
ਅੰਮ੍ਰਿਤਸਰ, 24 ਮਾਰਚ : ਵੇਅਰਹਾਊਸ ਦੇ ਜੀ.ਐਮ. ਗਗਨਦੀਪ ਸਿੰਘ ਰੰਧਾਵਾ ਦੀ ਮ੍ਰਿਤਕ ਦੇਹ ਦਾ ਮੰਗਲਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਦੇ ਫੋਰੈਂਸਿਕ ਵਿਭਾਗ ਵਿੱਚ ਪੋਸਟਮਾਰਟਮ ਕੀਤਾ ਗਿਆ। ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਰੱਖਣ ਲਈ ਇਹ ਪੋਸਟਮਾਰਟਮ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਵੱਲੋਂ ਕੀਤਾ ਗਿਆ। ਪੋਸਟਮਾਰਟਮ ਦੀ ਸਾਰੀ ਕਾਰਵਾਈ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ। ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੇ ਵਿਵਾਦ ਜਾਂ ਸਵਾਲ ਤੋਂ ਬਚਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਪੋਸਟਮਾਰਟਮ ਹਾਊਸ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ ਅਤੇ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਰੱਖਿਆ ਗਿਆ। ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਗਗਨਦੀਪ ਸਿੰਘ ਰੰਧਾਵਾ ਦੀ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਪਰਿਵਾਰਕ ਮੈਂਬਰ ਦੇਹ ਨੂੰ ਘਰ ਲੈ ਕੇ ਜਾ ਰਹੇ ਹਨ, ਜਿੱਥੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਬੀਤੇ ਦਿਨ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਲਾਲਜੀਤ ਭੁੱਲਰ ਤੋਂ ਦੁਖੀ ਹੋ ਕੇ ਵੇਅਰ ਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ। ਇੱਥੇ ਇਹ ਦੱਸ ਦਈਏ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਦਕੁਸ਼ੀ ਮਾਮਲੇ ‘ਚ ਨਾਮਜਦ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਬੀਤੀ ਰਾਤ 10:35 ਵਜੇ ਮੰਡੀ ਗੋਵਿੰਦਗੜ੍ਹ ਤੋਂ ਅੰਮ੍ਰਿਤਸਰ ਲਿਆਂਦਾ। ਭੁੱਲਰ ਨੂੰ ਸੀਆਈਏ ਸਟਾਫ ਦੀ ਪਹਿਲੀ ਮੰਜ਼ਿਲ ‘ਤੇ ਰੱਖਿਆ ਗਿਆ ਹੈ।



