
ਅੰਮ੍ਰਿਤਸਰ, 20 ਜੁਲਾਈ : ਕਾਂਗਰਸ ਲੀਡਰਸ਼ਿਪ ਨੇ ਸ਼ਨਿਚਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਜਿਸ ਵਿਚ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਂਵਾਲੀਆ ਨੇ ਮੱਥਾ ਟੇਕਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨਾਲ 45 ਮਿੰਟ ਦੀ ਮੀਟਿੰਗ ਕੀਤੀ ਜਿਸ ਵਿਚ ਸ੍ਰੀ ਹਰਿਮੰਦਰ ਸਾਹਿਬ ਨੂੰ ਆ ਰਹੀਆਂ ਧਮਕੀਆਂ ਦੀ ਨਿੰਦਾ ਕੀਤੀ ਗਈ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਨਿੰਦਣਯੋਗ ਹਨ। ਇਹ ਸਾਰਿਆਂ ਲਈ ਸਾਂਝਾ ਮੁੱਦਾ ਹੈ। ਇਸ ਵਿਚ ਨਾ ਸਿਰਫ਼ ਫੋਰਸ ਦੀ ਸੁਰੱਖਿਆ ਸਗੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਦਦ ਵੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਧਮਕੀ ਭਰੀ ਈਮੇਲ ਬਾਰੇ ਜਾਣਕਾਰੀ ਵਿਧਾਨ ਸਭਾ ਸੈਸ਼ਨ ਵਿਚ ਦਿੱਤੀ ਜਾਣੀ ਚਾਹੀਦੀ ਸੀ। ਕੋਈ ਵੀ ਪਾਰਟੀ ਇਸ ਵਿਚ ਰਾਜਨੀਤੀ ਨਹੀਂ ਕਰਨਾ ਚਾਹੁੰਦੀ ਪਰ ਇਸ ’ਤੇ ਇਕੱਠੇ ਵਿਚਾਰ-ਵਟਾਂਦਰਾ ਕੀਤਾ ਜਾਣਾ ਚਾਹੀਦਾ ਸੀ। ਦੂਜੇ ਪਾਸੇ ਜੇਕਰ ਸਰਕਾਰ ਕਾਨੂੰਨ ਵਿਵਸਥਾ ਬਾਰੇ ਅਜਿਹਾ ਨਹੀਂ ਕਰਨਾ ਚਾਹੁੰਦੀ ਸੀ ਤਾਂ ਉਸ ਨੂੰ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਰਾਇ ਜ਼ਰੂਰ ਲੈਣੀ ਚਾਹੀਦੀ ਸੀ। ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਹਰ ਸ਼ਰਧਾਲੂ ਦੀ ਤਲਾਸ਼ੀ ਲੈਣਾ ਸੰਭਵ ਨਹੀਂ ਹੈ ਪਰ ਆਰਟੀਫੀਸ਼ੀਅਲ ਇੰਟੈਲੀਜੈਂਸ ਤਹਿਤ ਉੱਥੇ ਆਧੁਨਿਕ ਉਪਕਰਣ ਲਗਾਏ ਜਾਣੇ ਚਾਹੀਦੇ ਹਨ। ਅਜਿਹੇ ਮਾਮਲਿਆਂ ਵਿਚ ਸਾਰੀਆਂ ਗ੍ਰਿਫ਼ਤਾਰੀਆਂ ਇਕ ਦਿਨ ਵਿਚ ਹੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਤੋਂ ਬਾਅਦ ਤਿੰਨੇ ਕਾਂਗਰਸੀ ਵਿਧਾਇਕ ਮਾਨਾਂਵਾਲਾ ਪਹੁੰਚੇ। ਸਰਪੰਚ ਬਲਵਿੰਦਰ ਪਾਲ ਦੇ ਪਰਿਵਾਰ ਨਾਲ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਗਿਆ।



