
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 29 ਨਵੰਬਰ : ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਅਗਲੇ ਮਹੀਨੇ ਤੋਂ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿੱਚ ਕੇਸ ਦੀ ਕਾਰਵਾਈ ਸ਼ੁਰੂ ਹੋ ਜਾਵੇਗੀ। ਸੀ.ਬੀ.ਆਈ. ਨੇ ਉਨ੍ਹਾਂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅਗਲੇ ਮਹੀਨੇ 15 ਦਸੰਬਰ ਤੋਂ ਪਹਿਲਾਂ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਜਾਵੇਗੀ। ਸੀ.ਬੀ.ਆਈ. ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਵੀ ਜਾਂਚ ਕਰ ਰਹੀ ਹੈ ਅਤੇ ਸੂਤਰਾਂ ਮੁਤਾਬਕ ਉਹ ਜਾਂਚ ਵੀ ਪੂਰੀ ਹੋਣ ਵਾਲੀ ਹੈ। ਭੁੱਲਰ ਅਤੇ ਵਿਚੋਲੇ ਕ੍ਰਿਸ਼ਣੂ ਸ਼ਾਰਦਾ ਨੂੰ ਸੀ.ਬੀ.ਆਈ. ਨੇ 16 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋਵੇਂ ਮੰਡੀ ਗੋਬਿੰਦਗੜ੍ਹ ਦੇ ਇੱਕ ਸਕਰੈਪ ਡੀਲਰ ਆਕਾਸ਼ ਬੱਤਾ ਤੋਂ ਅੱਠ ਲੱਖ ਰੁਪਏ ਰਿਸ਼ਵਤ ਮੰਗ ਰਹੇ ਸਨ।
ਭੁੱਲਰ ਦੇ ਘਰੋਂ ਮਿਲੇ ਸਨ ਸਾਢੇ ਸੱਤ ਕਰੋੜ ਨਕਦ
ਸੀ.ਬੀ.ਆਈ. ਨੇ ਗ੍ਰਿਫ਼ਤਾਰੀ ਤੋਂ ਬਾਅਦ ਭੁੱਲਰ ਦੇ ਸੈਕਟਰ-40 ਸਥਿਤ ਘਰ ‘ਤੇ ਛਾਪੇਮਾਰੀ ਕੀਤੀ ਸੀ। ਉਸ ਦੌਰਾਨ ਸੀ.ਬੀ.ਆਈ. ਨੂੰ ਉਨ੍ਹਾਂ ਦੇ ਘਰੋਂ ਸਾਢੇ ਸੱਤ ਕਰੋੜ ਨਕਦ ਅਤੇ ਢਾਈ ਕਿਲੋ ਸੋਨਾ ਮਿਲਿਆ ਸੀ। ਉਨ੍ਹਾਂ ਕੋਲ ਕਈ ਬੇਨਾਮੀ ਜਾਇਦਾਦਾਂ ਦਾ ਵੀ ਪਤਾ ਚੱਲਿਆ ਸੀ, ਜਿਸ ਤੋਂ ਬਾਅਦ ਸੀ.ਬੀ.ਆਈ. ਨੇ ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਵੀ ਦਰਜ ਕਰ ਲਿਆ ਸੀ। ਉੱਥੇ ਹੀ ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਹੈ।



