
ਜਲੰਧਰ, 5 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਤਹਿਸੀਲ ਸ਼ਾਹਕੋਟ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਨੂੰ 2000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੇ ਇਕ ਵਿਅਕਤੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਸਦੇ ਪਰਿਵਾਰਕ ਮੈਂਬਰ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਦੇ ਬਦਲੇ ਉਸ ਤੋਂ 6,000 ਰੁਪਏ ਰਿਸ਼ਵਤ ਮੰਗੀ ਸੀ ਪਰ 2000 ਰੁਪਏ ਰਿਸ਼ਵਤ ਵਸੂਲੀ ਗਈ ਸੀ। ਤਸਦੀਕ ਦੌਰਾਨ ਇਹ ਪਾਇਆ ਗਿਆ ਕਿ ਉਕਤ ਕਾਨੂਗੋ ਨੇ ਇਸ ਮਕਸਦ ਲਈ 6000 ਰੁਪਏ ਰਿਸ਼ਵਤ ਦੀ ਮੰਗੀ ਸੀ ਤੇ ਉਸ ਨੇ 2000 ਰੁਪਏ ਹਾਸਲ ਕੀਤੇ ਸਨ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਸ਼ਿਕਾਇਤ ’ਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਜਾਂਚ ਦੇ ਆਧਾਰ ‘ਤੇ ਮੁਲਜ਼ਮ ਕਾਨੂਗੋ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।



