
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 3 ਅਗਸਤ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਮੁਸੇਵਾਲਾ ਹੱਤਿਆ ਕਾਂਡ ਮਾਮਲੇ ਦੇ ਸੱਤ ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਜਦ ਤੱਕ ਚਸ਼ਮਦੀਦ ਗਵਾਹਾਂ ਦੀ ਗਵਾਹੀ ਪੂਰੀ ਨਹੀਂ ਹੁੰਦੀ, ਤਦ ਤੱਕ ਜ਼ਮਾਨਤ ’ਤੇ ਵਿਚਾਰ ਨਹੀਂ ਕੀਤਾ ਜਾ ਸਕਦਾ। ਪ੍ਰਭਦੀਪ ਸਿੰਘ, ਜਗਤਾਰ ਸਿੰਘ, ਮਨਪ੍ਰੀਤ ਸਿੰਘ, ਨਸੀਬ ਦੀਨ, ਰਾਜਿੰਦਰ, ਪਵਨ ਕੁਮਾਰ ਬਿਸ਼ਨੋਈ ਅਤੇ ਸਰਾਜ ਸਿੰਘ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕਰਦਿਆਂ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਸੀ। ਪਟੀਸ਼ਨਕਰਤਾਵਾਂ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਹ ਦੋ ਸਾਲਾਂ ਤੋਂ ਹਿਰਾਸਤ ਵਿਚ ਹਨ ਅਤੇ ਟ੍ਰਾਇਲ ਦੀ ਰਫ਼ਤਾਰ ਬਹੁਤ ਹੌਲੀ ਹੈ। ਪੰਜਾਬ ਸਰਕਾਰ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਕੁੱਲ 180 ਗਵਾਹ ਹਨ, ਜਿਨ੍ਹਾਂ ਵਿੱਚੋਂ ਤਿੰਨ ਚਸ਼ਮਦੀਦ ਹਨ। ਹੁਣ ਤੱਕ ਸਿਰਫ ਇਕ ਗਵਾਹੀ ਹੋਈ ਹੈ। ਕੋਰਟ ਨੇ ਮੰਨਿਆ ਕਿ ਅਪਰਾਧ ਦੀ ਗੰਭੀਰਤਾ ਨੂੰ ਦੇਖਦਿਆਂ ਗਵਾਹਾਂ ਦੀ ਸੁਰੱਖਿਆ ਅਤੇ ਨਿਆਂਪ੍ਰਣਾਲੀ ਦੀ ਨਿਰਪੱਖਤਾ ਨੂੰ ਪਹਿਲਾਂ ਰੱਖਣਾ ਜ਼ਰੂਰੀ ਹੈ। ਇਸ ਲਈ ਅਦਾਲਤ ਨੇ ਸਾਫ ਕੀਤਾ ਕਿ ਜਦ ਤੱਕ ਸਾਰੇ ਚਸ਼ਮਦੀਦ ਗਵਾਹਾਂ ਦੀ ਗਵਾਹੀ ਪੂਰੀ ਨਹੀਂ ਹੁੰਦੀ, ਤਦ ਤੱਕ ਨਿਯਮਤ ਜ਼ਮਾਨਤ ਪਟੀਸ਼ਨਾਂ ’ਤੇ ਵਿਚਾਰ ਨਹੀਂ ਕੀਤਾ ਜਾ ਸਕਦਾ।



