
ਅੰਮ੍ਰਿਤਸਰ, 12 ਅਪਰੈਲ-ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਇਜਲਾਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੂੰਦਰੀ ਹਾਲ ਵਿਖੇ ਹੋ ਰਿਹਾ ਹੈ। ਤਕਰੀਬਨ 500 ਡੈਲੀਗੇਟ ਇਸ ਇਜਲਾਸ ਵਿਚ ਭਾਗ ਲੈ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਇਹ ਜਰਨਲ ਇਜਲਾਸ ਰੱਖਿਆ ਗਿਆ ਹੈ। 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਹੁਕਮਨਾਮੇ ਤੋਂ ਬਾਅਦ ਜਿਥੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕੀਤਾ ਸੀ, ਉਥੇ ਹੀ ਨਵੀਂ ਭਰਤੀ ‘ਤੇ ਡੈਲੀਗੇਟ ਬਣਾ ਕੇ ਨਵੇਂ ਪ੍ਰਧਾਨ ਦੀ ਚੋਣ ਵੀ ਜਲਦ ਕਰਾਉਣ ਦਾ ਐਲਾਣ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਬਾਹਰੀ ਸੂਬਿਆਂ ਵਿਚ ਵੱਡੀ ਗਿਣਤੀ ਵਿਚ ਵਰਕਰ ਜੋੜਣ ਦਾ ਦਾਅਵਾ ਕਰਦਿਆਂ ਅਤੇ ਸਾਰੀ ਚੋਣ ਪ੍ਰਕਿਰਆ ਪੂਰੀ ਕਰਨ ਤੋਂ ਬਾਅਦ ਇਹ ਇਜਲਾਸ ਰੱਖਿਆ ਹੈ। ਭਾਵੇਂ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਆਗੂ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ 7 ਮੈਂਬਰੀ ਭਰਤੀ ਨਿਗਰਾਨ ਕਮੇਟੀ ਦੇ ਪੰਜ ਮੈਂਬਰਾਂ ਦੀ ਅਗਵਾਈ ਵਿਚ 18 ਮਾਰਚ ਤੋਂ ਵੱਖਰੀ ਭਰਤੀ ਸ਼ੁਰੂ ਕਰਕੇ ਲਗਾਤਾਰ ਭਰਤੀ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਸ ਇਜਲਾਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 2 ਦਸੰਬਰ ਦੇ ਹੁਕਮਨਾਮੇ ਮੁਤਾਬਿਕ ਗਲਤ ਕਹਿ ਰਹੇ ਹਨ। ਪਰ ਅਕਾਲੀ ਦਲ ਇਹ ਸਾਰੀ ਪ੍ਰਕਿਰਆ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਕਰਦਾ ਹੋਇਆ ਪ੍ਰਧਾਨ ਦੀ ਚੋਣ ਕਰਵਾਉਣ ਜਾ ਰਿਹਾ ਹੈ। ਡੈਲੀਗੇਟਾਂ ਵੱਲੋਂ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਇਜਲਾਸ ਵਿਚ ਸ਼ਾਮਲ ਹੋਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ । ਅਕਾਲੀ ਦਲ ਦੇ ਜਨਰਲ ਇਜਲਾਸ ਵਿੱਚ ਸੁਖਬੀਰ ਸਿੰਘ ਬਾਦਲ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਪਰਮਜੀਤ ਸਿੰਘ ਸਰਨਾ, ਡਾਕਟਰ ਦਲਜੀਤ ਸਿੰਘ ਚੀਮਾ ਆਦਿ ਪਹੁੰਚ ਚੁੱਕੇ ਹਨ।



