Punjab

ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ‘ਚ ਨਸ਼ਾ ਮੁਕਤੀ ਯਾਤਰਾ ਅਤੇ ਜਾਗਰੂਕਤਾ ਸਭਾਵਾਂ ਆਯੋਜਿਤ

ਨਸ਼ਾ ਸਿਰਫ਼ ਵਿਅਕਤੀ ਨੂੰ ਹੀ ਨਹੀਂ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਕਰਦਾ ਹੈ ਪ੍ਰਭਾਵਿਤ

ਬਾਲ ਕਿਸ਼ਨ

ਫ਼ਿਰੋਜ਼ਪੁਰ, 31 ਮਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਦੀ ਲੜੀ ਵਿੱਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡ ਅੱਕੂ ਵਾਲਾ, ਕਾਮਲ ਵਾਲਾ, ਆਲੇ ਵਾਲਾ, ਹਬੀਬ ਕੇ, ਬਸਤੀ ਹਬੀਬ ਕੇ ਅਤੇ ਅਲੀ ਕੇ ਵਿਖੇ ਜਨ ਸਭਾਵਾਂ ਆਯੋਜਿਤ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਕਾਰ ਦੀ ਨਸ਼ਿਆਂ ਦੇ ਖਿਲਾਫ ਇਸ ਨਿਰਣਾਇਕ ਮੁਹਿੰਮ ਵਿਚ ਸਾਥ ਦੇਣ ਦੀ ਲੋੜ ਹੈ, ਜਿਸ ਨਾਲ ਅਸੀਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰ ਕੇ ਨਸ਼ਿਆਂ ਦਾ ਖਾਤਮਾ ਕਰ ਸਕਾਂਗੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਇਲਾਜ ਦੇ ਕੇ ਨਵੀ ਜ਼ਿੰਦਗੀ ਪ੍ਰਦਾਨ ਕਰ ਸਕਾਂਗੇ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਨਸ਼ੇ ਦੀ ਵਿਕਰੀ ਜਾਂ ਖਪਤ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸ ਮੌਕੇ ਡਾਕਟਰ ਅਮਨਦੀਪ ਕੌਰ ਗੋਸਲ (ਕੋਆਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ) ਵੱਲੋਂ ਵੀ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਇਸ ਮੁਹਿੰਮ ਵਿਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਨੂੰ ਹੀ ਨਹੀਂ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ, ਇਸ ਤੋਂ ਬਚਾਅ ਅਤੇ ਰੋਕਥਾਮ ਲਈ ਹਰੇਕ ਨਾਗਰਿਕ ਨੂੰ ਜਾਗਰੂਕ ਅਤੇ ਜ਼ਿੰਮੇਵਾਰ ਬਣਨਾ ਪਵੇਗਾ। ਇਸ ਮੌਕੇ ਡੀ.ਐਸ.ਪੀ. ਸੁਖਵਿੰਦਰ ਸਿੰਘ, ਗੁਰਜੀਤ ਸਿੰਘ ਚੀਮਾ, ਹਿਮਾਂਸ਼ੂ ਠੱਕਰ, ਸੁਰਜੀਤ ਸਿੰਘ (ਬਲਾਕ ਪ੍ਰਧਾਨ), ਜਗਦੀਪ ਸਿੰਘ ਮਿੰਟੂ, ਗੁਰਭੇਜ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button