Punjab

ਵਿਧਾਇਕ ਕੁਲਵੰਤ ਸਿੰਘ ਨੇ ਰੱਖਿਆ ਬਠਲਾਣਾ ਤੋਂ ਗੁਡਾਣਾ ਤੱਕ ਲਿੰਕ ਸੜਕ ਨੂੰ ਚੌੜਾ ਕਰਨ ਦਾ ਨੀਂਹ ਪੱਥਰ

60 ਲੱਖ ਰੁਪਏ ਦੀ ਲਾਗਤ ਨਾਲ ਪੀ.ਡਬਲਿਊ.ਡੀ. ਬਣਾਵੇਗਾ ਚਾਰ ਮਹੀਨਿਆਂ ਦੇ ਅੰਦਰ ਸੜਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ- ਪੰਜਾਬ ਵਿੱਚ ਸਰਬਪੱਖੀ ਵਿਕਾਸ ਦੇ ਨਾਲ-ਨਾਲ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਤਾਂ ਜੋ ਪੰਜਾਬ ਨੂੰ ਵਿਕਾਸ ਦੇ ਪੱਖੋਂ ਬੁਲੰਦੀਆਂ ‘ਤੇ ਲਿਜਾਇਆ ਜਾ ਸਕੇ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਬਠਲਾਣਾ ਤੋਂ ਪਿੰਡ ਗੁਡਾਣਾ ਤੱਕ ਲਿੰਕ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਤੱਕ ਚੌੜਾ ਕਰਨ ਦੀ ਸ਼ੁਰੂਆਤ ਮੌਕੇ ਕੀਤਾ। ਇਸ ਸੜਕ ਦੀ ਲੰਬਾਈ 2.5 ਕਿਲੋਮੀਟਰ ਹੈ। ਉਨ੍ਹਾਂ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸੜਕ ਲੋਕ ਨਿਰਮਾਣ ਵਿਭਾਗ ਵੱਲੋਂ ਆਉਂਦੇ ਚਾਰ ਮਹੀਨਿਆਂ ਦੇ ਅੰਦਰ ਬਣਾ ਦਿੱਤੀ ਜਾਵੇਗੀ। ਇਸ ਸੜ੍ਹਕ ‘ਤੇ 60 ਲੱਖ ਰੁਪਏ ਦੀ ਲਾਗਤ ਆਵੇਗੀ।ਉਨ੍ਹਾਂ ਕਿਹਾ ਕਿ ਇਸ 18 ਫੁੱਟ ਚੌੜੀ ਸੜ੍ਹਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ‘ਚ ਵੱਡਾ ਫਾਇਦਾ ਹੋਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਇਸ ਸੜਕ ਨੂੰ ਚੌੜਾ ਕੀਤਾ ਜਾਵੇ। ਉਨ੍ਹਾਂ ਦੱਸਿਆ ਇਸ ਕੰਮ ਦੀ ਸ਼ੁਰੂਆਤ ਅੱਜ ਹੋ ਚੁੱਕੀ ਹੈ। ਉਨ੍ਹਾਂ ਇਸ ਮੌਕੇ ਆਲੇ ਦੁਆਲੇ ਦੇ ਪਿੰਡਾਂ ਦੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵੱਲੋਂ ਹਰ ਖੇਤਰ ਵਿੱਚ ਤਰੱਕੀ ਕੀਤੀ ਜਾ ਰਹੀ ਹੈ। ਵਿੱਦਿਆ ਦੇ ਖੇਤਰ ਵੱਲ ਵੀ ਵਧੇਰੇ ਧਿਆਨ ਦਿੰਦੇ ਹੋਏ ਪਿੰਡਾਂ ਦੇ ਸਕੂਲਾਂ ਦੀਆਂ ਇਮਾਰਤਾਂ ਦੀ ਹਾਲਤ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਨਵੀਆਂ ਇਮਾਰਤਾਂ ਵੀ ਬਣਾਈਆਂ ਜਾ ਰਹੀਆਂ ਹਨ ਅਤੇ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ, ਤਾਂ ਜੋ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜਾਉਣ ਲਈ ਤਰਜੀਹ ਦੇਣ। ਇਸ ਤੋਂ ਇਲਾਵਾ ਸਿਹਤ ਦੇ ਖੇਤਰ ਵੱਲ ਧਿਆਨ ਦਿੰਦੇ ਹੋਏ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਲੋਕ ਇੰਨ੍ਹਾਂ ਦਾ ਫਾਇਦਾ ਲੈ ਰਹੇ ਹਨ। ਹਲਕਾ ਵਿਧਾਇਕ ਵੱਲੋਂ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ ਅਤੇ ਪਿੰਡ ਸਨੇਟਾ ਦੇ ਪ੍ਰਾਇਮਰੀ ਹੈਲਥ ਸੈਂਟਰ ਨੂੰ ਜਲਦ ਸ਼ੁਰੂ ਕਰਨ ਦਾ ਭਰੋਸਾ ਦਿਵਾਇਆ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਉਤਸ਼ਾਹ ਅਤੇ ਉਮੀਦ ਦੇ ਨਾਲ ਪੰਜਾਬ ਦੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਸੀ, ਉਦੋਂ ਤੋਂ ਲੈ ਕੇ ਸਮੁੱਚੀ ਕੈਬਨਿਟ ਅਤੇ ਪਾਰਟੀ ਦਾ ਹਰ ਇਕ ਵਰਕਰ ਅਤੇ ਵਿਧਾਇਕ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾ ਰਿਹਾ ਹੈ। ਉਸੇ ਤਹਿਤ ਹੀ ਅੱਜ ਪਿੰਡ ਬਠਲਾਣਾ ਤੋਂ ਪਿੰਡ ਗੁਡਾਣਾ ਤੱਕ ਲਿੰਕ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਤੱਕ ਚੌੜੀ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਪਿੰਡ ਵਾਸੀਆਂ ਨੂੰ ਨਵੇਂ ਸਾਲ ਮੌਕੇ ਇਹ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿੱਚ ਬਿਨਾਂ ਕਿਸੇ ਪੱਖਪਾਤ ਅਤੇ ਬਿਨਾਂ ਕਿਸੇ ਲੜਾਈ ਝਗੜੇ ਦੇ ਆਰਾਮ ਨਾਲ ਵਿਕਾਸ ਮੁਖੀ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇਸ ਸੜਕ ਦਾ ਕੰਮ ਵੀ ਤੈਅ ਕੀਤੀ ਗਈ ਚਾਰ ਮਹੀਨੇ ਦੀ ਸਮਾਂ-ਸੀਮਾ ਵਿੱਚ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਦੇ ਨਾਲ-ਨਾਲ ਸ਼ਹਿਰਾਂ ਵਿੱਚ ਵੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਅਧੀਨ ਨਵੀਆਂ ਸੜਕਾਂ, ਨਵੇਂ ਚੌਂਕ ਅਤੇ ਕੈਮਰੇ ਲਗਾਏ ਜਾ ਰਹੇ ਹਨ।ਇਸ ਮੌਕੇ ‘ਤੇ ਸ਼ਿਵਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਪੀ.ਡਬਲਿਊ.ਡੀ., ਜੇ.ਈ ਹਰਪ੍ਰੀਤ ਸਿੰਘ, ਸਰਪੰਚ ਹਰਪਾਲ ਸਿੰਘ, ਅਵਤਾਰ ਸਿੰਘ ਮੌਲੀ, ਸਾਬਕਾ ਬਲਾਕ ਸੰਮਤੀ ਮੈਂਬਰ, ਕੌਂਸਲਰ ਜਸਪਾਲ ਸਿੰਘ ਮਟੌਰ, ਸਾਬਾ ਸਰਪੰਚ ਕਰਮਜੀਤ ਸਿੰਘ, ਹਰਨੇਕ ਸਿੰਘ ਅਤੇ ਵਜ਼ੀਰ ਸਿੰਘ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button