਿੰਡ ਗਿੱਦੜ ਵੱਲੋਂ ਹੋਈ ਹੈ। ਥਾਣਾ ਫੂਲ ਦੀ ਪੁਲਿਸ ਨੇ ਪਿੰਡ ਆਲੀਕੇ ਵਿੱਚ ਛਾਪੇਮਾਰੀ ਕਰਦਿਆਂ ਰਣਜੀਤ ਸਿੰਘ ਵਾਸੀ ਰਾਮਾ ਪੱਤੀ ਆਲੀਕੇ ਨੂੰ ਡੇਢ ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਵੀ ਮੌੜ ਚੌਂਕ ਵਿੱਚ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1220 ਪਾਬੰਦੀ ਸ਼ੁਦਾ ਕੈਪਸੂਲ ਬਰਾਮਦ ਕੀਤੇ ਗਏ।



