ਮਜੀਠੀਆ ਖਿਲਾਫ਼ ਕਾਰਵਾਈ ‘ਤੇ ਸਵਾਲ ਉਠਾਉਣਾ ਕੁੰਵਰ ਵਿਜੇ ਪ੍ਰਤਾਪ ਨੂੰ ਪਿਆ ਮਹਿੰਗਾ, AAP ਨੇ ਪਾਰਟੀ ਤੋਂ 5 ਸਾਲ ਲਈ ਕੀਤਾ ਮੁਅੱਤਲ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 29 ਜੂਨ : ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਲਿਆ ਹੈ। ਕੁੰਵਰ ਨੇ 25 ਜੂਨ ਨੂੰ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਸਵਾਲ ਉਠਾਏ ਸਨ। ਜਿਸ ਨੂੰ ਪਾਰਟੀ ਨੇ ਅਨੁਸ਼ਾਸਨਹੀਣਤਾ ਮੰਨਿਆ। ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਆਮ ਆਦਮੀ ਪਾਰਟੀ ਤੋਂ 2022 ਦੀਆਂ ਚੋਣਾਂ ਲੜੀਆਂ। ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ, ਕੁਮਾਰ ਵਿਜੇ ਪ੍ਰਤਾਪ ਅਕਸਰ ਵਿਧਾਨ ਸਭਾ ਵਿੱਚ ਆਪਣੀ ਸਰਕਾਰ ‘ਤੇ ਅਜਿਹੇ ਮਾਮਲਿਆਂ ਵਿੱਚ ਠੋਸ ਕਾਰਵਾਈ ਨਾ ਕਰਨ ‘ਤੇ ਸਵਾਲ ਉਠਾਉਂਦੇ ਸਨ। ਪੁਲਿਸ ਅਧਿਕਾਰੀ ਹੁੰਦਿਆਂ, ਕੁੰਵਰ ਕਾਂਗਰਸ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਦੇ ਮੈਂਬਰ ਸਨ। ਉਨ੍ਹਾਂ ਨੇ ਐਸਆਈਟੀ ਵੱਲੋਂ ਆਪਣੀ ਰਿਪੋਰਟ ਅਦਾਲਤ ਵਿੱਚ ਵੀ ਪੇਸ਼ ਕੀਤੀ। ਜਦੋਂ ਕੁੰਵਰ ਰਾਜਨੀਤੀ ਵਿੱਚ ਆਏ ਤਾਂ ਆਮ ਆਦਮੀ ਪਾਰਟੀ ਨੇ ਪੂਰੇ ਸੂਬੇ ਵਿੱਚ ਆਪਣੇ ਹੋਰਡਿੰਗ ਅਤੇ ਪੋਸਟਰ ਲਗਾਏ ਸਨ। ਕੁੰਵਰ ਆਪਣੀ ਸਰਕਾਰ ਬਣਨ ਤੋਂ ਬਾਅਦ ਹੀ ਵਿਧਾਨ ਸਭਾ ਵਿੱਚ ਬੇਅਦਬੀ ਦੇ ਮੁੱਦੇ ਉਠਾਉਂਦੇ ਰਹੇ। 25 ਜੂਨ ਨੂੰ ਕੁੰਵਰ ਨੇ ਵਿਜੀਲੈਂਸ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਸਵਾਲ ਉਠਾਏ ਸਨ। ਉਨ੍ਹਾਂ ਕਿਹਾ ਸੀ ਕਿ ਜਦੋਂ ਮਜੀਠੀਆ ਡਰੱਗਜ਼ ਮਾਮਲੇ ਵਿੱਚ ਜੇਲ੍ਹ ਵਿੱਚ ਸੀ, ਤਾਂ ਸਰਕਾਰ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੂਰੀ ਜਾਂਚ ਕਿਉਂ ਨਹੀਂ ਕੀਤੀ। ਉਨ੍ਹਾਂ ਨੇ ਗ੍ਰਿਫ਼ਤਾਰੀ ਦੇ ਤਰੀਕਿਆਂ ਬਾਰੇ ਪਾਰਟੀ ਦੇ ਇਰਾਦਿਆਂ ‘ਤੇ ਵੀ ਸਵਾਲ ਉਠਾਏ ਸਨ। ਜਿਸ ਕਾਰਨ ਆਮ ਆਦਮੀ ਪਾਰਟੀ ਲਈ ਆਪਣੀ ਕਾਰਵਾਈ ਦਾ ਜਵਾਬ ਦੇਣਾ ਮੁਸ਼ਕਲ ਹੋ ਗਿਆ ਸੀ। ਪਾਰਟੀ ਨੇ ਕੁੰਵਰ ਵੱਲੋਂ ਵਾਰ-ਵਾਰ ਮੁੱਦੇ ਉਠਾਉਣ ਨੂੰ ਅਨੁਸ਼ਾਸਨਹੀਣਤਾ ਮੰਨਿਆ ਅਤੇ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਐਤਵਾਰ ਨੂੰ ਸਖ਼ਤ ਕਦਮ ਚੁੱਕਿਆ ਅਤੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਤੋਂ 5 ਸਾਲਾਂ ਲਈ ਮੁਅੱਤਲ ਕਰ ਦਿੱਤਾ।



