Punjab

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ

ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਬਠਿੰਡਾ, 1 ਮਾਰਚ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਉਪਲਬਧ ਕਰਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਆਸਾਨ ਕਰ ਦਿੱਤਾ ਗਿਆ ਹੈ। ਹੁਣ ਸਿਰਫ਼ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈਡੀ ਕਾਰਡ ਦੇ ਆਧਾਰ ‘ਤੇ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਡੀਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਿਵਾਸੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਜਾਂ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪਾਂ ਵਿੱਚ ਜਾ ਕੇ ਆਸਾਨੀ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਪੰਜਾਬ ਨਿਵਾਸੀ, ਜਿਸ ਕੋਲ ਆਧਾਰ ਕਾਰਡ ਅਤੇ ਪੰਜਾਬ ਦਾ ਵੋਟਰ ਆਈਡੀ ਕਾਰਡ ਹੈ, ਉਹ ਇਸ ਯੋਜਨਾ ਦੇ ਅਧੀਨ ਨਾਮ ਦਰਜ ਕਰਵਾ ਸਕਦਾ ਹੈ। ਡੀਸੀ ਨੇ ਦੱਸਿਆ ਕਿ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਾਉਣ ਲਈ ਚਲਾਈ ਜਾ ਰਹੀ ਇਸ ਮੁਹਿੰਮ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਨਿਵਾਸੀ ਲਾਭ ਉਠਾ ਰਹੇ ਹਨ। ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਅਤੇ ਕਾਰਡ ਬਣਨ ਦੀ ਸਹੂਲਤ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਯੋਜਨਾ ਦਾ ਮੁੱਖ ਉਦੇਸ਼ ਗੰਭੀਰ ਬਿਮਾਰੀਆਂ ਦੇ ਇਲਾਜ ਕਾਰਨ ਪਰਿਵਾਰਾਂ ‘ਤੇ ਪੈਣ ਵਾਲੇ ਭਾਰੀ ਆਰਥਿਕ ਬੋਝ ਤੋਂ ਉਨ੍ਹਾਂ ਨੂੰ ਬਚਾਉਣਾ ਹੈ, ਤਾਂ ਜੋ ਕੋਈ ਵੀ ਪਰਿਵਾਰ ਇਲਾਜ ਦੀ ਘਾਟ ਕਾਰਨ ਪਰੇਸ਼ਾਨ ਨਾ ਹੋਵੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵਿਸ਼ੇਸ਼ ਕੈਂਪਾਂ ਦੇ ਨਾਲ-ਨਾਲ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਨਾਲ ਵੱਧ ਤੋਂ ਵੱਧ ਲੋਕ ਯੋਜਨਾ ਦਾ ਲਾਭ ਲੈ ਸਕਣ। ਸਬੰਧਤ ਸਟਾਫ਼ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਪਾਰਦਰਸ਼ੀ ਹੋਵੇ ਅਤੇ ਲਾਭਪਾਤਰੀਆਂ ਨੂੰ ਤੁਰੰਤ ਸੇਵਾ ਮਿਲੇ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਕਿਸੇ ਵਾਧੂ ਦਸਤਾਵੇਜ਼ ਦੀ ਲੋੜ ਨਹੀਂ ਹੈ। ਯੋਗ ਲਾਭਪਾਤਰੀ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਜਾਂ ਕੈਂਪ ਵਿੱਚ ਪਹੁੰਚ ਕੇ ਤੁਰੰਤ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਯੋਜਨਾ ਦਾ ਲਾਭ ਉਠਾ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button