
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 4 ਜਨਵਰੀ : ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਨੂੰ ਮਨਜ਼ੂਰੀ ਮਿਲ ਗਈ ਹੈ। ਰਾਮ ਰਹੀਮ ਲਈ ਜੇਲ੍ਹ ਤੋਂ ਬਾਹਰ ਆਉਣਾ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾਂ ਡੇਰਾ ਮੁਖੀ ਰਾਮ ਰਹੀਮ ਨੂੰ ਅਗਸਤ ਵਿੱਚ ਰੱਖੜੀ ਤੋਂ ਪਹਿਲਾਂ ਵੀ 40 ਦਿਨਾਂ ਦੀ ਪੈਰੋਲ ਮਿਲੀ ਸੀ। ਡੇਰੇ ਦੀਆਂ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਪੰਚਕੂਲਾ ਦੀ ਸੀਬੀਆਈ (CBI) ਅਦਾਲਤ ਨੇ ਅਗਸਤ 2017 ਵਿੱਚ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਸ ਨੂੰ 10-10 ਸਾਲ ਦੀ ਸਜ਼ਾ ਸੁਣਾਈ ਸੀ ਅਤੇ ਨਾਲ ਹੀ ਉਸ ‘ਤੇ 30 ਲੱਖ 20 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ। ਪੀੜਤਾਂ ਦੇ ਬਿਆਨ ਇਸ ਕੇਸ ਵਿੱਚ ਸੀਬੀਆਈ ਨੇ ਛੇ ਸਾਲਾਂ ਬਾਅਦ ਰਿਕਾਰਡ ਕੀਤੇ ਸਨ। ਸੀਬੀਆਈ ਦਾ ਕਹਿਣਾ ਸੀ ਕਿ ਜਿਨਸੀ ਸ਼ੋਸ਼ਣ ਸਾਲ 1999 ਵਿੱਚ ਹੋਇਆ ਸੀ, ਪਰ ਬਿਆਨ ਸਾਲ 2005 ਵਿੱਚ ਦਰਜ ਕੀਤੇ ਗਏ ਸਨ।



