
ਸੁਨਾਮ, 5 ਮਈ- ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਕਿਸਾਨਾਂ ਦੇ ਜ਼ਬਰੀ ਚੁਕਵਾਏ ਧਰਨਿਆਂ ਤੋਂ ਬਾਅਦ ਐਸਕੇਐੱਮ ਗ਼ੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਦੋਵੇਂ ਫੋਰਮਾਂ ਵੱਲੋਂ ਪੰਜਾਬ ਅੰਦਰ ਸੂਬੇ ਦੇ ਮੰਤਰੀ ਅਤੇ ਵਿਧਾਇਕਾਂ ਤੋਂ ਸਵਾਲ ਪੁੱਛਣ ਦੇ ਕੀਤੇ ਐਲਾਨ ਤਹਿਤ ਐਤਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਕਸਬਾ ਲੌਂਗੋਵਾਲ ਵਿਖੇ ਵੱਡੀ ਗਿਣਤੀ ਵਿੱਚ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਸਵਾਲ ਪੁੱਛਣ ਲਈ ਪਿੰਡ ਦੀ ਸੱਥ ਵਿੱਚ ਇਕੱਠੇ ਹੋਏ। ਕਿਸਾਨ ਬੀਬੀਆਂ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਲੇਕਿਨ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸਮਾਗਮ ਵਾਲੀ ਜਗ੍ਹਾ ਤੋਂ ਦੂਰ ਜ਼ਬਰਦਸਤ ਨਾਕੇਬੰਦੀ ਕਰਕੇ ਰੋਕ ਲਿਆ। ਇਸੇ ਦੌਰਾਨ ਮੰਤਰੀ ਤੋਂ ਸਵਾਲ ਪੁੱਛਣ ਜਾਂਦੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਜ਼ੋਰਦਾਰ ਤਕਰਾਰ ਹੋਈ। ਦੱਸ ਦੇਈਏ ਕੈਬਨਿਟ ਮੰਤਰੀ ਅਮਨ ਅਰੋੜਾ ਲੌਂਗੋਵਾਲ ਵਿਖੇ ਹਸਪਤਾਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਲਈ ਆਏ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਜਸਵੀਰ ਸਿੰਘ ਮੈਦੇਵਾਸ, ਕੁਲਵਿੰਦਰ ਸਿੰਘ ਸੋਨੀ ਅਤੇ ਹੈਪੀ ਨਮੋਲ ਨੇ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਕਿਸਾਨ ਸਵਾਲ ਪੁੱਛਣ ਜਾ ਰਹੇ ਸਨ ਲੇਕਿਨ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਕੇ ਅੱਗੇ ਵਧਣ ਤੋਂ ਰੋਕ ਦਿੱਤਾ। ਉਨ੍ਹਾਂ ਆਖਿਆ ਕਿ ਜਿੰਨਾਂ ਸਮਾ ਪੰਜਾਬ ਸਰਕਾਰ ਕਿਸਾਨਾਂ ਦੇ ਮੋਰਚੇ ਸੰਬੰਧੀ ਕੀਤੇ ਨੁਕਸਾਨ ਦੀ ਭਰਪਾਈ ਨਹੀਂ ਕਰਦੀ ਉਨ੍ਹਾਂ ਸਮਾਂ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਹਰ ਗਲੀ ਮੁਹੱਲੇ ਅਤੇ ਸੱਥ ਵਿੱਚ ਦੇਖਣਾ ਪਵੇਗਾ। ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੂਬੇ ਦੀਆਂ ਸੱਥਾਂ ਚੋਂ ਸਰਕਾਰ ਚਲਾਉਣ ਦੇ ਦਾਅਵੇ ਕਰਨ ਵਾਲੇ ਹੁਣ ਸੱਥਾਂ ਵਿੱਚ ਸਵਾਲ ਪੁੱਛਣ ਪੁੱਜੇ ਲੋਕਾਂ ਤੋਂ ਕਿਨਾਰਾ ਕਰ ਰਹੇ ਹਨ। ਇਸ ਮੌਕੇ ਜ਼ਿਲਾ ਪ੍ਰਧਾਨ ਕੁਲਵਿੰਦਰ ਸਿੰਘ ਲੌਂਗੋਵਾਲ, ਹਰਦੇਵ ਸਿੰਘ ਕੁਲਾਰ, ਸੁਖਦੇਵ ਸਿੰਘ ਲੌਗੋਵਾਲ, ਮਹਿੰਦਰ ਸਿੰਘ ਮੰਗਵਾਲ,ਬਾਰਾ ਮੰਗਵਾਲ,ਰੂਪਾ ਲੌਂਗੋਵਾਲ, ਅਮਰਜੀਤ ਸਿੰਘ ਲੌਂਗੋਵਾਲ, ਬਲਜਿੰਦਰ ਸਿੰਘ ਲੌਂਗੋਵਾਲ, ਮੱਖਣ ਚੀਮਾਂ,ਬੰਸਾ ਝਾੜੋਂ, ਸੁਖਦੇਵ ਕਿਲ੍ਹਾ ਭਰੀਆਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਬੀਬੀਆਂ ਹਾਜ਼ਰ ਸਨ।



