Punjab

ਸ਼ੱਕੀ ਹਾਲਾਤਾਂ ’ਚ ਵਿਆਹੁਤਾ ਔਰਤ ਦੀ ਮੌਤ, 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਬਠਿੰਡਾ, 10 ਜੂਨ : ਜ਼ਿਲ੍ਹੇ ਦੇ ਪਿੰਡ ਬੰਬੀਹਾ ਵਿਚ ਇਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਉਨ੍ਹਾਂ ਦੀ ਧੀ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਹੈ। ਜਿਸ ਕਾਰਨ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ਤੇ ਥਾਣਾ ਨੰਦਗੜ੍ਹ ਪੁਲਿਸ ਨੇ ਮੁਲਜਮ ਪਤੀ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਗਗਨਦੀਪ ਸਿੰਘ ਵਾਸੀ ਪਿੰਡ ਦੋਦਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਸਦੀ 31 ਸਾਲਾਂ ਭੈਣ ਕਿਰਨਦੀਪ ਕੌਰ ਦਾ ਵਿਆਹ ਦੋਸ਼ੀ ਮਨਪ੍ਰੀਤ ਸਿੰਘ ਵਾਸੀ ਪਿੰਡ ਬੰਬੀਹਾ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸਦੀ ਭੈਣ ਬੱਚਾ ਪੈਦਾ ਨਹੀਂ ਕਰ ਸਕੀ, ਜਿਸ ਕਾਰਨ ਉਸਦਾ ਪਤੀ ਉਸਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਸ਼ਿਕਾਇਤਕਰਤਾ ਗਗਨਦੀਪ ਸਿੰਘ ਦੇ ਅਨੁਸਾਰ 8 ਜੂਨ ਨੂੰ ਉਸ ਨੂੰ ਦੋਸ਼ੀ ਮਨਪ੍ਰੀਤ ਸਿੰਘ ਦੇ ਤਾਇਆ ਗੁਰਚਰਨ ਸਿੰਘ ਦਾ ਫੋਨ ਆਇਆ ਕਿ ਕਿਰਨਦੀਪ ਕੌਰ ਦੀ ਸਿਹਤ ਵਿਗੜ ਗਈ ਹੈ ਅਤੇ ਉਸਨੂੰ ਇਲਾਜ ਲਈ ਗਿੱਦੜਬਾਹਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਫੋਨ ਆਉਣ ਤੋਂ ਬਾਅਦ ਉਹ ਤੁਰੰਤ ਹਸਪਤਾਲ ਪਹੁੰਚ ਗਿਆ। ਉੱਥੇ ਪਹੁੰਚਣ ਤੋਂ ਬਾਅਦ, ਡਾਕਟਰਾਂ ਨੇ ਉਸਦੀ ਭੈਣ ਕਿਰਨਦੀਪ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਿਕਾਇਤਕਰਤਾ ਨੇ ਸ਼ੱਕ ਪ੍ਰਗਟ ਕੀਤਾ ਕਿ ਉਸਦੀ ਭੈਣ ਦੀ ਮੌਤ ਕੋਈ ਜ਼ਹਿਰੀਲੀ ਚੀਜ਼ ਖਾਣ ਨਾਲ ਜਾਂ ਗਲਾ ਘੁੱਟ ਕੇ ਹੋਈ ਹੈ। ਮ੍ਰਿਤਕ ਦੇ ਭਰਾ ਦੇ ਬਿਆਨ ਦੇ ਆਧਾਰ ਤੇ, ਪੁਲਿਸ ਨੇ ਦੋਸ਼ੀ ਪਤੀ ਮਨਪ੍ਰੀਤ ਸਿੰਘ ਅਤੇ ਉਸਦੇ ਪਿਤਾ ਬਲਕਰਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਮੁਲਜਮ ਬਲਕਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਮਨਪ੍ਰੀਤ ਸਿੰਘ ਨੂੰ ਹਾਲੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button