Punjab

ਵਿਧਾਇਕ ਰਣਬੀਰ ਭੁੱਲਰ ਦੀ ਅਗਵਾਈ ਵਿੱਚ ‘ਨਸ਼ਾ ਮੁਕਤੀ ਯਾਤਰਾ’ ਦੀ ਹੋਈ ਸ਼ੁਰੂਆਤ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਗ੍ਰਾਮ ਸੁਰੱਖਿਆ ਕਮੇਟੀਆਂ ਅਤੇ ਵਾਰਡ ਸੁਰੱਖਿਆ ਕਮੇਟੀਆਂ ਦੀ ਭੂਮਿਕਾ ਅਹਿਮ : ਭੁੱਲਰ

ਬਾਲ ਕਿਸ਼ਨ

ਫ਼ਿਰੋਜ਼ਪੁਰ, 16 ਮਈ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਅਧੀਨ ਆਉਂਦੇ ਪਿੰਡ ਚੂਹੜੀ ਵਾਲਾ, ਗੱਟੀ ਰਹੀਮੇ ਕੇ ਅਤੇ ਟੇੰਡੀ ਵਾਲਾ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਅੱਜ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਆਯੋਜਿਤ ਸਭਾਵਾਂ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾ ਰਹੇ ਹਨ ਅਤੇ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੇ ਹਨ। ਇਸ ਕੜੀ ਵਿੱਚ ਸਾਡੀਆਂ ਪੰਚਾਇਤਾਂ ਗ੍ਰਾਮ ਸੁਰੱਖਿਆ ਕਮੇਟੀਆਂ ਅਤੇ ਵਾਰਡ ਸੁਰੱਖਿਆ ਕਮੇਟੀਆਂ ਬਹੁਤ ਹੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਯਾਤਰਾ ਪੰਜਾਬ ਸਰਕਾਰ ਦੇ ਉਸ ਸੰਕਲਪ ਦੀ ਨਿਸ਼ਾਨੀ ਹੈ, ਜਿਸ ਵਿੱਚ ਹਰ ਪਿੰਡ, ਹਰ ਵਾਰਡ ਅਤੇ ਹਰ ਮੁਹੱਲੇ ਨੂੰ ਨਸ਼ੇ ਤੋਂ ਮੁਕਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਕੇਵਲ ਸਰਕਾਰ ਦੀ ਨਹੀਂ ਸਗੋਂ ਇਹ ਹਰ ਪੰਜਾਬੀ ਦੀ ਲੜਾਈ ਹੈ। ਜਦ ਤੱਕ ਲੋਕ ਖੁਦ ਸਚੇਤ ਨਹੀਂ ਹੋਣਗੇ ਅਤੇ ਨਸ਼ੇ ਦੇ ਖਿਲਾਫ ਖੜੇ ਨਹੀਂ ਹੋਣਗੇ, ਤਦ ਤੱਕ ਇਸ ਜ਼ਹਿਰ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿਛਲੇ ਢਾਈ ਮਹੀਨੇ ਵਿੱਚ ਨਸ਼ਾ ਤਸਕਰਾਂ ਉੱਤੇ ਵੱਡਾ ਵਾਰ ਕੀਤਾ ਹੈ। ਉਨ੍ਹਾਂ ਕਿਹਾ ਇਸ ਮੁਹਿੰਮ ਨੂੰ ਹੁਣ ਜਨ ਅੰਦੋਲਨ ਬਣਾਉਂਦੇ ਹੋਏ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਇਆ ਜਾਵੇਗਾ ਅਤੇ ਲੋਕਾਂ ਨੂੰ ਨਸ਼ਾ ਮੁਕਤ ਸਮਾਜ ਸਿਰਜਣ ਲਈ ਪ੍ਰੇਰਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿੱਚ ਪੰਚਾਇਤਾਂ, ਗ੍ਰਾਮ ਰੱਖਿਆ ਕਮੇਟੀਆਂ, ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਕੱਠੇ ਮਿਲ ਕੇ ਕੰਮ ਕਰਨਗੇ। ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਿਰਫ਼ ਕਾਨੂੰਨ ਰਾਹੀਂ ਨਸ਼ੇ ਨੂੰ ਰੋਕਣਾ ਨਹੀਂ, ਸਗੋਂ ਜਨ ਭਾਗੀਦਾਰੀ ਰਾਹੀਂ ਸਮਾਜਿਕ ਪਰਿਵਰਤਨ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਰਾਜ ਸਰਕਾਰ ਨੇ ਇੱਕ ਵਿਸ਼ੇਸ਼ ਹੈਲਪਲਾਈਨ ਸ਼ੁਰੂ ਕੀਤੀ ਹੈ, ਜਿਸ ‘ਤੇ ਨਾਗਰਿਕ ਗੁਪਤ ਤੌਰ ‘ਤੇ ਨਸ਼ਾ ਤਸਕਰੀ ਦੀ ਜਾਣਕਾਰੀ ਦੇ ਸਕਦੇ ਹਨ। ਇਸ ਤੋਂ ਇਲਾਵਾ ਜੋ ਲੋਕ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਲਈ ਸੂਬੇ ਭਰ ਵਿੱਚ ਇਲਾਜ ਅਤੇ ਪੁਨਰਵਾਸ ਕੇਂਦਰਾਂ ਦੀ ਸੁਵਿਧਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਕੇਵਲ ਨਸ਼ਾ ਵਿਰੋਧੀ ਜਾਗਰੂਕਤਾ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨਾ ਹੈ। ਇਸ ਮੌਕੇ ਵਿਧਾਇਕ ਵੱਲੋਂ ਹਾਜ਼ਰੀਨ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ਗਈ। ਇਸ ਦੌਰਾਨ ਐੱਸ.ਡੀ. ਐੱਮ ਫਿਰੋਜ਼ਪੁਰ ਅਨਿਲ ਗੁਪਤਾ, ਡਾ. ਅਮਨਦੀਪ ਕੌਰ ਕੁਆਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ, ਰਾਜ ਬਹਾਦਰ ਸਿੰਘ ਗਿੱਲ, ਹਿਮਾਂਸ਼ੂ ਠੱਕਰ, ਬੀ.ਡੀ.ਪੀ.ਓ. ਸੁਖਵਿੰਦਰ ਕੌਰ, ਰਜਨੀਸ਼ ਸ਼ਰਮਾ, ਸੁਰਜੀਤ ਸਿੰਘ ਇਕਵਨ, ਦਲੇਰ ਸਿੰਘ ਭੁੱਲਰ, ਹਰਮੀਤ ਸਿੰਘ ਖਾਈ ਸਮੇਤ, ਗ੍ਰਾਮ ਸੁਰੱਖਿਆ ਕਮੇਟੀਆਂ ਦੇ ਮੈਂਬਰ ਸਰਪੰਚਾਂ, ਪੰਚਾਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button