Punjab

ਮਮਦੋਟ ਪੁਲਿਸ ਵੱਲੋਂ ਨਾਕੇ ਦੌਰਾਨ ਸ਼ੱਕੀ ਵਾਹਨਾਂ ਦੀ ਕੀਤੀ ਗਈ ਚੈਕਿੰਗ

ਮਮਦੋਟ, 2 ਅਗਸਤ : ਜ਼ਿਲ੍ਹਾ ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਕਪਤਾਨ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲੇ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਪੁਲਿਸ ਵੱਲੋਂ ਨਿਰੰਤਰ ਨਾਕੇ ਲਗਾ ਕੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮਕਸਦ ਸਿਰਫ਼ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਜਾਂਚ ਕਰਨਾ ਹੀ ਨਹੀਂ, ਸਗੋਂ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨੀ ਵੀ ਹੈ। ਇਸ ਸਿਲਸਿਲੇ ਵਿਚ ਦਿਹਾਤੀ ਡੀਐੱਸਪੀ ਕਰਨ ਸ਼ਰਮਾ ਨੇ ਐੱਸਐੱਚਓ ਗੁਰਿੰਦਰ ਕੁਮਾਰ ਥਾਣਾ ਮਮਦੋਟ ਅਤੇ ਸਬ ਇੰਸਪੈਕਟਰ ਸੁਖਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਫਿਰੋਜ਼ਪੁਰ-ਫਾਜ਼ਿਲਕਾ ਰੋਡ ਦੇ ਟੀ ਪੁਆਇੰਟ ਵਿਖੇ ਵਿਸ਼ੇਸ਼ ਨਾਕਾ ਲਗਾ ਕੇ ਕਾਰਵਾਈ ਕੀਤੀ। ਇਸ ਦੌਰਾਨ ਸ਼ੱਕੀ ਪੁਰਸ਼ਾਂ ਦੀ ਪੜਤਾਲ ਕੀਤੀ ਗਈ, ਬਿਨ੍ਹਾ ਨੰਬਰ ਵਾਲੇ ਮੋਟਰਸਾਈਕਲਾਂ ਅਤੇ ਕਾਰਾਂ ਦੀ ਸਖ਼ਤ ਚੈਕਿੰਗ ਕੀਤੀ ਗਈ। ਪੁਲਿਸ ਟੀਮ ਨੇ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਅਤੇ ਜਿੱਥੇ ਲੋੜ ਪਈ, ਉਥੇ ਬਣਦੀ ਕਾਰਵਾਈ ਕੀਤੀ ਗਈ। ਡੀਐੱਸਪੀ ਕਰਨ ਸ਼ਰਮਾ ਨੇ ਮਮਦੋਟ ਪ੍ਰੈਸ ਕਲੱਬ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਚੈਕਿੰਗ ਮੁਹਿੰਮਾਂ ਦਾ ਮੁੱਖ ਉਦੇਸ਼ ਅਪਰਾਧਿਕ ਗਤੀਵਿਧੀਆਂ ’ਤੇ ਨਿਗਰਾਨੀ ਰੱਖਣਾ, ਨਸ਼ਿਆਂ ਦੀ ਤਸਕਰੀ ਨੂੰ ਰੋਕਣਾ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿਚ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੁਲਿਸ ਸਿਰਫ਼ ਚੈਕਿੰਗ ਹੀ ਨਹੀਂ ਕਰ ਰਹੀ, ਸਗੋਂ ਲੋਕਾਂ ਨੂੰ ਕਾਨੂੰਨ ਦੀ ਮਹੱਤਤਾ ਬਾਰੇ ਵੀ ਜਾਗਰੂਕ ਕਰ ਰਹੀ ਹੈ।ਚੈਕਿੰਗ ਦੌਰਾਨ ਯਾਤਰੀਆਂ ਨੂੰ ਦੱਸਿਆ ਗਿਆ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ ਪੂਰੇ ਰੱਖਣ, ਨੰਬਰ ਪਲੇਟਾਂ ਲਗਾਉਣ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ। ਪੁਲਿਸ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਅੱਗੇ ਆਉਣ ਵਾਲੇ ਦਿਨਾਂ ਵਿਚ ਅਜਿਹੀਆਂ ਕਾਰਵਾਈਆਂ ਹੋਰ ਵੀ ਤੇਜ਼ ਕੀਤੀਆਂ ਜਾਣਗੀਆਂ। ਇਹ ਚੈਕਿੰਗ ਮੁਹਿੰਮਾਂ ਜ਼ਿਲ੍ਹੇ ਵਿਚ ਅਪਰਾਧ ਨੂੰ ਕੰਟਰੋਲ ਕਰਨ, ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਲਗਾਤਾਰ ਜਾਰੀ ਰਹਿਣਗੀਆਂ। ਸੁਰੱਖਿਅਤ ਅਤੇ ਅਪਰਾਧ-ਰਹਿਤ ਸਮਾਜ ਵੱਲ ਕਦਮ ਚੁੱਕਦਿਆਂ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਗਲਤ ਗਤੀਵਿਧੀ ਬਾਰੇ ਜਾਣਕਾਰੀ ਦੇਣ।

Related Articles

Leave a Reply

Your email address will not be published. Required fields are marked *

Back to top button