
ਡੇਰਾ ਬਾਬਾ ਨਾਨਕ, 9 ਫਰਵਰੀ- ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਖੋਲੇ ਗਏ ਕਰਤਾਰਪੁਰ ਲਾਂਘੇ ਰਾਹੀਂ ਹੁਣ ਤੱਕ 3 ਲੱਖ 80 ਹਜ਼ਾਰ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰ ਚੁੱਕੇ ਹਨ। ਸ਼ਨਿੱਚਰਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਬਣੇ ਪੈਸੰਜਰ ਟਰਮੀਨਲ ਰਾਹੀਂ ਮਹਾਰਾਸ਼ਟਰ ਦੇ ਨਾਸਕ ਤੋਂ ਭਾਰਤੀ ਜਨਤਾ ਪਾਰਟੀ ਦੇ ਮਹਿਲਾ ਆਗੂ ਮੀਨੂ ਰਾਜਪੂਤ ਤੇ ਮਨੀਸ਼ਾ ਰਾਜਪੂਤ ਸਮੇਤ 392 ਸ਼ਰਧਾਲੂਆਂ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਗਏ। ਇੱਥੇ ਦੱਸਣਯੋਗ ਹੈ ਕਿ ਸ਼ਨਿੱਚਰਵਾਰ ਨੂੰ ਲਾਂਘੇ ਰਾਹੀਂ 498 ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਮਿਲੀ ਸੀ, ਜਦਕਿ ਕੁਝ ਕਾਰਨਾਂ ਕਰ ਕੇ 106 ਸ਼ਰਧਾਰਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਵਾਂਝੇ ਰਹੇ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਕੇ ਪਰਤੇ ਮਹਾਰਾਸ਼ਟਰ ਦੇ ਨਾਸਕ ਦੇ ਪੰਚਵਟੀ ਸ਼ਹਿਰ ਨਾਲ ਸਬੰਧਤ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਆਗੂ ਮੀਨੂ ਰਾਜਪੂਤ ਪਤਨੀ ਸਤਨਾਮ ਰਾਜਪੂਤ, ਮਨੀਸ਼ਾ ਰਾਜਪੂਤ ਪਤਨੀ ਹਰਬੰਸ ਰਾਜਪੂਤ ਨੇ ਦੱਸਿਆ ਕਿ ਅੱਜ ਉਹ ਸੈਂਕੜੇ ਸੰਗਤਾਂ ਸਮੇਤ ਪਹਿਲੀ ਵਾਰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉੱਥੇ ਦਿੱਲੀ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਦਿਹਾੜੇ ਮੌਕੇ ਕਰਤਾਰਪੁਰ ਲਾਂਘਾ ਖੋਲ ਕੇ ਇਤਿਹਾਸ ਰਚਿਆ ਸੀ। ਇਸ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਕੇ ਪਰਤੇ ਹੋਰ ਸ਼ਰਧਾਲੂਆਂ ਨੇ ਦੱਸਿਆ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਾਮ ਜਪਣ, ਵੰਡ ਛਕਣ ਤੇ ਕਿਰਤ ਕਰਨ ਦਾ ਉਪਦੇਸ਼ ਦਿੱਤਾ ਸੀ, ਦੇ ਦਰਸ਼ਨ ਕਰਕੇ ਆਪਣਾ ਜਨਮ ਸਫਲਾ ਕੀਤਾ ਹੈ। ਇਸ ਮੌਕੇ ਸ਼ਰਧਾਲੂਆਂ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ 20 ਡਾਲਰ ਦੀ ਫੀਸ ਅਤੇ ਪਾਸਪੋਰਟ ਦੀ ਸ਼ਰਤ ਨੂੰ ਖਤਮ ਕਰਨ ਤਾਂ ਜੋ ਵੱਧ ਤੋਂ ਵੱਧ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਸਕਣ।



