
ਲੁਧਿਆਣਾ, , 20 ਅਗਸਤ : ਸ਼ਹਿਰ ਭਰ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਤੇ ਧਿਆਨ ਕੇਂਦਰਿਤ ਕਰਦੇ ਹੋਏ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਮੰਗਲਵਾਰ ਨੂੰ ਜ਼ੋਨ ਡੀ ਦਫ਼ਤਰ ਵਿਖੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਅਤੇ ਖੁੱਲ੍ਹੇ ਡੰਪਿੰਗ ਸਾਈਟਾਂ ਤੋਂ ਨਿਯਮਤ ਤੌਰ ਤੇ ਕੂੜਾ ਚੁੱਕਣ ਅਤੇ ਸ਼ਹਿਰ ਭਰ ਵਿੱਚੋਂ ਕੂੜੇ ਦੀ ਨਿਯਮਿਤ ਲਿਫ਼ਟਿੰਗ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਮੇਅਰ ਇੰਦਰਜੀਤ ਕੌਰ ਨੇ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸਾਰੀਆਂ ਸਟੈਟਿਕ ਕੰਪੈਕਟਰ ਸਾਈਟਾਂ ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਅਤੇ ਕੂੜੇ ਨੂੰ ਖੁੱਲ੍ਹੇ ਵਿੱਚ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸੰਯੁਕਤ ਕਮਿਸ਼ਨਰ-ਕਮ-ਜ਼ੋਨਲ ਕਮਿਸ਼ਨਰ (ਜ਼ੋਨ ਡੀ) ਅਭਿਸ਼ੇਕ ਸ਼ਰਮਾ, ਸਹਾਇਕ ਕਮਿਸ਼ਨਰ-ਕਮ-ਜ਼ੋਨਲ ਕਮਿਸ਼ਨਰ (ਜ਼ੋਨ ਏ ਅਤੇ ਬੀ) ਨੀਰਜ ਜੈਨ, ਸਹਾਇਕ ਕਮਿਸ਼ਨਰ-ਕਮ-ਜ਼ੋਨਲ ਕਮਿਸ਼ਨਰ (ਜ਼ੋਨ ਸੀ) ਗੁਰਪਾਲ ਸਿੰਘ, ਨਿਗਰਾਨ ਇੰਜੀਨੀਅਰ ਸ਼ਾਮ ਲਾਲ ਗੁਪਤਾ, ਸੀ.ਐਸ.ਓ ਅਸ਼ਵਨੀ ਸਹੋਤਾ, ਸਿਹਤ ਅਧਿਕਾਰੀ ਡਾ. ਵਿਪਲ ਮਲਹੋਤਰਾ, ਸੀ.ਐਸ.ਆਈਜ਼, ਐਸ.ਆਈਜ਼ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਅਧਿਕਾਰੀਆਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਖਾਲੀ ਪਲਾਟਾਂ ਦੇ ਮਾਲਕਾਂ ਨੂੰ ਆਪਣੇ ਪਲਾਟਾਂ ਤੋਂ ਕੂੜਾ ਚੁੱਕਣ ਲਈ ਨਿਰਦੇਸ਼ ਦੇਣ। ਇਸ ਤੋਂ ਇਲਾਵਾ ਮਾਲਕਾਂ ਨੂੰ ਜੁਰਮਾਨੇ/ਚਲਾਨਾਂ ਤੋਂ ਬਚਣ ਲਈ ਆਪਣੇ ਪਲਾਟਾਂ ਦੇ ਆਲੇ-ਦੁਆਲੇ ਚਾਰਦੀਵਾਰੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ। ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ਤੇ ਸਫ਼ਾਈ ਸੇਵਕਾਂ ਦੀ ਹਾਜ਼ਰੀ ਦੀ ਜਾਂਚ ਕਰਨ ਅਤੇ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਫੌਗਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਵਸਨੀਕਾਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਾਰੀਆਂ ਸਟੈਟਿਕ ਕੰਪੈਕਟਰ ਸਾਈਟਾਂ ਤੇ ਜਨਰੇਟਰ ਸੈੱਟ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ, ਸਫਾਈ ਆਦਿ ਬਾਰੇ ਵਸਨੀਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਗੈਰ-ਸਰਕਾਰੀ ਸੰਗਠਨਾਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਯੂ.ਏ) ਆਦਿ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੇਅਰ ਨੇ ਕਿਹਾ ਕਿ ਜ਼ਮੀਨੀ ਪੱਧਰ ਤੇ ਸਥਿਤੀ ਨੂੰ ਸੁਧਾਰਨ ਲਈ ਹਫਤਾਵਾਰੀ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਹ ਜ਼ਮੀਨੀ ਪੱਧਰ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਨਿਰੀਖਣ ਵੀ ਕਰ ਰਹੇ ਹਨ। ਇਸ ਤੋਂ ਇਲਾਵਾ ਮੇਅਰ ਇੰਦਰਜੀਤ ਕੌਰ ਨੇ ਵਸਨੀਕਾਂ ਨੂੰ ਸ਼ਹਿਰ ਨੂੰ ਸਾਫ਼ ਅਤੇ ਹਰਿਆ-ਭਰਿਆ ਰੱਖਣ ਵਿੱਚ ਅਧਿਕਾਰੀਆਂ ਦਾ ਸਮਰਥਨ ਕਰਨ ਦੀ ਵੀ ਅਪੀਲ ਕੀਤੀ।



