Punjab

ਸਰਕਾਰ ਦੀ ਜ਼ਿੱਦ ਕਾਰਨ ਪਵਿੱਤਰ ਸ਼ਹਾਦਤ ਦੀ ਭਾਵਨਾ ਨੂੰ ਸੱਟ ਵੱਜੀ, ਧਾਮੀ ਨੇ ਭਾਸ਼ਾ ਵਿਭਾਗ ਦੇ ਸਮਾਗਮ ‘ਚ ਮਰਿਯਾਦਾ ਦੀ ਉਲੰਘਣਾ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 27 ਜੁਲਾਈ : ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਮਰਿਆਦਾ ਦੀ ਹੋਈ ਉਲੰਘਣਾ ਨੇ ਸਿੱਖ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਧਾਰਮਿਕ ਖੇਤਰ ਤੇ ਮਰਿਆਦਾ ਪ੍ਰਤੀ ਪਕੜ ਨਾ ਹੋਣ ਕਾਰਨ ਅਤੇ ਜ਼ਿੱਦ ਨਾਲ ਰੱਖੇ ਸਮਾਗਮਾਂ ਕਾਰਨ ਗੁਰੂ ਸਾਹਿਬ ਦੀ ਪਵਿੱਤਰ ਸ਼ਹਾਦਤ ਦੀ ਭਾਵਨਾ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਧਾਰਮਿਕ ਸਮਾਗਮਾਂ ’ਚ ਅਵੱਗਿਆ ਹੋ ਸਕਦੀ ਹੈ, ਇਸੇ ਲਈ ਸ਼੍ਰੋਮਣੀ ਕਮੇਟੀ ਨੇ ਸਰਕਾਰ ਵੱਲੋਂ ਐਲਾਨੇ ਪ੍ਰੋਗਰਾਮ ਪ੍ਰਤੀ ਖਦਸ਼ਾ ਪ੍ਰਗਟਾਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਰਕਾਰ ਵੱਲੋਂ ਸ੍ਰੀਨਗਰ ਵਿਖੇ ਕਰਵਾਏ ਸਮਾਗਮ ’ਚ ਮਰਿਆਦਾ ਦੀ ਹੋਈ ਉਲੰਘਣਾ ਨੂੰ ਲੈ ਕੇ ਸੰਗਤਾਂ ਵੱਲੋਂ ਬਹੁਤ ਸਾਰੀਆਂ ਸ਼ਿਕਾਇਤਾਂ ਪੁੱਜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੀ ਪ੍ਰਬੰਧਕ ਸਪੱਸ਼ਟ ਕਰਨਗੇ ਕਿ ਗੁਰੂ ਸਾਹਿਬ ਦੇ ਉਪਦੇਸ਼ਾਂ ਵਿਰੁੱਧ ਹੋਏ ਇਸ ਸਮਾਗਮ ਦਾ ਆਉਣ ਵਾਲੀਆਂ ਪੀੜ੍ਹੀਆਂ ’ਤੇ ਕੀ ਪ੍ਰਭਾਵ ਪਵੇਗਾ? ਉਨ੍ਹਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਿੱਧਾ ਸਵਾਲ ਕਰਦਿਆ ਕਿਹਾ ਕਿ ਉਸ ਦਿਨ ਸਰਕਾਰ ਤੌਰ ’ਤੇ ਸਮਾਗਮਾਂ ਦਾ ਐਲਾਨ ਵੀ ਇਨ੍ਹਾਂ ਵੱਲੋਂ ਕੀਤਾ ਗਿਆ ਸੀ, ਜਿਸ ’ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਕੀਤਾ ਸੀ। ਪ੍ਰਧਾਨ ਧਾਮੀ ਨੇ ਕਿਹਾ ਕਿ ਅਸੀਂ ਅੱਜ ਵੀ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮਾਂ ਨੂੰ ਵਕਾਰ ਦਾ ਸਵਾਲ ਨਾ ਬਣਾਓ। ਸ਼੍ਰੋਮਣੀ ਕਮੇਟੀ ਸਾਰਿਆਂ ਨੂੰ ਸਮਾਗਮਾਂ ਵਿੱਚ ਸਮੂਲੀਅਤ ਲਈ ਅਪੀਲ ਕਰਦੀ ਹੈ ਅਤੇ ਇਸ ਲਈ ਬਕਾਇਦਾ ਸੱਦੇ ਵੀ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਸ਼ਤਾਬਦੀ ਨੂੰ ਸਮਰਪਿਤ ਸਦੀਵੀਂ ਯਾਦਗਾਰਾਂ ਬਣਾਉਂਣ ਵੱਲ ਧਿਆਨ ਦੇਵੇ ਅਤੇ ਧਾਰਮਿਕ ਤੌਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮਾਂ ਵਿਚ ਸਹਿਯੋਗ ਕਰੇ। ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੰਘੇ ਦਿਨੀਂ ਅਧੂਰੀ ਜਾਣਕਾਰੀ ਦੀ ਕੀਤੀ ਟਿੱਪਣੀ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਹੁਣ ਮੁੱਖ ਮੰਤਰੀ ਆਪਣੀ ਸਰਕਾਰ ਬਾਰੇ ਕੀ ਵਿਚਾਰ ਰੱਖਦੇ ਹਨ, ਇਹ ਵੀ ਸੰਗਤਾਂ ਨੂੰ ਦੱਸਣਗੇ। ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਹਰਜਤਿੰਦਰ ਸਿੰਘ, ਓਐਸਡੀ ਸਤਬੀਰ ਸਿੰਘ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button