
ਫਿਰੋਜ਼ਪੁਰ 5 ਫਰਵਰੀ (ਬਾਲ ਕਿਸ਼ਨ)-ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਸਰਕਾਰੀ ਪ੍ਰਾਇਮਰੀ ਮਿਡਲ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਨਾਲ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਹੋਰ ਸਹੁਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਵਿਧਾਇਕ ਨੇ ਸੈਸ਼ਨ 2025-26 ਲਈ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਦਾਖਲਾ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਥਿੱਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਚੱਲ ਰਹੇ ਹਨ, ਸਿੱਖਿਆ ਵਿਭਾਗ ਵਿੱਚ ਨਵੀ ਭਰਤੀ ਕਰਨ ਦੇ ਤੋਂ ਇਲਾਵਾ ਸਕੂਲਾਂ ਵਿੱਚ ਕਲਾਸ ਰੂਮ ਬਣਾਏ ਜਾ ਰਹੇ ਹਨ, ਸਮਾਰਟ ਕੰਪਿਊਟਰ ਲੈਬ ਸਮੇਤ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਈ ਬਹੁੱਤ ਵੱਡਾ ਬਜਟ ਰੱਖਿਆ ਗਿਆ ਹੈ ਜਿਸ ਦੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਦੇ ਨਤੀਜੇ ਵੀ ਹੋਰ ਬਿਹਤਰ ਹੋਏ ਹਨ ਅਤੇ ਦਾਖਲਿਆਂ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਲੋਕਾ ਨਾਲ ਜੋ ਵਾਅਦਾ ਕੀਤਾ ਸੀ ਕਿ ਹਰ ਬੱਚੇ ਤੱਕ ਮੁਫ਼ਤ ਸਿੱਖਿਆ ਪਹੁੰਚਾਈ ਜਾਵੇਗੀ ਉਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ੍ਰੀਮਤੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਦਾਖਲਾ ਮੁਹਿੰਮ ਦੌਰਾਨ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਬਾਰੇ ਅਤੇ ਸਿੱਖਿਆ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋਕ ਜਾਗਰੂਕ ਹੋ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵਧੀਆ ਪੜਾਈ ਲਈ ਦਾਖਲ ਕਰਵਾਉਣ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਕੋਮਲ ਅਰੋੜਾ, ਸਕੂਲ ਦੇ ਪਿ੍ਰੰਸੀਪਲਾਂ ਵੱਲੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਸਕੂਲ ਵਿੱਚ ਦਾਖਲਾ ਮੁਹਿੰਮ ਨੂੰ ਸ਼ੁਰੂ ਕਰਨ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਸਕੂਲਾਂ ਦੀਆਂ ਉਪਲਬਧੀਆਂ ਬਾਰੇ ਚਾਨਣਾ ਪਾਇਆ ਗਿਆ। ਇਸ ਤੋਂ ਪਹਿਲਾਂ ਵਿਧਾਇਕ ਸ. ਰਣਬੀਰ ਭੁੱਲਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਕੁੱਝ ਪ੍ਰਾਜੈਕਟ ਵੀ ਦੇਖੇ ਗਏ ਅਤੇ ਉਨ੍ਹਾਂ ਇਸ ਕੰਮ ਲਈ ਵਿਦਿਆਰਥੀਆਂ ਦੀ ਖੁੱਲ ਕੇ ਸਰਾਹਣਾ ਕੀਤੀ।ਇਸ ਮੌਕੇ ਬੀ.ਪੀ.ਓ. ਮੈਡਸੁਮਨਦੀਪ, ਰਾਜ ਬਹਾਦਰ ਸਿੰਘ, ਨੇਕ ਪ੍ਰਤਾਪ ਸਿੰਘ, ਹਿਮਾਂਸ਼ੂ ਠੱਕਰ ਸਮੇਤ ਸਕੂਲਾਂ ਦਾ ਸਟਾਫ, ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸੀ।



