
ਅੰਮ੍ਰਿਤਸਰ, 10 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਹੋਣ ਵਾਲੀ ਇਸ ਇਕੱਤਰਤਾ ਬਾਰੇ ਭਾਵੇਂ ਪਿਛਲੇ ਦਿਨੀਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵਲੋਂ ਇਹ ਸੂਚਨਾ ਦਿੱਤੀ ਗਈ ਸੀ ਕਿ ਇਸ ਵਿਚ ਸ਼੍ਰੋਮਣੀ ਕਮੇਟੀ ਦੇ ਟਰੱਸਟ, ਗੁਰਦੁਆਰਿਆਂ ਅਤੇ ਹੋਰ ਪੰਥਕ ਮਾਮਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ ਪਰ ਸਮਝਿਆ ਜਾਂਦਾ ਹੈ ਕਿ ਅੱਜ ਦੀ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਪਿਛਲੇ ਸਮੇਂ ਵਿਚ ਉਨ੍ਹਾਂ ਦੇ ਇਕ ਰਿਸ਼ਤੇਦਾਰ ਵਲੋਂ ਲਗਾਏ ਗਏ ਦੋਸ਼ਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵਲੋਂ ਆਪਣੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਸੌਂਪੀ ਜਾ ਸਕਦੀ ਹੈ। ਜਥੇਦਾਰ ਹਰਪ੍ਰੀਤ ਸਿੰਘ ਪਹਿਲਾਂ ਹੀ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਚੁੱਕੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਾਲ 2025-2026 ਦੇ ਮਾਰਚ ਮਹੀਨੇ ਦੌਰਾਨ ਹੋਣ ਵਾਲੇ ਸਲਾਨਾ ਬਜਟ ਇਜਲਾਸ ਦੀ ਤਾਰੀਖ਼ ਤੈਅ ਕਰਨ ਬਾਰੇ ਵੀ ਅੱਜ ਦੀ ਇਕੱਤਰਤਾ ਦੌਰਾਨ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ।



