ਸ਼ਰਾਬ ਮਾਫੀਆ ਨੂੰ ਰੋਕਣ ’ਚ ਆਪ ਸਰਕਾਰ ਅਸਫਲ ਰਹੀ, ਭਾਜਪਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਨੋਟਿਸ ਲੈਣ ਦੀ ਅਪੀਲ

ਚੰਡੀਗੜ੍ਹ, 25 ਮਈ-ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਧਾਨ ਸੁੱਚਾ ਰਾਮ ਲੱਧੜ ਅਤੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਸੂਬਾ ਸਰਕਾਰ ’ਤੇ ਸ਼ਰਾਬ ਮਾਫ਼ੀਆ ਨੂੰ ਰੋਕਣ ਵਿਚ ਫੇਲ੍ਹ ਹੋਣ ਦਾ ਦੋਸ਼ ਲਾਇਆ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਮਜੀਠਾ ਵਿਚ ਨਕਲੀ ਸ਼ਰਾਬ ਪੀਣ ਨਾਲ ਮਰਨ ਵਾਲੇ 27 ਲੋਕਾਂ ਵਿੱਚੋਂ 16 ਦਲਿਤ ਸਨ। ਇਸ ਲਈ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਘਟਨਾ ਦਾ ਨੋਟਿਸ ਲੈਣਾ ਚਾਹੀਦਾ ਹੈ। ਆਗੂਆਂ ਨੇ ਆਪ ਸਰਕਾਰ ’ਤੇ ਦਲਿਤ ਵਿਰੋਧੀ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਅੱਤਿਆਚਾਰ ਰੋਕਥਾਮ ਐਕਟ 1989 ਦੇ ਤਹਿਤ ਕੋਈ ਮਾਮਲਾ ਦਰਜ ਨਹੀਂ ਕੀਤਾ ਹੈ ਜੋ ਰਾਜਨੀਤਿਕ ਸਰਪ੍ਰਸਤੀ ਪ੍ਰਾਪਤ ਕਰਨ ਵਾਲੇ ਲੋਕਾਂ ਵਿਰੁੱਧ ਅਪਰਾਧ ਕਰਦੇ ਹਨ।ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਕੈਂਥ ਨੇ ਕਿਹਾ ਕਿ ਪਿਛਲੇ ਸਾਲ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਸੰਗਰੂਰ ’ਚ 20 ਲੋਕਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਘਟਨਾ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਈ ਸੀ, ਪਰ ਅਸਲ ਦੋਸ਼ੀਆਂ ਨੂੰ ਅਜੇ ਤੱਕ ਨਹੀਂ ਫੜਿਆ ਗਿਆ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਰਿਪੋਰਟ ਜਨਤਕ ਕੀਤੀ ਜਾਣੀ ਚਾਹੀਦੀ ਹੈ। ਭਾਜਪਾ ਆਗੂਆਂ ਨੇ ਕਿਹਾ ਕਿ 2020 ਵਿਚ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਨਕਲੀ ਸ਼ਰਾਬ ਪੀਣ ਨਾਲ 121 ਲੋਕਾਂ ਦੀ ਮੌਤ ਹੋ ਗਈ ਸੀ। ਇਹ ਵਰਤਾਰਾ ਵਾਰ ਵਾਰ ਵਾਪਰਦਾ ਹੈ, ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।



