Punjab

ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਰਾਮਬਾਗ ਬਿਰਧ ਸੇਵਾ ਆਸ਼ਰਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਤੇ ਮੈਗਾ ਕੈਂਪ ਆਯੋਜਿਤ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ

ਫ਼ਿਰੋਜ਼ਪੁਰ, 5 ਫਰਵਰੀ 2026 : ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ, ਦੇਖਭਾਲ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਉਦੇਸ਼ ਨਾਲ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਅੱਜ ਰਾਮਬਾਗ ਬਿਰਧ ਸੇਵਾ ਆਸ਼ਰਮ, ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਮੈਗਾ ਕੈਂਪ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਮੈਡਮ ਲਿੰਦਿਆ (ਆਈ.ਏ.ਐਸ.) ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਮਾਗਮ ਦੀ ਸ਼ੁਰੂਆਤ ਵੈਦਿਕ ਮੰਤਰਾਂ ਅਤੇ ਸ਼ਮਾ ਰੌਸ਼ਨ ਨਾਲ ਕੀਤੀ ਗਈ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗ ਸਾਡੀ ਸਮਾਜਿਕ ਵਿਰਾਸਤ ਹਨ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਅਤੇ ਸਮਾਜ ਵਿੱਚ ਬਜ਼ੁਰਗਾਂ ਦੀ ਅਹਿਮੀਅਤ ਅਤੇ ਨੈਤਿਕ ਕਦਰਾਂ ਕੀਮਤਾਂ ’ਤੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਇਸ ਮੈਗਾ ਕੈਂਪ ਦੌਰਾਨ ਜ਼ਿਲ੍ਹੇ ਦੇ ਸੀਨੀਅਰ ਸਿਟੀਜਨਾਂ ਨੂੰ ਬਜ਼ੁਰਗਾਂ ਦੀ ਸਿਹਤ ਜਾਂਚ, ਈ.ਐਨ.ਟੀ. ਚੈਕਅੱਪ, ਅੱਖਾਂ ਦੀ ਜਾਂਚ, ਕੈਂਸਰ ਸਕ੍ਰੀਨਿੰਗ, ਆਰਥੋਪੈਡਿਕ ਚੈਕਅੱਪ ਆਦਿ ਸਿਹਤ ਸੇਵਾਵਾਂ, ਬੁਢਾਪਾ ਪੈਨਸ਼ਨ ਲਈ ਰਜਿਸਟ੍ਰੇਸ਼ਨ, ਸੀਨੀਅਰ ਸਿਟੀਜਨ ਕਾਰਡ ਅਤੇ ਰਿਟਾਇਰਡ ਪੈਨਸ਼ਨਰਜ਼ ਦੀ ਕੇਵਾਈਸੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਸ ਕੈਂਪ ਦੌਰਾਨ ਨਟਰਾਜ ਰੰਗ ਮੰਚ ਕੋਟਕਪੂਰਾ ਵੱਲੋਂ ਨੁੱਕੜ ਨਾਟਕ ਰਾਹੀਂ ਬਜ਼ੁਰਗਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਐਡਵੋਕੇਟ ਅਮਿਤੋਜ ਨੇ ਬਜ਼ੁਰਗਾਂ ਨੂੰ ਵੱਖ-ਵੱਖ ਐਕਟਾਂ ਅਤੇ ਕਾਨੂੰਨਾਂ ਬਾਰੇ ਜ਼ਰੂਰੀ ਜਾਣਕਾਰੀ ਕੀਤੀ। ਇਸ ਮੌਕੇ ਬਜ਼ੁਰਗਾਂ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਵਿਧਾਇਕ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਲੋਕ ਨਾਚ ਗਿੱਧੇ ਨਾਲ ਹੋਈ। ਸਮਾਗਮ ਉਪਰੰਤ ਵਿਧਾਇਕ ਅਤੇ ਐਸ.ਡੀ.ਐਮ. ਵੱਲੋਂ ਬਜ਼ੁਰਗਾਂ ਨੂੰ ਪੈਨਸ਼ਨ ਮੰਜ਼ੂਰੀ ਪੱਤਰ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕੰਵਲਜੀਤ ਸਿੰਘ, ਹਿਮਾਂਸ਼ੂ ਠੱਕਰ, ਹਰੀਸ਼ ਮੋਂਗਾ, ਪੀ.ਡੀ. ਸ਼ਰਮਾ, ਹਰੀਸ਼ ਗੋਇਲ, ਸਰਬਜੀਤ ਸਿੰਘ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਬਜ਼ੁਰਗ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button