ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਪੂਰਨ ਤੌਰ ’ਤੇ ਪਾਬੰਦੀ

ਫਿਰੋਜ਼ਪੁਰ 5 ਫਰਵਰੀ (ਬਾਲ ਕਿਸ਼ਨ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਪੀਸੀਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਰਿੱਟ ਪਟੀਸ਼ਨ (ਸਿਵਲ ਨੰਬਰ 36 ਆਫ਼ 2009) ਵਿੱਚ ਪਾਸ ਕੀਤੇ ਹੁਕਮ ਦੀ ਰੋਸ਼ਨੀ ’ਚ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿਚ ਬੋਰਵੈੱਲਾਂ/ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਡਿੱਗਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬਿਨ੍ਹਾ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਗਾਉਂਦਿਆਂ, ਇਸ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ ਅਨੁਸਾਰ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਤ ਜ਼ਿਲ੍ਹਾ ਕੁਲੈਕਟਰ, ਬੀ.ਡੀ.ਪੀ.ਓ., ਸਬੰਧਤ ਗਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਗਰਾਊਂਡ ਵਾਟਰ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ। ਇਸ ਦੇ ਨਾਲ ਹੀ ਬੋਰਵੈੱਲ ਕਰਨ ਵਾਲੀ ਡਰਿਲਿੰਗ ਏਜੰਸੀ ਦੇ ਨਾਂ ਅਤੇ ਰਜਿਸਟ੍ਰੇਸ਼ਨ ਨੰਬਰ ਅਤੇ ਜ਼ਮੀਨ ਮਾਲਕ ਦਾ ਪੂਰਾ ਨਾਮ ਤੇ ਪਤਾ, ਸਬੰਧਤ ਬੋਰ ਕਰਨ ਵਾਲੀ ਥਾਂ ਨੇੜੇ ਹੋਣਾ ਲਾਜ਼ਮੀ ਹੈ। ਬੋਰਵੈੱਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨੱਟ ਬੋਲਟ ਲਗਾ ਕੇ ਬੰਦ ਕਰਨਾ ਲਾਜ਼ਮੀ ਹੋਵੇਗਾ। ਬੋਰਵੈੱਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ ਜੋ ਜ਼ਮੀਨੀ ਪੱਧਰ ਤੋਂ 0.30 ਮੀਟਰ ਨੀਵਾਂ ਅਤੇ 0.30 ਮੀਟਰ ਉੱਚਾ ਹੋਵੇ, ਦੀ ਉਸਾਰੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਉਪਰੰਤ ਜੇਕਰ ਖਾਲੀ ਥਾਂ ਕੋਈ ਹੋਵੇ ਤਾਂ ਉਸ ਨੂੰ ਮਿੱਟੀ ਨਾਲ ਭਰਿਆ ਜਾਵੇ ਅਤੇ ਕੰਮ ਪੂਰਾ ਹੋਣ ਉਪਰੰਤ ਜ਼ਮੀਨੀ ਪੱਧਰ ਨੂੰ ਪਹਿਲਾਂ ਜਿਹਾ ਕੀਤਾ ਜਾਵੇ। ਖੂਹ ਜਾਂ ਬੋਰਵੈਲ ਨੂੰ ਕਿਸੇ ਵੀ ਹਾਲਤ ’ਚ ਖਾਲੀ ਨਾ ਛੱਡਿਆ ਜਾਵੇ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।



