Punjab

ਸਜ਼ਾ ਭੁਗਤਣ ਤੋਂ ਬਾਅਦ ਗਿਆਨੀ ਗੁਰਮੁੱਖ ਸਿੰਘ ਮੁੜ ਬਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ, ਡੇਰਾ ਸਿਰਸਾ ਮੁਖੀ ਨੂੰ ਮਾ਼ਫੀ ਦੇਣ ਦਾ ਸੀ ਦੋਸ਼

ਅੰਮ੍ਰਿਤਸਰ, 21 ਜੂਨ : ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਧਾਰਮਿਕ ਸਜ਼ਾ ਨੂੰ ਭੁਗਤਣ ਤੋਂ ਬਾਅਦ ਗਿਆਨੀ ਗੁਰਮੁੱਖ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਦਾ ਚਾਰਜ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇਣ ਦੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਵੱਲੋਂ ਮਿਲੇ ਸਪੱਸ਼ਟੀਕਰਨ ਨੂੰ ਤਸੱਲੀਬਖਸ਼ ਨਾ ਮੰਨਦੇ ਹੋਏ ਪੰਜ ਸਿੰਘ ਸਾਹਿਬਾਨ ਨੇ ਆਪਣਾ ਹੁਕਮ ਸੁਣਾਇਆ ਸੀ, ਜਿਸ ਵਿਚ ਗਿਆਨੀ ਗੁਰਮੁਖ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੇ ਮੁੱਖ ਗ੍ਰੰਥੀ ਤੋਂ ਸੇਵਾਵਾਂ ਖਤਮ ਕਰਦਿਆਂ ਕਿਸੇ ਹੋਰ ਸਥਾਨ ਤੇ ਸ਼੍ਰੋਮਣੀ ਕਮੇਟੀ ਨੂੰ ਸੇਵਾਵਾਂ ਲੈਣ ਲਈ ਹੁਕਮਨਾਮਾ ਜਾਰੀ ਕੀਤਾ ਸੀ ਅਤੇ ਗਿਆਨੀ ਗੁਰਮੁੱਖ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਜਿਸ ਤਹਿਤ ਗਿਆਨੀ ਗੁਰਮੁੱਖ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਤੁਰੰਤ ਪ੍ਰਭਾਵ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਬਦਲ ਦਿੱਤਾ ਸੀ। ਉਪਰੰਤ 21 ਮਈ 2025 ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਗਿਆਨੀ ਗੁਰਮੁੱਖ ਸਿੰਘ ਨੂੰ ਧਾਰਮਿਕ ਸਜਾ ਸੁਣਾਈ ਗਈ। ਇਹ ਧਾਰਮਿਕ ਸਜ਼ਾ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗਿਆਨੀ ਗੁਰਮੁੱਖ ਸਿੰਘ ਨੂੰ ਪੇਸ਼ ਹੋ ਕੇ ਆਪਣੀ ਗਲਤੀ ਸਵਿਕਾਰ ਕਰਨ ਤੋਂ ਬਾਅਦ ਸੁਣਾਈ ਸੀ। ਜਿਸ ਵਿਚ ਗਿਆਨੀ ਗੁਰਮੁਖ ਸਿੰਘ ਨੂੰ 11 ਦਿਨਾਂ ਲਈ ਵੱਖ-ਵੱਖ ਸੇਵਾਵਾਂ ਨਿਭਾਉਣ ਸਬੰਧੀ ਸਜਾ ਸੁਣਾਈ ਗਈ ਸੀ। ਇਹ ਸਜਾ ਨੂੰ ਮੁਕੰਮਲ ਕਰਨ ਉਪਰੰਤ ਜਿੱਥੇ ਗਿਆਨੀ ਗੁਰਮੁੱਖ ਸਿੰਘ ਨੇ ਆਪਣੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪੀ। ਉਸ ਉਪਰੰਤ ਸ਼ਨਿਚਰਵਾਰ ਵਾਰ ਨੂੰ ਗਿਆਨੀ ਗੁਰਮੁਖ ਸਿੰਘ ਨੇ ਮੁੜ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਦਾ ਚਾਰਜ ਸੰਭਾਲ ਲਿਆ ਹੈ। ਇੱਥੇ ਵੀ ਦੱਸਣਯੋਗ ਹੈ ਕਿ ਸਤੰਬਰ 2015 ਵਿਚ ਜਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ ਸੀ ਤਾਂ ਉਸ ਸਮੇਂ ਪੰਜ ਸਿੰਘ ਸਾਹਿਬਾਨ ਵਿੱਚ ਗਿਆਨੀ ਗੁਰਮੁੱਖ ਸਿੰਘ ਬਤੌਰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸ਼ਾਮਿਲ ਹੋਏ ਸਨ। ਉਸ ਸਮੇਂ ਗਿਆਨੀ ਗੁਰਮੁਖ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਵੀ ਸਨ।

Related Articles

Leave a Reply

Your email address will not be published. Required fields are marked *

Back to top button