
ਲੁਧਿਆਣਾ, 11 ਜੁਲਾਈ : ਮਹਾਨਗਰ ਲੁਧਿਆਣਾ ਨੂੰ ‘ਪਰਾਲੀ ਸਾੜਨ ਤੋਂ ਮੁਕਤ’ ਜ਼ਿਲ੍ਹਾ ਬਣਾਉਣ ਲਈ ਕਮਰ ਕੱਸਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨਾਲ ਮਿਲ ਕੇ ਕਿਸਾਨਾਂ ਨੂੰ ਆਗਾਮੀ ਹਫ਼ਤਿਆਂ ’ਚ ਸਬਸਿਡੀ ਵਾਲੇ ਪਰਾਲੀ ਪ੍ਰਬੰਧਨ ਉਪਕਰਣ ਵੰਡਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਤੇ ਜ਼ਮੀਨਾਂ ਲਈ ਖਤਰਨਾਕ ਹੈ, ਜਿਸ ਨੂੰ ਕਿਸਾਨ ਮਾਂ ਸਮਝਦੇ ਹਨ। ਉਨ੍ਹਾਂ ਸਪੱਸ਼ਟ ਤੌਰ ’ਤੇ ਦੱਸਿਆ ਕਿ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਬੇਹੱਦ ਘਾਤਕ ਹੈ, ਕਿਉਂਕਿ ਇਹ ਮਿੱਟੀ ਦੀ ਸਿਹਤ ਨੂੰ ਖਰਾਬ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਭਾਰੀ ਨੁਕਸਾਨ ਪਹੁੰਚਾਉਂਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ ਦੇ ਕਈ ਮੁੱਖ ਪੌਸ਼ਟਿਕ ਤੱਤ ਤੇ ਹੋਰ ਸੂਖਮ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਨਵੀਨਤਮ ਤਕਨੀਕਾਂ ਰਾਹੀਂ ਇਨ-ਸੀਟੂ ਪ੍ਰਬੰਧਨ ਲਈ ਪ੍ਰਭਾਵੀ ਤਰੀਕੇ ਅਪਨਾਉਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਸ਼ਾਸਨ ਤੇ ਵਿਭਾਗ ਵੱਲੋਂ ਕਿਸਾਨਾਂ ਤੇ ਕਿਸਾਨ ਸਮੂਹਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਬੇਲਰ, ਰੇਕ, ਮਲਚਰ, ਪੈਡੀ ਚੌਪਰ ਸ਼ਰੈਡਰ, ਆਰਐੱਮਬੀ ਪਲਾਓ ਹਲ ਸਮੇਤ ਕਈ ਮਸ਼ੀਨਾਂ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਹਨ। ਵਿਅਕਤੀਗਤ ਕਿਸਾਨ 50 ਫੀਸਦ ਸਬਸਿਡੀ ਪ੍ਰਾਪਤ ਕਰਨ ਦਾ ਹੱਕਦਾਰ ਹੈ ਤੇ ਕਿਸਾਨ ਸਮੂਹ/ਸਹਿਕਾਰੀ ਸਭਾਵਾਂ ਨੂੰ 80 ਫੀਸਦ ਸਬਸਿਡੀ ਮਿਲਦੀ ਹੈ। ਹੁਣ ਤੱਕ 600 ਤੋਂ ਵੱਧ ਪਰਾਲੀ ਪ੍ਰਬੰਧਨ ਮਸ਼ੀਨਾਂ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਤੇ 315 ਕਿਸਾਨਾਂ ਵੱਲੋਂ ਮਸ਼ੀਨਾਂ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਬਾਕੀ ਕਿਸਾਨ ਵੀ ਝੋਨੇ ਦੀ ਵਾਢੀ ਤੋਂ ਪਹਿਲਾਂ ਪ੍ਰਵਾਨਗੀ ਦਿੱਤੀਆਂ ਮਸ਼ੀਨਾਂ ਦੀ ਖ਼ਰੀਦ ਕਰ ਲੈਣ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਇਸ ਸਾਲ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੀ ਖਰੀਦ ਸੀਜ਼ਨ ਨੂੰ ਸੁਚਾਰੂ ਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਨੇ 15 ਸਤੰਬਰ ਤੱਕ ਸਾਰੇ ਜ਼ਰੂਰੀ ਪ੍ਰਬੰਧ ਤੇ ਵਿਵਸਥਾਵਾਂ ਮੁਕੰਮਲ ਕਰਨ ਦੇ ਹੁਕਮ ਦਿੱਤੇ। ਆਗਾਮੀ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਭਾਈਵਾਲਾਂ ਦੇ ਸਮੁੱਚੇ ਸਹਿਯੋਗ ਦੀ ਅਪੀਲ ਕਰਦਿਆਂ ਏਡੀਸੀ ਨੇ ਕਿਹਾ ਕਿ ਇਸ ਸਬੰਧੀ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।



