ਸਰਕਾਰੀ ਸਕੂਲਾਂ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ ਪੰਜਾਬ ਸਰਕਾਰ – ਵਿਧਾਇਕ ਭੁੱਲਰ
ਵਿਧਾਇਕ ਨੇ ਹਲਕੇ ਵੱਖ-ਵੱਖ ਵਿਕਾਸ ਕੰਮਾਂ ਦੇ ਕੀਤੇ ਉਦਘਾਟਨ

ਜਸਵਿੰਦਰ ਸਿੰਘ ਸੰਧੂ/ਬਾਲ ਕਿਸ਼ਨ
ਫ਼ਿਰੋਜ਼ਪੁਰ, 28 ਮਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਰਾਹੀਂ ਸਰਕਾਰੀ ਸਕੂਲਾਂ ਵਿਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਖੇਡਾਂ ਵਿਚ ਸਰਬੋਤਮ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ਆਪਣੇ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਖਿਲਚੀ ਕਦੀਮ, ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਲੋਨੀ, ਸਰਕਾਰੀ ਪ੍ਰਾਇਮਰੀ /ਮਿਡਲ ਸਕੂਲ ਪੁਲਿਸ ਲਾਈਨ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਦੇ ਉਦਘਾਟਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਕੀਤਾ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੈਡਮ ਸੁਮਨਦੀਪ ਕੌਰ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਪੜ੍ਹਾਈ ਅਤੇ ਖੇਡਾਂ ਲਈ ਜਰੂਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਸਮੇਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਸਿੱਖਿਆ ਮਾਡਲ ਸੂਬੇ ਵਿੱਚ ਬਣਾਇਆ ਹੈ, ਉਸ ਤੋਂ ਹੋਰ ਸੂਬੇ ਵੀ ਸੇਧ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ‘ਚ ਸਿਖਲਾਈ, ਨਵੇਂ ਸਕੂਲ ਆਫ਼ ਐਮੀਨੈਂਸ, ਕਿੱਤਾਮੁਖੀ ਸਿੱਖਿਆ ਅਤੇ ਅਧਿਆਪਕਾਂ ਦੀ ਭਰਤੀ ਕੀਤੀ ਗਈ, ਜਿਸ ਨਾਲ ਸਕੂਲਾਂ ‘ਚ ਸੁਰੱਖਿਆ ਤੇ ਸਿੱਖਿਆ ਦਾ ਵਾਤਵਰਣ ਬਣਿਆ ਹੈ ਅਤੇ ਬੱਚੇ ਸਿੱਖਿਆ ਸਮੇਤ ਹੋਰ ਸਹਿ ਵਿੱਦਿਅਕ ਖੇਤਰਾਂ ‘ਚ ਮੱਲਾਂ ਮਾਰ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਕਰਾਏ ਗਏ ਇਹਨਾਂ ਵਿਕਾਸ ਕਾਰਜਾਂ ਅਤੇ ਸੁਧਾਰਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਸੰਖਿਆ ਵਿੱਚ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭਰਤੀ ਕਰਾ ਰਹੇ ਹਨ। ਉਹਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਹ ਸੁਧਾਰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਸ਼ਹਿਰੀ, ਸੁਰਿੰਦਰ ਸਿੰਘ ਗਿੱਲ, ਬਲਕਾਰ ਸਿੰਘ ਗਿੱਲ, ਹਰਦੀਪ ਸਿੰਘ ਤੂਰ ਸੀ.ਐੱਚ.ਟੀ, ਸੀ.ਐੱਚ.ਟੀ. ਰਾਜੇਸ਼ ਕੁਮਾਰ, ਸੀ.ਐੱਚ.ਟੀ. ਗੁਰਬਚਨ ਸਿੰਘ ਭੁੱਲਰ, ਸੁਧੀਰ ਕੁਮਾਰ,ਮੈਡਮ ਸ਼ਮਾਂ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।



