
ਤਰਨਤਾਰਨ, 20 ਜੂਨ : ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਵੱਲੋਂ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਹੈ। ਜਿਸ ਸਬੰਧੀ ਵੱਖ-ਵੱਖ ਥਾਣਿਆਂ ਵਿਚ ਪਤੀ-ਪਤਨੀ ਸਮੇਤ ਚਾਰ ਜਣਿਆਂ ਵਿਰੁੱਧ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਸਦਰ ਤਰਨਤਾਰਨ ਦੇ ਏਐੱਸਆਈ ਸੁਖਦੇਵ ਸਿੰਘ ਨੇ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰ ਕੇ ਪਿੰਡ ਤੇਜਾ ਸਿੰਘ ਵਾਲਾ ਕੋਟ ਜਸਪਤ ’ਚ ਛਾਪੇਮਾਰੀ ਕਰ ਕੇ ਇਕ ਘਰ ਵਿੱਚੋਂ 120 ਲੀਟਰ ਲਾਹਣ ਬਰਾਮਦ ਕੀਤੀ। ਪਰ ਇਸ ਦੌਰਾਨ ਘਰ ਵਾਲੇ ਗੁਰਸੇਵਕ ਸਿੰਘ ਅਤੇ ਉਸ ਦੀ ਪਤਨੀ ਰਮਨਦੀਪ ਕੌਰ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੀ ਥਾਣਾ ਸਿਟੀ ਤਰਨਤਾਰਨ ਦੇ ਏਐੱਸਆਈ ਸੁਖਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਨਵਜੋਤ ਸਿੰਘ ਹੀਰਾ ਵਾਸੀ ਤਰਨਤਾਰਨ ਨੂੰ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਗੰਦੇ ਨਾਲੇ ਕੋਲੋਂ ਗ੍ਰਿਫ਼ਤਾਰ ਕੀਤਾ। ਜਦੋਂਕਿ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਏਐੱਸਆਈ ਦਲਜੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਸੋਹਣ ਲਾਲ ਪੁੱਤਰ ਹੰਸ ਰਾਜ ਵਾਸੀ ਚੇਲਾ ਮੋੜ ਕਲੋਨੀ ਭਿੱਖੀਵਿੰਡ ਨੂੰ ਪਹਿਲਵਾਨਕੇ ਰੋਡ ਤੋਂ ਠੇਕੇ ਦੀ ਸ਼ਰਾਬ ਜੋ ਉਹ ਨਾਜਾਇਜ਼ ਤੌਰ ’ਤੇ ਵੇਚਦਾ ਹੈ, ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ 25 ਹਜ਼ਾਰ 710 ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।



