Punjab

ਵਿਜੀਲੈਂਸ ਬਿਊਰੋ ਵੱਲੋਂ 1,50,000 ਰੁਪਏ ਰਿਸ਼ਵਤ ਲੈਂਦਿਆਂ ਸੀਵਰਮੈਨ ਗ੍ਰਿਫ਼ਤਾਰ

ਚੰਡੀਗੜ੍ਹ, 20 ਜਨਵਰੀ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 1,50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਦੇ ਪਿੰਡ ਜਮਾਲਪੁਰ ਅਵਾਨਾ (ਫੋਕਲ ਪੁਆਇੰਟ) ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ‘ਐਂਟੀ ਕਰੱਪਸ਼ਨ ਐਕਸ਼ਨ ਲਾਈਨ’ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਸੀਵਰਮੈਨ ਨੇ ਉਸ ਨੂੰ ਨਗਰ ਨਿਗਮ ਲੁਧਿਆਣਾ ਵਿੱਚ ਸੀਵਰਮੈਨ ਵਜੋਂ ਭਰਤੀ ਕਰਵਾਉਣ ਦੇ ਬਦਲੇ ਤਿੰਨ ਕਿਸ਼ਤਾਂ ਵਿੱਚ 1,50,000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਦੀ ਵੀਡੀਓ ਵੀ ਰਿਕਾਰਡ ਕਰ ਲਈ ਸੀ। ਮੁਲਜ਼ਮ ਬਹਾਦਰ ਸਿੰਘ ਨੇ ਸ਼ਿਕਾਇਤਕਰਤਾ ਤੋਂ ਢਾਈ ਸਾਲਾਂ ਤੱਕ ਸੀਵਰੇਜ ਸਫਾਈ ਦਾ ਕੰਮ ਵੀ ਕਰਵਾਇਆ, ਪਰ ਉਸ ਨੂੰ ਉਸ ਕੰਮ ਲਈ ਕੋਈ ਤਨਖਾਹ ਨਹੀਂ ਦਿੱਤੀ ਗਈ। ਬੁਲਾਰੇ ਨੇ ਇਹ ਵੀ ਕਿਹਾ ਕਿ ਜੇਕਰ ਜਾਂਚ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਕਿਸੇ ਹੋਰ ਅਧਿਕਾਰੀ ਦੀ ਮਿਲੀਭੁਗਤ ਸਾਹਮਣੇ ਆਈ ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਤਫਤੀਸ਼ ਦੌਰਾਨ ਉਕਤ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Reply

Your email address will not be published. Required fields are marked *

Back to top button