
ਲੁਧਿਆਣਾ, 10 ਅਕਤੂਬਰ : ਸ਼ਹਿਰ ਦੇ ਅੰਦਰੂਨੀ ਇਲਾਕੇ ਸੁਹਾਨੀ ਬਿਲਡਿੰਗ ਚੌਂਕ ਨੇੜੇ ਪੈਂਦੇ ਨਾਮਵਰ ਹੋਟਲ ‘ਚੋਂ ਪੱਖੇ ਨਾਲ ਲਟਕਦੀ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ। ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਥਾਣਾ ਕੋਤਵਾਲੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਸ਼ਨਾਖਤ ਨਾਗਾਲੈਂਡ ਦੇ ਰਹਿਣ ਵਾਲੇ ਉਹ ਹੂਟੋਵੀ ਸੀਮਾ ਵੱਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੇਰ ਰਾਤ ਨੂੰ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਹੋਟਲ ‘ਚੋਂ ਸੂਚਨਾ ਮਿਲੀ ਕਿ ਹੋਟਲ ਦੇ ਇੱਕ ਕਮਰੇ ਵਿੱਚ ਰਹਿ ਰਹੇ ਨਾਗਾਲੈਂਡ ਦੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਤਫਤੀਸ਼ ਸ਼ੁਰੂ ਕੀਤੀ। ਹੋਟਲ ਮੈਨੇਜਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਰਾਤ ਵੇਲੇ ਜਿਵੇਂ ਹੀ ਹੂਟੋਵੀ ਦੇ ਕਮਰੇ ਵਿੱਚ ਪਹੁੰਚਿਆ ਤਾਂ ਦਰਵਾਜ਼ਾ ਖੁੱਲਦੇ ਹੀ ਉਸਦੇ ਹੋਸ਼ ਉੱਡ ਗਏ ਨੌਜਵਾਨ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲਿਸ ਨੇ ਜਦ ਮਾਮਲੇ ਦੀ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਉਸਦੀਆਂ ਕਲਾਈਆਂ ਦੀਆਂ ਨਸਾਂ ਤੇ ਵੀ ਨਿਸ਼ਾਨ ਸਨ। ਪਹਿਲੋਂ ਉਸਨੇ ਕਿਸੇ ਤੇਜ਼ ਵਸਤੂ ਨਾਲ ਆਪਣੀਆਂ ਕਲਾਈਆਂ ‘ਤੇ ਕੱਟ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੋਵੇਗੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਥਾਣਾ ਕੋਤਵਾਲੀ ਦੀ ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਅਤੇ ਅਗਲੇਰੀ ਪੜਤਾਲ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ । ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਪਹਿਲਾਂ ਕਸ਼ਮੀਰ ਦੇ ਕਿਸੇ ਹੋਟਲ ਵਿੱਚ ਨੌਕਰੀ ਕਰਦਾ ਸੀ ਅਤੇ ਨੌਕਰੀ ਛੱਡ ਕੇ ਉਹ ਕੁਝ ਦਿਨ ਪਹਿਲਾਂ ਲੁਧਿਆਣਾ ਆ ਗਿਆ ਸੀ। ਪੁਲਿਸ ਇਸ ਸਾਰੇ ਮਾਮਲੇ ਦੀ ਜਾਂਚ ਕਰਨ ਵਿੱਚ ਜੁਟ ਗਈ ਹੈ।



