
ਬਠਿੰਡਾ, 2 ਮਾਰਚ- ਥਾਣਾ ਰਾਮਪੁਰਾ (ਸ਼ਹਿਰੀ) ਦੀ ਪੁਲਿਸ ਵੱਲੋਂ ਸੱਤਾਧਾਰੀ ਧਿਰ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਨਿੱਜੀ ਸਹਾਇਕ ਰੇਸ਼ਮ ਸਿੰਘ ਦੇ ਬਿਆਨਾਂ ਦੇ ਅਧਾਰ ਤੇ ਇਕ ਨਿੱਜੀ ਯੂਟਿਊਬ ਚੈਨਲ ਦੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੇ ਰੋਸ ਵਜੋਂ ਪੱਤਰਕਾਰ ਅਤੇ ਵੱਖ-ਵੱਖ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ 3 ਮਾਰਚ ਨੂੰ 11 ਬਠਿੰਡਾ ਦੇ ਮਿੰਨੀ ਸਕੱਤਰੇਤ ਵਿੱਚ ਭਰਵਾਂ ਰੋਸ ਪ੍ਰਦਰਸ਼ਨ ਕੀਤਾ ਜਾਣਾ ਸੀ, ਜਿਸਨੂੰ ਲੈਕੇ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਚਿੰਤਤ ਸੀ। ਜਿਸਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪ੍ਰਸ਼ਾਸਨ ਨੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਦੇ ਖਿਲਾਫ ਦਰਜ ਕੀਤੇ ਗਏ ਮੁਕੱਦਮੇ ਨੂੰ ਰੱਦ ਕਰਨ ਦਾ ਐਲਾਨ ਕੀਤਾ। ਜਿਸ ਤੋਂ ਬਾਅਦ 3 ਮਾਰਚ ਨੂੰ ਹੋਣ ਵਾਲਾ ਸੰਘਰਸ਼ ਰੱਦ ਕਰਨ ਦਾ ਫੈਸਲਾ ਲਿਆ, ਇਸ ਫੈਸਲੇ ਤੋਂ ਬਾਅਦ ਸਰਕਾਰ ਅਤੇ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ। ਬਠਿੰਡਾ ਪ੍ਰੈਸ ਕਲੱਬ ਦੇ ਪ੍ਰਧਾਨ ਬਖਤੌਰ ਸਿੰਘ ਢਿੱਲੋਂ, ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਪਰਵਿੰਦਰ ਸਿੰਘ ਜੌੜਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਨੈਬ ਸਿੰਘ ਸਿੱਧੂ ਨੇ ਸੂਬੇ ਭਰ ਦੀਆਂ ਸਮੂਹ ਲੋਕ ਪੱਖੀ ਜੱਥੇਬੰਦੀਆਂ ਦਾ ਧੰਨਵਾਦ ਕਰਦੇ ਕਿਹਾ ਕਿ ਇਸ ਜਿੱਤ ਨਾਲ ਲੋਕਾਂ ਦੀ ਜਿੱਤ ਹੋਈ ਹੈ। ਇਸੇ ਦੌਰਾਨ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਨੇ ਸਮੂਹ ਪੱਤਰਕਾਰਾਂ ਅਤੇ ਲੋਕ ਪੱਖੀ ਜੱਥੇਬੰਦੀਆਂ ਦੇ ਆਗੂਆਂ ਦਾ ਧੰਨਵਾਦ ਕਰਦੇ ਕਿਹਾ ਕਿ ਉਨ੍ਹਾਂ ਦੇ ਅਥਾਹ ਸਹਿਯੋਗ ਨੇ ਉਨ੍ਹਾਂ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੀਨੀਅਰ ਪੱਤਰਕਾਰ ਸਾਥੀਆਂ ਨਾਲ ਚੰਗੇ ਸਬੰਧ ਹਨ, ਉਹ ਪੱਤਰਕਾਰਾਂ ਦਾ ਸਤਿਕਾਰ ਕਰਦੇ ਹਨ ਪਰ ਜੋ ਇੱਥੇ ਹੋਇਆ ਹੋਣਾ ਨਹੀਂ ਸੀ ਚਾਹੀਦਾ, ਪ੍ਰੰਤੂ ਫਿਰ ਵੀ ਪੱਤਰਕਾਰ ਵੀਰਾਂ ਅਤੇ ਜੱਥੇਬੰਦੀਆਂ ਦੇ ਆਗੂਆਂ ਦੀ ਬਦੌਲਤ ਆਪਸੀ ਪਿਆਰ ਨਾਲ ਇਸ ਮਸਲੇ ਦਾ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਦਰਜ ਕੀਤੇ ਗਏ ਪਰਚੇ ਨੂੰ ਰੱਦ ਕਰਨ ਦੀ ਕਾਨੂੰਨੀ ਕਾਰਵਾਈ ਹੀ ਮੁਕੰਮਲ ਕੀਤੀ ਜਾ ਰਹੀ ਹੈ। ਪਰਦੀਪ ਸਿੰਘ ਡੀਐੱਸਪੀ ਫੂਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਰੇਸ਼ਮ ਸਿੰਘ ਦੇ ਬਿਆਨਾਂ ‘ਤੇ ਆਧਾਰਤ ਪਰਚਾ ਦਰਜ ਕੀਤਾ ਗਿਆ ਸੀ ਪ੍ਰੰਤੂ ਹੁਣ ਰੇਸ਼ਮ ਸਿੰਘ ਨੇ ਆਪਣੇ ਬਿਆਨ ਵਾਪਸ ਲੈ ਲਏ ਹਨ ਜਿਸਦੇ ਆਧਾਰ ‘ਤੇ ਪਰਚਾ ਰੱਦ ਕੀਤਾ ਜਾ ਰਿਹਾ ਹੈ।



