
ਦੋਰਾਹਾ, 29 ਅਗਸਤ : ਦੋਰਾਹਾ ਤੋਂ ਲੰਘਦੇ ਨੈਸ਼ਨਲ ਹਾਈਵੇਅ ਤੇ ਖੜ੍ਹੇ ਟਰੱਕ ਨਾਲ ਇਕ ਮੋਟਰਸਾਈਕਲ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਯੂਪੀ ਦੇ ਪੀਲੀਭੀਤ ਜ਼ਿਲ੍ਹੇ ਦੇ ਰਹਿਣ ਵਾਲੇ 28 ਸਾਲਾ ਸਰਵਣ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ ਸਤਨਾਮ ਸਿੰਘ ਗੰਭੀਰ ਜ਼ਖਮੀ ਹੋ ਗਿਆ। ਸਰਵਣ ਸਿੰਘ ਦੋਰਾਹਾ ਇਲਾਕੇ ਦੀ ਇੱਕ ਫੈਕਟਰੀ ’ਚ ਕੰਮ ਕਰਦਾ ਸੀ। ਬੁੱਧਵਾਰ ਰਾਤ ਦੋਵੇਂ ਦੋਸਤ ਮੋਟਰਸਾਈਕਲ ਤੇ ਖਾਣਾ ਖਾ ਕੇ ਢਾਬੇ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਬਾਈਕ ਜੀਟੀ ਰੋਡ ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਸਤਨਾਮ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਖੰਨਾ ’ਚ ਹੋਏ ਇਕ ਹਾਦਸੇ ’ਚ ਇਕ ਤੇਜ਼ ਰਫ਼ਤਾਰ ਟਰੱਕ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਸਾਈਕਲ ਸਵਾਰ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਜਸਵੀਰ ਸਿੰਘ, ਜੋ ਕਿ ਇੱਕ ਫੈਕਟਰੀ ’ਚ ਕੰਮ ਕਰਦਾ ਸੀ, ਕੱਲ੍ਹ ਸ਼ਾਮ ਡਿਊਟੀ ਤੋਂ ਛੁੱਟੀ ਲੈ ਕੇ ਆਪਣੀ ਏਵਨ ਸਾਈਕਲ ਤੇ ਘਰ ਵਾਪਸ ਆ ਰਿਹਾ ਸੀ। ਉਸੇ ਸਮੇਂ ਖੰਨਾ ਵੱਲੋਂ ਆ ਰਿਹਾ ਇਕ ਟਰੱਕ ਲਾਪਰਵਾਹੀ ਤੇ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ ਤੇ ਸੜਕ ਦੇ ਗਲਤ ਪਾਸੇ ਤੋਂ ਓਵਰਟੇਕ ਕਰ ਰਿਹਾ ਸੀ। ਟਰੱਕ ਡਰਾਈਵਰ ਨੇ ਪਿੱਛੇ ਤੋਂ ਆ ਕੇ ਆਪਣੇ ਪਿਤਾ ਦੀ ਸਾਈਕਲ ਨੂੰ ਬਹੁਤ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਜਸਵੀਰ ਸਿੰਘ ਸੜਕ ਤੇ ਡਿੱਗ ਪਿਆ ਤੇ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ਤੇ ਪੁਲਿਸ ਨੇ ਟਰੱਕ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।



