
ਫਿਰੋਜ਼ਪੁਰ, 28 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਲਈ ਸ਼ੁਰੂ ਕੀਤੀ ਗਈ ਸੀਐੱਮ ਦੀ ਯੋਗਸ਼ਾਲਾ ਤਹਿਤ ਜ਼ਿਲਾ ਫ਼ਿਰੋਜ਼ਪੁਰ ਵਿੱਚ ਮੁਫ਼ਤ ਯੋਗਾ ਦੀਆਂ 75 ਕਲਾਸਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਲੋਕਾਂ ਨੂੰ ਯੋਗਾ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਐੱਸਡੀਐੱਮ ਜ਼ੀਰਾ ਗੁਰਮੀਤ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਗ ਕਲਾਸਾਂ ਨੂੰ ਜ਼ਿਲ੍ਹੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਤੰਦਰੁਸਤ ਰਹਿਣ ਲਈ ਰੋਜ਼ ਯੋਗਾ ਕਰਨਾ ਚਾਹੀਦਾ ਹੈ। ਯੋਗ ਕਰਨ ਵਾਲਾ ਮਨੁੱਖ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਦਰੁਸਤ ਰਹਿੰਦਾ ਹੈ ਅਤੇ ਸਾਰਾ ਦਿਨ ਖੁਦ ਨੂੰ ਤਰੋਤਾਜ਼ਾ ਮਹਿਸੂਸ ਕਰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਯੋਗਾ ਨਾਲ ਕਈ ਬਿਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਮੁਫਤ ਯੋਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਜ਼ਿਲ੍ਹਾ ਕੋਆਰਡੀਨੇਟ ਅਮਨਪ੍ਰੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਛੇ ਬਲਾਕਾਂ ਵਿੱਚ ਕੁੱਲ 75 ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਯੋਗ ਕਲਾਸਾਂ ਵਿੱਚ 2600 ਦੇ ਕਰੀਬ ਸਿੱਖਿਆਰਥੀ ਰਜਿਸਟਰਡ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 15 ਟ੍ਰੇਨਰ ਲੋਕਾਂ ਨੂੰ ਰੋਜ਼ਾਨਾ ਸਵੇਰੇ ਅਤੇ ਸ਼ਾਮ ਕਲਾਸਾਂ ਲਗਾ ਕੇ ਯੋਗਾ ਦੀ ਸਿਖਲਾਈ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਯੋਗਾ ਕਲਾਸਾਂ ਦਾ ਲਾਹਾ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਨ੍ਹਾਂ ਯੋਗ ਕਲਾਸਾਂ ਲਈ ਟੌਲ ਫਰੀ ਨੰਬਰ 76694-00500 ਮੋਬਾਈਲ ਨੰਬਰ ’ਤੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।



