
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 4 ਫਰਵਰੀ : ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 9 ਫਰਵਰੀ ਤੋਂ 12 ਫਰਵਰੀ ਤੱਕ ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਨਸ਼ਿਆ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਪੈਦਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਲੋਕ ਭਵਨ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਪੈਦਾ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ‘ਮੈਂ ਇਹ ਨਹੀਂ ਕਹਿ ਸਕਦਾ ਕਿ ਅਜਿਹੀਆਂ ਮੁਹਿੰਮਾਂ ਨਸ਼ਿਆਂ ਦੀ ਦੁਰਵਰਤੋਂ ਨੂੰ ਖ਼ਤਮ ਕਰਨਗੀਆਂ ਪਰ ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਇਸ ਨਾਲ ਨਸ਼ਾ ਜ਼ਰੂਰ ਘੱਟ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਵੀ ਮੁਹਿੰਮ ਚਲਾ ਰਹੀ ਹੈ। ਰਾਜਪਾਲ ਨੇ ਕਿਹਾ ਕਿ ਉਹ ਨਸ਼ਿਆਂ ਦੀ ਦੁਰਵਰਤੋਂ ਨੂੰ ਕੰਟਰੋਲ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਤੋਂ ਸੰਤੁਸ਼ਟ ਹਨ। ਕਰੀਬ 23 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 9 ਫਰਵਰੀ ਨੂੰ ਤਰਨਤਾਰਨ, 10 ਨੂੰ ਫਿਰੋਜ਼ਪੁਰ, 11 ਨੂੰ ਫਾਜ਼ਿਲਕਾ ਅਤੇ 12 ਫਰਵਰੀ ਨੂੰ ਅਬੋਹਰ ਵਿਚ ਮਾਰਚ ਕੱਢਿਆ ਜਾਵੇਗਾ। ਰਾਜਪਾਲ ਨੇ ਕਿਹਾ ਕਿ ਤਿੰਨੋਂ ਜ਼ਿਲ੍ਹਿਆਂ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਸਮਾਜਿਕ ਸੰਗਠਨਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਪੁਨਰਵਾਸ ਸੰਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਰਾਜਪਾਲ ਨੇ ਕਿਹਾ ਕਿ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ 5,000 ਵਿਅਕਤੀਆਂ ਨੂੰ ਉਨ੍ਹਾਂ ਦੇ ਨਸ਼ੇ ਦੀ ਲਤ ਤੋਂ ਬਾਅਦ ਮੁੜ ਵਸੇਬਾ ਕੀਤਾ ਹੈ ਅਤੇ ਇਸ ਸਾਲ ਉਨ੍ਹਾਂ ਦਾ ਟੀਚਾ ਦਸ ਹਜ਼ਾਰ ਦਾ ਹੈ। ਉਨ੍ਹਾਂ ਕਿਹਾ, ‘ਮੇਰੇ ਯਤਨਾਂ ਸਦਕਾ, ਇੱਕ ਨਿੱਜੀ ਕੰਪਨੀ ਨੇ ਨਸ਼ੇ ਛੱਡਣ ਵਾਲੇ 40 ਨੌਜਵਾਨਾਂ ਨੂੰ ਰੁਜ਼ਗਾਰ ਪੱਤਰ ਦਿੱਤੇ ਹਨ। ਵਰਨਣਯੋਗ ਹੈ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਨਸ਼ੇ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਚਲਾਉਣ ਲਈ ਲਗਾਤਾਰ ਤੀਜੇ ਸਾਲ ਪਦਯਾਤਰਾ ਕਰ ਰਹੇ ਹਨ। ਰਾਜਪਾਲ ਨੇ ਕਿਹਾ ਕਿ ਜਦੋਂ ਲੋਕ ਇਸ ਮੁਹਿੰਮ ਵਿਚ ਸ਼ਾਮਲ ਹੋਣਗੇ ਅਤੇ ਜਨਤਕ ਜਾਗਰੂਕਤਾ ਪੈਦਾ ਹੋਵੇਗੀ, ਤਾਂ ਨਸ਼ੇ ਦੀ ਦੁਰਵਰਤੋਂ ਦਾ ਖਾਤਮਾ ਹੋ ਜਾਵੇਗਾ।



